ਤਰਨ ਤਾਰਨ, 24 ਸਤੰਬਰ (ਹਰਿੰਦਰ ਸਿੰਘ)-ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੁਆਰਾ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਹਿੱਤ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਜ਼ਿਲ੍ਹਾ ਤਰਨ ਤਾਰਨ ਵਿਚ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵਲੋਂ ਪੋਸ਼ਣ ਅਭਿਆਨ ਤਹਿਤ ਮਹੀਨਾ ਸਤੰਬਰ ਨੂੰ ਪੋਸ਼ਣ ਮਾਹ ਵਜੋਂ ਮਨਾਇਆ ਜਾ ਰਿਹਾ ਹੈ | ਜੋ ਕਿ ਇਸ ਸਾਲ 17 ਸਤੰਬਰ ਤੋਂ 16 ਅਕਤੂਬਰ 2025 ਤੱਕ ਸਮੂਹ ਆਂਗਣਵਾੜੀ ਸੈਂਟਰਾਂ ਵਿਚ ਮਨਾਇਆ ਜਾ ਰਿਹਾ ਹੈ | ਜ਼ਿਲ੍ਹਾ ਪ੍ਰੋਗਰਾਮ ਅਫਸਰ ਤਰਨ ਤਾਰਨ ਰਾਹੁਲ ਅਰੋੜਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਸ ਵਿਚ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਵਲੋਂ ਵੱਖ-ਵੱਖ ਤਰ੍ਹਾਂ ਦੀਆਂ ਗਤੀਵਿਧੀਆਂ ਰਾਹੀਂ ਹਰ ਰੋਜ਼ ਜਾਗਰੂਕਤਾ ਫੈਲਾਈ ਜਾਂਦੀ ਹੈ | ਇਸ ਸਾਲ ਵੀ ਪੋਸ਼ਣ ਮਾਹ ਵਿੱਚ ਵੱਖ-ਵੱਖ ਥੀਮ ਤਹਿਤ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ, ਜਿੰਨ੍ਹਾਂ ਦਾ ਉਦੇਸ਼ ਗਰਭਵਤੀ ਮਹਿਲਾਵਾਂ, ਦੁੱਧ ਪਿਲਾਉਣ ਵਾਲੀਆਂ ਮਾਵਾਂ ਅਤੇ ਕਿਸ਼ੋਰੀਆਂ ਵਿਚ ਪੋਸ਼ਣ ਪ੍ਰਤੀ ਜਾਗਰੂਕਤਾ, ਬੱਚਿਆਂ ਦੀ ਸਿਹਤ ਜਾਂਚ ਅਤੇ ਵਾਧਾ, ਸਥਾਨਕ ਖਾਧ ਪਦਾਰਥਾਂ ਨਾਲ ਪੋਸ਼ਟਿਕ ਭੋਜਨ ਬਣਾਉਣ ਦੇ ਪ੍ਰਦਰਸ਼ਨ ਅਤੇ ਸਾਫ਼-ਸਫ਼ਾਈ ਪ੍ਰਤੀ ਜਾਗਰੂਕਤਾ ਫੈਲਾਉਣਾ ਹੈ | ਉਨ੍ਹਾਂ ਕਿਹਾ ਕਿ ਅੱਜ ਪੋਸ਼ਣ ਮਾਹ ਦੇ ਥੀਮ ਅਨੁਸਾਰ ਛਾਤੀ ਦਾ ਦੁੱਧ ਚੁੰਘਾਉਣ ਦੀ ਸ਼ੁਰੂਆਤੀ ਸ਼ੁਰੂਆਤ ਅਤੇ ਪੂਰਕ ਖੁਰਾਕ ਬਾਰੇ ਜਾਗਰੂਕਤਾ ਸੈਸ਼ਨ ਨੂੰ ਜ਼ਿਲ੍ਹਾ ਤਰਨ ਤਾਰਨ ਦੇ ਸਮੂਹ ਆਂਗਣਵਾੜੀ ਸੈਂਟਰਾਂ ਵਿਚ ਸੁਚਾਰੂ ਢੰਗ ਨਾਲ ਨੇਪਰੇ ਚਾੜਿਆ ਗਿਆ | ਇਸ ਸੈਸ਼ਨ ਵਿਚ ਵਰਕਰਾਂ ਵਲੋਂ ਮਾਵਾਂ ਨੂੰ ਦੱਸਿਆ ਗਿਆ ਕਿ ਕਿਸ ਤਰ੍ਹਾਂ ਮਾਂ ਦਾ ਦੁੱਧ ਅਤੇ ਸਹੀ ਪੋਸ਼ਣ ਬੱਚੇ ਦੀ ਸਿਹਤ ਅਤੇ ਵਿਕਾਸ ਨੂੰ ਪ੍ਰੋਤਸਾਹਿਤ ਕਰਦਾ ਹੈ ਅਤੇ ਭਵਿੱਖ ਵਿਚ ਬਿਮਾਰੀ ਦੇ ਖ਼ਤਰੇ ਨੂੰ ਵੀ ਘਟਾਉਂਦਾ ਹੈ | ਉਨ੍ਹਾਂ ਕਿਹਾ ਕਿ ਬੱਚੇ ਨੂੰ ਘੱਟੋ-ਘੱਟ 6 ਮਹੀਨਿਆਂ ਦੀ ਉਮਰ ਤੱਕ ਖਾਸ ਤੌਰ 'ਤੇ ਮਾਂ ਦਾ ਦੁੱਧ ਪਿਲਾਇਆ ਜਾਣਾ ਚਾਹੀਦਾ ਹੈ |