ਤਰਨ ਤਾਰਨ, 27 ਸਤੰਬਰ (ਹਰਿੰਦਰ ਸਿੰਘ)- ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ ਉਪਰ ਕੀਤੀ ਨਾਕਾਬੰਦੀ ਦੌਰਾਨ ਨਸ਼ੀਲੇ ਪਦਾਰਥਾਂ ਸਮੇਤ ਤਿੰਨ ਵਿਅਕਤੀਆਂ ਨੂੰ ਕਾਬੂ ਵਿਚ ਸਫਲਤਾ ਪ੍ਰਾਪਤ ਕੀਤੀ ਹੈ, ਜਦਕਿ ਇਕ ਵਿਅਕਤੀ ਫ਼ਰਾਰ ਹੈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਐੱਸ.ਆਈ. ਬਲਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਟੀ-ਪੁਆਇੰਟ ਹੀਰਾਪੁਰ ਨਜ਼ਦੀਕ ਨਾਕਾਬੰਦੀ ਦੌਰਾਨ ਹਰਪ੍ਰੀਤ ਸਿੰਘ ਪੁੱਤਰ ਪ੍ਰਗਟ ਸਿੰਘ ਵਾਸੀ ਝਬਾਲ ਨੂੰ ਕਾਬੂ ਕਰਕੇ ਉਸ ਪਾਸੋਂ 6 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਸਦਰ ਤਰਨ ਤਾਰਨ ਦੇ ਏ.ਐੱਸ.ਆਈ. ਇੰਦਰਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਪੁਲਿਸ ਪਾਰਟੀ ਸਮੇਤ ਗੁਪਤ ਸੂਚਨਾ ਦੇ ਅਧਾਰ 'ਤੇ ਭਾਗ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਅਲਾਵਲਪੁਰ ਦੇ ਘਰ ਛਾਪੇਮਾਰੀ ਦੌਰਾਨ ਘਰ 'ਚੋਂ 150 ਲੀਟਰ ਲਾਹਣ ਬਰਾਮਦ ਕੀਤੀ ਹੈ, ਜਦਕਿ ਵਿਅਕਤੀ ਫ਼ਰਾਰ ਹੈ | ਇਸੇ ਤਰ੍ਹਾਂ ਥਾਣਾ ਵਲਟੋਹਾ ਦੇ ਏ.ਐੱਸ.ਆਈ. ਅਮਰਜੀਤ ਸਿੰਘ ਨੇ ਪੁਲਿਸ ਪਾਰਟੀ ਸਮੇਤ ਸੁੱਖਾ ਸਿੰਘ ਪੁੱਤਰ ਗੁਲਜਾਰ ਸਿੰਘ ਵਾਸੀ ਫਤਹਿਪੁਰ ਨਵਾਂ ਦੇ ਘਰ ਛਾਪੇਮਾਰੀ ਦੌਰਾਨ ਘਰ 'ਚੋਂ 120 ਲੀਟਰ ਲਾਹਣ ਬਰਾਮਦ ਕਰਕੇ ਉਸ ਨੂੰ ਗਿ੍ਫ਼ਤਾਰ ਕਰ ਲਿਆ ਹੈ | ਇਸੇ ਤਰ੍ਹਾਂ ਥਾਣਾ ਖੇਮਕਰਨ ਦੇ ਏ.ਐੱਸ.ਆਈ. ਹੀਰਾ ਸਿੰਘ ਨੇ ਪੁਲਿਸ ਪਾਰਟੀ ਸਮੇਤ ਕੇ.ਕੇ ਬੈਰੀਅਰ ਖੇਮਕਰਨ ਤੋਂ ਗਗਨਦੀਪ ਸਿੰਘ ਪੁੱਤਰ ਹਰਜਿੰਦਰ ਸਿੰਘ ਵਾਸੀ ਖੇਮਕਰਨ ਨੂੰ ਕਾਬੂ ਕਰਕੇ ਉਸ ਪਾਸੋਂ 6750 ਮਿਲੀਲੀਟਰ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ | ਪੁਲਿਸ ਨੇ ਉਕਤ ਵਿਅਕਤੀਆਂ ਖ਼ਿਲਾਫ਼ ਐੱਨ.ਡੀ.ਪੀ.ਐੱਸ.ਐਕਟ ਅਤੇ ਐਕਸਾਈਜ ਐਕਟ ਤਹਿਤ ਮਾਮਲੇ ਦਰਜ ਕਰਕੇ ਉਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕਰਨ ਦੀ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |