ਖਡੂਰ ਸਾਹਿਬ, 26 ਸਤੰਬਰ (ਰਸ਼ਪਾਲ ਸਿੰਘ ਕੁਲਾਰ)-ਡਾਇਰੈਕਟਰ ਖੇਤੀਬਾੜੀ ਡਾ. ਜਸਵੰਤ ਸਿੰਘ ਦੇ ਹੁਕਮਾਂ ਤਹਿਤ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਤਰਨ ਤਾਰਨ ਵਲੋਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਸਾੜਨ ਦੀ ਥਾਂ ਉਸ ਦੇ ਸੁਚੱਜੇ ਪ੍ਰਬੰਧਾਂ ਸੰਬੰਧੀ ਜਾਣਕਾਰੀ ਦੇਣ ਲਈ ਕਲੱਸਟਰ ਅਫਸਰ ਡਾ. ਯਾਦਵਿੰਦਰ ਸਿੰਘ ਦੀ ਅਗਵਾਈ ਹੇਠ ਪਿੰਡ ਮੁਗਲਾਣੀ ਦੇ ਗੁਰਦੁਆਰਾ ਸਾਹਿਬ ਵਿਖੇ ਕਿਸਾਨਾਂ ਨੂੰ ਜਾਗਰੂਕ ਕੀਤਾ ਗਿਆ | ਉਨ੍ਹਾਂ ਕਿਹਾ ਕਿ ਇਹ ਜਾਗਰੂਕਤਾ ਮੁਹਿੰਮ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਮੁੱਖ ਖੇਤੀਬਾੜੀ ਅਫ਼ਸਰ ਤਰਨ ਤਾਰਨ ਡਾ. ਤੇਜਬੀਰ ਸਿੰਘ ਦੀ ਪ੍ਰਧਾਨਗੀ ਤੇ ਨੋਡਲ ਇੰਚਾਰਜ ਡਾ. ਨਵਤੇਜ ਸਿੰਘ ਦੀ ਅਗਵਾਈ ਹੇਠ ਡਾ. ਯਾਦਵਿੰਦਰ ਸਿੰਘ ਕਲੱਸਟਰ ਅਫਸਰ ਖਡੂਰ ਸਾਹਿਬ ਦੀ ਦੇਖ-ਰੇਖ ਵਿਚ ਕੀਤੀ ਗਈ | ਉਨ੍ਹਾਂ ਕਿਹਾ ਕਿ ਡਾ: ਯਾਦਵਿੰਦਰ ਸਿੰਘ ਕਲੱਸਟਰ ਅਫਸਰ ਨੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਸੰਬੰਧੀ ਅਪੀਲ ਕਰਦਿਆਂ ਕਿਹਾ ਕਿ ਪਰਾਲੀ ਨੂੰ ਅੱਗ ਲਾਉਣ ਨਾਲ ਮਿੱਤਰ ਕੀੜੇ ਮਰ ਜਾਂਦੇ ਹਨ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਘਟਦੀ ਹੈ | ਪਰਾਲੀ ਨੂੰ ਅੱਗ ਲਾਉਣ ਨਾਲ ਸੜਕੀ ਹਾਦਸੇ ਵਾਪਰਦੇ ਹਨ | ਉਨ੍ਹਾਂ ਕਿਹਾ ਕਿ ਜਿੰਨਾਂ ਕਿਸਾਨਾਂ ਨੇ ਆਲੂ ਅਤੇ ਮਟਰ ਦੀ ਬਿਜਾਈ ਕਰਨੀ ਹੈ, ਉਹ ਬੇਲਰ ਨਾਲ ਪਰਾਲੀ ਦੀਆਂ ਗੰਢਾਂ ਬਣਾ ਸਕਦੇ ਹਨ ਜਾਂ ਫਿਰ ਝੋਨੇ ਦੀ ਕਟਾਈ ਤੋਂ ਬਾਅਦ ਪਰਾਲੀ ਨੂੰ ਮਲਚਰ ਨਾਲ ਕੁਤਰਾ ਕਰਨ ਤੋਂ ਬਾਅਦ ਰਿਵਰਸੀਬਲ ਪਲੋਅ ਨਾਲ ਪਰਾਲੀ ਨੂੰ ਜ਼ਮੀਨ ਵਿਚ ਦਬਾਇਆ ਜਾ ਸਕਦਾ ਹੈ | ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਾਉਣ ਨਾਲ ਨਾਈਟ੍ਰੋਜਨ, ਫਾਸਫੋਰਸ, ਸਲਫਰ, ਪੋਟਾਸ਼ ਅਤੇ ਜੈਵਿਕ ਮਾਦੇ ਵਰਗੇ ਜਰੂਰੀ ਤੱਤ ਨਸ਼ਟ ਹੋ ਜਾਂਦੇ ਹਨ ਅਤੇ ਫਿਰ ਸਾਨੂੰ ਕੈਮੀਕਲ ਖਾਦਾਂ ਦੀ ਵਰਤੋਂ ਕਰਨੀ ਪੈਂਦੀ ਹੈ, ਜਿਸ ਨਾਲ ਖੇਤੀ ਖਰਚੇ ਵਧ ਜਾਂਦੇ ਹਨ | ਇਕ ਏਕੜ ਦੀ ਪਰਾਲੀ ਨੂੰ ਅੱਗ ਲਾਉਣ ਨਾਲ ਸਾਡਾ ਤਕਰੀਬਨ ਤਿੰਨ ਹਜਾਰ ਰੁਪਏ ਦਾ ਨੁਕਸਾਨ ਹੋ ਜਾਂਦਾ ਹੈ | 10 ਕੁਇੰਟਲ ਜਾਂ ਇਕ ਟਨ ਪਰਾਲੀ ਨੂੰ ਅੱਗ ਲਾਉਣ ਨਾਲ 400 ਕਿਲੋ ਜੈਵਿਕ ਮਾਦਾ 5.5 ਕਿਲੋ ਨਾਈਟਰੋਜਨ 2.3 ਕਿਲੋ ਫਾਸਫੋਰਸ, 25 ਕਿਲੋ ਪੋਟਾਸ਼, 1.2 ਕਿਲੋ ਗੰਧਕ ਦਾ ਨੁਕਸਾਨ ਹੋ ਜਾਂਦਾ ਹੈ | ਇਸ ਮੌਕੇ ਪੰਚਾਇਤ ਸਕੱਤਰ ਦੀਪਕ ਕੁਮਾਰ, ਕਿਰਨਦੀਪ ਸਿੰਘ, ਸਕੱਤਰ ਸਿੰਘ, ਬਲਵਿੰਦਰ ਸਿੰਘ, ਗੁਰਜੀਤ ਸਿੰਘ, ਮਨਜੀਤ ਸਿੰਘ, ਲਾਲ ਸਿੰਘ, ਅਤੇ ਹੋਰ ਅਗਾਂਹਵਧੂ ਕਿਸਾਨ ਆਦਿ ਹਾਜਰ ਸਨ |