ਅੰਮਿ੍ਤਸਰ, 27 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਆਮ ਆਦਮੀ ਪਾਰਟੀ ਦੇ ਹਲਕਾ ਅਟਾਰੀ ਤੋਂ ਵਿਧਾਇਕ ਜਸਵਿੰਦਰ ਸਿੰਘ ਰਮਦਾਸ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਹੜ੍ਹ ਪੀੜਤ ਲੋਕਾਂ ਦੀ ਸੇਵਾ ਨੂੰ ਆਪਣੀ ਸਭ ਤੋਂ ਵੱਡੀ ਤਰਜੀਹ ਮੰਨ ਰਹੀ ਹੈ | ਰਮਦਾਸ ਨੇ ਦੱਸਿਆ ਕਿ ਹੜ੍ਹ ਨਾਲ ਪ੍ਰਭਾਵਿਤ ਇਲਾਕਿਆਂ 'ਚ ਸਰਕਾਰ ਵਲੋਂ ਤੁਰੰਤ ਰਾਹਤ ਅਤੇ ਸਹਾਇਤਾ ਕਾਰਜ ਸ਼ੁਰੂ ਕਰ ਦਿੱਤੇ ਗਏ ਹਨ | ਉਨ੍ਹਾਂ ਕਿਹਾ ਕਿ ਹਰ ਅਧਿਕਾਰੀ ਨੂੰ ਸਪਸ਼ਟ ਆਦੇਸ਼ ਦਿੱਤੇ ਗਏ ਹਨ ਕਿ ਉਹ ਘਰ-ਘਰ ਜਾ ਕੇ ਲੋਕਾਂ ਦੀਆਂ ਮੁਸ਼ਕਿਲਾਂ ਸੁਣਨ ਅਤੇ ਮੌਕੇ 'ਤੇ ਹੀ ਹੱਲ ਕਰਨ | ਵਿਧਾਇਕ ਨੇ ਇਹ ਵੀ ਕਿਹਾ ਕਿ ਆਮ ਆਦਮੀ ਪਾਰਟੀ ਦੇ ਸਾਰੇ ਸੇਵਾਦਾਰ ਅਤੇ ਸਾਥੀ ਜ਼ਮੀਨੀ ਪੱਧਰ 'ਤੇ ਲੋਕਾਂ ਦੇ ਨਾਲ ਖੜ੍ਹੇ ਹਨ ਅਤੇ ਸਰਕਾਰੀ ਮਸ਼ੀਨਰੀ ਦੇ ਨਾਲ ਮਿਲ ਕੇ ਪੀੜਤ ਪਰਿਵਾਰਾਂ ਤੱਕ ਸਹਾਇਤਾ ਪਹੁੰਚਾ ਰਹੇ ਹਨ | ਉਨ੍ਹਾਂ ਨੇ ਭਰੋਸਾ ਦਿਵਾਇਆ ਕਿ ਮੁੜ ਵਸੇਬੇ ਦੇ ਕੰਮ ਪਹਿਲ ਦੇ ਅਧਾਰ 'ਤੇ ਕੀਤੇ ਜਾ ਰਹੇ ਹਨ ਅਤੇ ਕਿਸੇ ਵੀ ਪਰਿਵਾਰ ਨੂੰ ਸਰਕਾਰੀ ਸਹੂਲਤਾਂ ਜਾਂ ਰਾਹਤ ਸਮੱਗਰੀ ਦੇਣ 'ਚ ਰੁਕਾਵਟ ਨਹੀਂ ਆਉਣ ਦਿੱਤੀ ਜਾਵੇਗੀ | ਰਮਦਾਸ ਨੇ ਕਿਹਾ ਕਿ ਪਸ਼ੂ-ਪਾਲਕ ਪਰਿਵਾਰਾਂ ਨੂੰ ਕਿਸੇ ਵੀ ਤਰ੍ਹਾਂ ਦੀ ਚਿੰਤਾ ਕਰਨ ਦੀ ਲੋੜ ਨਹੀਂ ਕਿਉਂਕਿ ਸਰਕਾਰ ਵਲੋਂ ਇਸ ਪਾਸੇ ਵੀ ਪੂਰੀ ਤਰ੍ਹਾਂ ਧਿਆਨ ਦਿੱਤਾ ਜਾ ਰਿਹਾ ਹੈ |