ਤਰਨ ਤਾਰਨ, 31 ਅਕਤੂਬਰ (ਇਕਬਾਲ ਸਿੰਘ ਸੋਢੀ)- ਡਾਇਰੈਕਟਰ ਸਿਹਤ ਸੇਵਾਵਾਂ ਪੰਜਾਬ ਵਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਤਰਨ ਤਾਰਨ ਦੇ ਸਿਵਲ ਸਰਜਨ ਡਾਕਟਰ ਗੁਰਪ੍ਰੀਤ ਸਿੰਘ ਰਾਏ ਦੀ ਪ੍ਰਧਾਨਗੀ ਹੇਠ ਸਿਹਤ ਵਿਭਾਗ ਦੇ ਅਧਿਕਾਰੀਆਂ ਵਲੋਂ ਜੱਚਾ-ਬੱਚਾ ਨੂੰ ਮਿਲਣ ਵਾਲੀਆਂ ਸਿਹਤ ਸਹੂਲਤਾਂ ਦੇ ਨਾਲ-ਨਾਲ ਟੀਕਾਕਰਨ ਪ੍ਰੋਗਰਾਮ ਦਾ ਵਿਸ਼ੇਸ਼ ਨਿਰੀਖਣ ਕੀਤਾ ਜਾ ਰਿਹਾ ਹੈ | ਇਸੇ ਤਹਿਤ ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਵਰਿੰਦਰ ਪਾਲ ਕੌਰ ਨੇ ਯੂ.ਪੀ.ਐੱਚ.ਸੀ ਮੁਰਾਦਪੁਰਾ ਦਾ ਦੌਰਾ ਕਰਕੇ ਸਿਹਤ ਸਹੂਲਤਾਂ ਦਾ ਜਾਇਜ਼ਾ ਲਿਆ | ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਨੇ ਦੱਸਿਆ ਕਿ ਸਿਹਤ ਕਰਮੀ ਆਪਣੇ-ਆਪਣੇ ਬਲਾਕਾਂ ਦੇ ਵਿਚ ਯੋਗ ਬੱਚਿਆਂ ਅਤੇ ਗਰਭਵਤੀ ਮਹਿਲਾਵਾਂ ਦੇ ਟੀਕਾਕਰਨ ਨੂੰ ਯਕੀਨੀ ਬਣਾਉਣ ਤਾਂ ਜੋ ਕੋਈ ਵੀ ਟੀਕਾਕਰਨ ਤੋਂ ਵਾਂਝਾ ਨਾ ਰਹੇ | ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਨੇ ਕਿਹਾ ਕਿ ਸਿਹਤ ਵਿਭਾਗ ਵਲੋਂ ਸਮੇਂ-ਸਮੇਂ ਸਿਰੇ ਵਿਸ਼ੇਸ਼ ਟੀਕਾਕਰਨ ਸੈਸ਼ਨ ਲਗਾ ਕੇ ਗਰਭਵਤੀ ਮਹਿਲਾਵਾਂ ਅਤੇ ਬੱਚਿਆਂ ਦੇ ਟੀਕਾਕਰਨ ਪ੍ਰਤੀ ਟੀਚਿਆਂ ਨੂੰ ਪ੍ਰਾਪਤ ਕੀਤਾ ਜਾਂਦਾ ਹੈ | ਉਨ੍ਹਾਂ ਕਿਹਾ ਕਿ ਬਲਾਕਾਂ ਦੇ ਸੀਨੀਅਰ ਮੈਡੀਕਲ ਅਫਸਰ ਆਪਣੇ ਅਧੀਨ ਆਉਂਦੇ ਖੇਤਰਾਂ ਦੇ ਵਿਚ ਮੀਜ਼ਲਸ ਅਤੇ ਰੁਬੈਲਾ ਅਤੇ ਪੈਂਟਾਵੇਲੇੰਟ ਟੀਕਾਕਰਨ ਦੇ 100 ਫੀਸਦੀ ਟੀਚਿਆਂ ਨੂੰ ਪ੍ਰਾਪਤ ਕਰਨ | ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਵਰਿੰਦਰਪਾਲ ਕੌਰ ਨੇ ਦੱਸਿਆ ਕਿ ਜੱਚਾ-ਬੱਚਾ ਸਿਹਤ ਸੰਭਾਲ ਅਤੇ ਟੀਕਾਕਰਨ ਬਾਰੇ ਵੱਧ ਤੋਂ ਵੱਧ ਜਾਗਰੂਕਤਾ ਸਿਹਤ ਕਰਮੀਆਂ ਵਲੋਂ ਫੈਲਾਈ ਜਾ ਰਹੀ ਹੈ, ਤਾਂ ਜੋ ਇਸ ਦਾ ਲਾਭ ਯੋਗ ਲਾਭਪਾਤਰੀਆਂ ਨੂੰ ਮਿਲ ਸਕੇ | ਇਸ ਮੌਕੇ ਪ੍ਰੋਗਰਾਮ ਅਫਸਰ ਡਾ. ਅਵਲੀਨ ਕੌਰ ਅਤੇ ਆਮ ਆਦਮੀ ਕਲੀਨਿਕ ਦੇ ਮੈਡੀਕਲ ਅਫ਼ਸਰ ਡਾ. ਧੀਰਜ ਕੁਮਾਰ ਸ਼ਰਮਾ, ਵੀਸੀਸੀਐਮ ਮਨਦੀਪ ਸਿੰਘ, ਕੰਪਿਊਟਰ ਸਹਾਇਕ ਸੰਦੀਪ ਸਿੰਘ ਵੀ ਮੌਜੂਦ ਰਹੇ |