ਤਰਨ ਤਾਰਨ, 24 ਸਤੰਬਰ (ਪਰਮਜੀਤ ਜੋਸ਼ੀ)-ਕੇਂਦਰੀ ਜੇਲ੍ਹ ਗੋਇੰਦਵਾਲ ਦੀ ਚੈਕਿੰਗ ਦੌਰਾਨ ਹਵਾਲਾਤੀਆਂ ਪਾਸੋਂ ਮੋਬਾਈਲ ਫੋਨ ਬਰਾਮਦ ਹੋਣ ਦੇ ਮਾਮਲੇ ਵਿਚ ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ 'ਤੇ ਥਾਣਾ ਗੋਇੰਦਵਾਲ ਪੁਲਿਸ ਨੇ ਤਿੰਨ ਹਵਾਲਾਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਥਾਣਾ ਗੋਇੰਦਵਾਲ ਵਿਖੇ ਜੇਲ੍ਹ ਦੇ ਸਹਾਇਕ ਸੁਪਰਡੈਂਟ ਲਖਵੀਰ ਸਿੰਘ ਨੇ ਸ਼ਿਕਾਇਤ ਕੀਤੀ ਕਿ 21 ਸਤੰਬਰ ਨੂੰ ਜੇਲ੍ਹ ਦੀ ਚੈਕਿੰਗ ਦੌਰਾਨ ਵਾਰਡ ਨੰਬਰ 6 ਦੀ ਬੈਰਕ ਨੰਬਰ 1 ਵਿਚ ਬੰਦ ਹਵਾਲਾਤੀ ਹਰਚੰਦ ਸਿੰਘ ਪੁੱਤਰ ਜੋਗਾ ਸਿੰਘ ਵਾਸੀ ਵਲਟੋਹਾ ਪਾਸੋਂ 1 ਟੱਚ ਮੋਬਾਈਲ ਫੋਨ ਬਰਾਮਦ ਹੋਇਆ ਹੈ | ਇਸੇ ਤਰ੍ਹਾਂ ਜੇਲ੍ਹ ਦੇ ਸਹਾਇਕ ਸੁਪਰਡੈਂਟ ਮਨਜੀਤ ਸਿੰਘ ਨੇ ਲਿਖਤੀ ਸ਼ਿਕਾਇਤ ਕੀਤੀ ਕਿ ਵਾਰਡ ਨੰਬਰ 6 ਦੀ ਬੈਰਕ ਨੰਬਰ 5 ਵਿਚ ਚੈਕਿੰਗ ਦੌਰਾਨ ਹਵਾਲਾਤੀ ਅਜੇ ਸਿੰਘ ਪੁੱਤਰ ਮੁਖਤਿਆਰ ਸਿੰਘ ਵਾਸੀ ਧਾਰੀਵਾਲ ਹਾਲ ਵਾਸੀ ਕਿਰਤੋਵਾਲ ਪਾਸੋਂ 1 ਟੱਚ ਮੋਬਾਈਲ ਫੋਨ ਅਤੇ 1 ਕੀਪੈਡ ਮੋਬਾਈਲ ਫੋਨ ਬਰਾਮਦ ਹੋਇਆ ਹੈ | ਇਸੇ ਤਰ੍ਹਾਂ ਜੇਲ੍ਹ ਦੇ ਸਹਾਇਕ ਸੁਪਰਡੈਂਟ ਜਸਵੰਤ ਸਿੰਘ ਨੇ ਲਿਖਤੀ ਸ਼ਿਕਾਇਤ ਕੀਤੀ ਕਿ ਜੇਲ੍ਹ ਦੀ ਚੈਕਿੰਗ ਦੌਰਾਨ ਵਾਰਡ ਨੰਬਰ 13 ਦੀ ਬੈਰਕ ਨੰਬਰ 2 ਵਿਚੋਂ ਬੰਦ ਹਵਾਲਾਤੀ ਜਗਜੀਤਪਾਲ ਸਿੰਘ ਪੁੱਤਰ ਕੁਲਦੀਪ ਸਿੰਘ ਵਾਸੀ ਤਰਨ ਤਾਰਨ ਪਾਸੋਂ ਇਕ ਟੱਚ ਮੋਬਾਈਲ ਫੋਨ ਬਰਾਮਦ ਕੀਤਾ ਹੈ | ਥਾਣਾ ਗੋਇੰਦਵਾਲ ਦੀ ਪੁਲਿਸ ਨੇ ਉਕਤ ਹਵਾਲਾਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਉਨ੍ਹਾਂ ਖ਼ਿਲਾਫ਼ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |