ਮੀਆਂਵਿੰਡ, 5 ਸਤੰਬਰ (ਗੁਰਪ੍ਰਤਾਪ ਸਿੰਘ ਸੰਧੂ)-ਬੀਤੇ ਕੱਲ੍ਹ ਹੜ੍ਹਾਂ ਦੀ ਮਾਰ ਹੇਠ ਆਏ ਪਿੰਡਾਂ ਦਾ ਜਾਇਜ਼ਾ ਲੈਣ ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ ਜ਼ਿਲ੍ਹਾ ਅੰਮਿ੍ਤਸਰ ਦੇ ਪਿੰਡਾਂ ਵਿਚ ਪਹੁੰਚੇ, ਜਿੱਥੇ ਭਾਜਪਾ ਵਲੋਂ ਨਿਯੁਕਤ ਕੀਤੇ ਗਏ ਇੰਚਾਰਜ ਸਾਬਕਾ ਚੀਫ਼ ਪਾਰਲੀਮਾਨੀ ਸਕੱਤਰ ਮਨਜੀਤ ਸਿੰਘ ਮੰਨਾ ਵਲੋਂ ਕੇਂਦਰੀ ਮੰਤਰੀ ਚੌਹਾਨ, ਸੂਬਾ ਪ੍ਰਧਾਨ ਸੁਨੀਲ ਕੁਮਾਰ ਜਾਖੜ, ਜਰਨਲ ਸਕੱਤਰ ਤਰੁਣ ਚੁੱਘ ਆਦਿ ਨੂੰ ਹੜ੍ਹਾਂ ਨਾਲ ਹੋਏ ਨੁਕਸਾਨ ਦੀ ਸਥਿਤੀ ਤੋਂਾ ਜਾਣੂ ਕਰਵਾਇਆ ਅਤੇ ਕਿਸਾਨਾਂ ਦੇ ਹੋਏ ਨੁਕਸਾਨ ਦੀ ਭਰਪਾਈ ਕਰਨ ਲਈ ਮੁਆਵਜ਼ਾ ਦੇਣ ਦੀ ਮੰਗ ਕੀਤੀ | ਜਾਣਕਾਰੀ ਦਿੰਦਿਆਂ ਮਨਜੀਤ ਸਿੰਘ ਮੰਨਾ ਨੇ ਦੱਸਿਆ ਕਿ ਉਨ੍ਹਾਂ ਵਲੋਂ ਪਾਰਟੀ ਹਾਈਕਮਾਨ ਨੂੰ ਹੜ੍ਹਾਂ ਦੀ ਸਥਿਤੀ ਤੋਂਾ ਜਾਣੂ ਕਰਵਾਇਆ ਗਿਆ ਸੀ ਤੇ ਪਾਰਟੀ ਵਲੋਂ ਜਲਦ ਇੱਥੇ ਪਹੁੰਚ ਕੇ ਕਿਸਾਨਾਂ ਦਾ ਹਾਲ ਜਾਨਣ ਦੀ ਗੱਲ ਕਹੀ | ਉਨ੍ਹਾਂ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹੜ੍ਹਾਂ ਨਾਲ ਕਿਸਾਨਾਂ ਦੇ ਨੁਕਸਾਨ ਤੋਂ ਬਹੁਤ ਚਿੰਤਤ ਹਨ | ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਬੇਜ਼ਮੀਨੇ ਕਿਸਾਨ ਅਤੇ ਮਜ਼ਦੂਰ ਬਹੁਤ ਵੱਡੀ ਗਿਣਤੀ ਵਿਚ ਹਨ | ਇਸ ਕਰਕੇ ਉਨ੍ਹਾਂ ਲਈ ਵੀ ਮੁਆਵਜ਼ੇ ਦੀ ਮੰਗ ਕਰਦਿਆਂ ਮੰਗ ਪੱਤਰ ਦਿੱਤਾ ਗਿਆ, ਜਿਸ 'ਤੇ ਕੇਂਦਰੀ ਮੰਤਰੀ ਚੌਹਾਨ ਵਲੋਂ ਹਾਂ ਪੱਖੀ ਹੁੰਗਾਰਾ ਭਰਦਿਆਂ ਕਿਹਾ ਹੈ ਕਿ ਤੁਹਾਡੀ ਮੰਗ ਜਾਇਜ਼ ਹੈ | ਇਸ ਲਈ ਜਲਦ ਤੋਂ ਜਲਦ ਕੇਂਦਰ ਸਰਕਾਰ ਪੀੜ੍ਹਤ ਲੋਕਾਂ ਲਈ ਰਾਹਤ ਪੈਕੇਜ ਦਾ ਐਲਾਨ ਕਰੇਗੀ | ਉਨ੍ਹਾਂ ਕਿਹਾ ਕਿ ਭਾਜਪਾ ਕੁਦਰਤੀ ਆਫ਼ਤ ਨਾਲ ਝੰਬੇ ਕਿਸਾਨਾਂ ਨਾਲ ਖੜ੍ਹੀ ਹੈ, ਪਰ ਅਫਸੋਸ ਇਹ ਹੈ ਕਿ ਸੂਬਾ ਸਰਕਾਰ ਵਲੋਂ ਕੋਈ ਵੀ ਰਾਹਤ ਫੰਡ ਦੇਣ ਦਾ ਬਿਆਨ ਤੱਕ ਨਹੀਂ ਦਿੱਤਾ | ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਦੇ ਭਾਜਪਾ ਪ੍ਰਧਾਨ ਹਰਦੀਪ ਸਿੰਘ ਗਿੱਲ, ਸਾਬਕਾ ਵਿਧਾਇਕ ਬੋਨੀ ਅਮਰਪਾਲ ਸਿੰਘ ਅਜਨਾਲਾ, ਸਾਬਕਾ ਚੇਅਰਮੈਨ ਰਣਜੀਤ ਸਿੰਘ ਮੀਆਂਵਿੰਡ, ਜ਼ਿਲ੍ਹਾ ਮੀਤ ਪ੍ਰਧਾਨ ਤੇ ਮੁੱਖ ਬੁਲਾਰਾ ਅਮਰਪਾਲ ਸਿੰਘ ਖਹਿਰਾ, ਜਸਵੰਤ ਸਿੰਘ ਡਿੰਪੀ ਮੀਆਂਵਿੰਡ, ਓ.ਬੀ.ਸੀ. ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਮਨਜੀਤ ਸਿੰਘ ਬਾਊ ਭੈਣੀ ਆਦਿ ਹਾਜ਼ਰ ਸਨ |