ਤਰਨ ਤਾਰਨ, 6 ਸਤੰਬਰ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਵੱਖ-ਵੱਖ ਥਾਣਿਆ ਦੀ ਪੁਲਿਸ ਨੇ ਛਾਪੇਮਾਰੀ ਦੌਰਾਨ ਨਸ਼ੀਲੇ ਪਦਾਰਥਾਂ ਸਮੇਤ ਚਾਰ ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ | ਐੱਸ.ਐੱਸ.ਪੀ. ਦੀਪਕ ਪਾਰੀਕ ਨੇ ਦੱਸਿਆ ਕਿ ਥਾਣਾ ਗੋਇੰਦਵਾਲ ਦੇ ਏ.ਐੱਸ.ਆਈ. ਕਿਰਪਾਲ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਪੁਲ ਖੁਵਾਸਪੁਰ ਤੋਂ ਹਰਦੀਪ ਸਿੰਘ ਪੁੱਤਰ ਅਮਰੀਕ ਸਿੰਘ ਵਾਸੀ ਖੁਵਾਸਪੁਰ ਨੂੰ ਕਾਬੂ ਕਰਕੇ ਉਸ ਪਾਸੋਂ 22 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ ਹਨ | ਇਸੇ ਤਰ੍ਹਾਂ ਥਾਣਾ ਖਾਲੜਾ ਦੇ ਏ.ਐੱਸ.ਆਈ. ਬਲਵਿੰਦਰ ਸਿੰਘ ਨੇ ਸੂਚਨਾ ਦੇ ਅਧਾਰ 'ਤੇ ਸ਼ਿਵ ਕੁਮਾਰ ਪੁੱਤਰ ਤਿਲਕ ਰਾਜ ਵਾਸੀ ਬਾਸਰਕੇ ਦੇ ਘਰ ਛਾਪੇਮਾਰੀ ਦੌਰਾਨ ਉਥੋਂ 6 ਲੀਟਰ 750 ਮਿਲੀਲੀਟਰ ਨਾਜਾਇਜ਼ ਸ਼ਰਾਬ ਬਰਾਮਦ ਕਰਕੇ ਉਸ ਨੂੰ ਗਿ੍ਫ਼ਤਾਰ ਕਰ ਲਿਆ ਹੈ | ਇਸੇ ਤਰ੍ਹਾਂ ਥਾਣਾ ਖਾਲੜਾ ਦੇ ਏ.ਐੱਸ.ਆਈ. ਸ਼ਿੰਗਾਰਾ ਸਿੰਘ ਨੇ ਪੁਲਿਸ ਪਾਰਟੀ ਸਮੇਤ ਸੂਚਨਾ ਦੇ ਅਧਾਰ 'ਤੇ ਕਾਰਵਾਈ ਕਰਦਿਆਂ ਹਰਚੰਦ ਸਿੰਘ ਪੁੱਤਰ ਬਲਵਿੰਦਰ ਸਿੰਘ ਬਾਸਰਕੇ ਦੇ ਘਰ ਛਾਪੇਮਾਰੀ ਦੌਰਾਨ ਘਰ 'ਚੋਂ 6 ਲੀਟਰ ਨਾਜਾਇਜ਼ ਸ਼ਰਾਬ ਬਰਾਮਦ ਕਰਕੇ ਉਕਤ ਵਿਅਕਤੀ ਨੂੰ ਗਿ੍ਫ਼ਤਾਰ ਕਰ ਲਿਆ ਹੈ | ਇਸੇ ਤਰ੍ਹਾਂ ਥਾਣਾ ਸਿਟੀ ਪੱਟੀ ਦੇ ਐੱਸ.ਆਈ. ਮਨਪ੍ਰੀਤ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਨਸ਼ੀਲੇ ਪਦਾਰਥ ਦਾ ਸੇਵਨ ਕਰਦੇ ਹੋਏ ਹੀਰਾ ਸਿੰਘ ਪੁੱਤਰ ਪਾਲ ਸਿੰਘ ਵਾਸੀ ਪੱਟੀ ਨੂੰ ਕਾਬੂ ਕਰਕੇ ਉਸ ਪਾਸੋਂ ਸਿਲਵਰ ਪੇਪਰ, ਲਾਈਟਰ ਅਤੇ 10 ਰੁਪਏ ਦਾ ਨੋਟ ਬਰਾਮਦ ਕੀਤਾ ਹੈ | ਐੱਸ.ਐੱਸ.ਪੀ. ਨੇ ਦੱਸਿਆ ਕਿ ਕਾਬੂ ਕੀਤੇ ਵਿਅਕਤੀਆਂ ਖ਼ਿਲਾਫ਼ ਵੱਖ-ਵੱਖ ਥਾਣਿਆਂ ਵਿਚ ਐੱਨ.ਡੀ.ਪੀ.ਐੱਸ. ਐਕਟ ਅਤੇ ਐਕਸਾਈਜ ਐਕਟ ਤਹਿਤ ਮਾਮਲੇ ਦਰਜ ਕਰਨ ਤੋਂ ਬਾਅਦ ਉਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਪ੍ਰਾਪਤ ਕੀਤਾ ਜਾ ਰਿਹਾ ਹੈ |