ਤਰਨ ਤਾਰਨ, 1 ਨਵੰਬਰ (ਹਰਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੂੰ ਆਪਣੇ ਕਬਜ਼ੇ ਵਿਚ ਲੈ ਕੇ ਪੰਜਾਬ ਦੇ ਹੱਕਾਂ 'ਤੇ ਵੱਡਾ ਡਾਕਾ ਮਾਰਿਆ ਹੈ, ਉਹ ਇਸ ਫੈਸਲੇ ਦੀ ਸਖ਼ਤ ਨਿਖੇਧੀ ਕਰਦੇ ਹਨ | ਸੁਖਬੀਰ ਸਿੰਘ ਬਾਦਲ ਨੇ ਤਰਨ ਤਾਰਨ ਤੋਂ ਅਕਾਲੀ ਦਲ ਦੇ ਉਮੀਦਵਾਰ ਪਿੰ੍ਰਸੀਪਲ ਸੁਖਵਿੰਦਰ ਕੌਰ ਰੰਧਾਵਾ ਦੇ ਹੱਕ ਵਿਚ ਹੋਈਆਂ ਭਰਵੀਂ ਚੋਣ ਰੈਲੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਲਗਾਤਾਰ ਪੰਜਾਬ ਦੇ ਅਧਿਕਾਰਾਂ ਨੂੰ ਕਮਜ਼ੋਰ ਕਰ ਰਿਹਾ ਹੈ, ਭਾਵੇਂ ਉਹ ਰਾਜਧਾਨੀ ਚੰਡੀਗੜ੍ਹ ਦਾ ਮੁੱਦਾ ਹੋਵੇ, ਦਰਿਆਈ ਪਾਣੀਆਂ ਦੇ ਅਧਿਕਾਰ ਹੋਣ, ਭਾਖੜ ਜਲ ਪ੍ਰਬੰਧਨ ਬੋਰਡ ਹੋਵੇ ਜਾਂ ਪੰਜਾਬ ਯੂਨੀਵਰਸਿਟੀ ਦਾ ਕੰਟਰੋਲ ਹੋਵੇ | ਉਨ੍ਹਾਂ ਕਿਹਾ ਕਿ ਅੱਜ ਦੇ ਦਿਨ ਦਿੱਲੀ ਵਿਚ ਕਾਂਗਰਸ ਵਲੋਂ ਸਿੱਖ ਨਸ਼ਲਕੁਸ਼ੀ ਕੀਤੀ ਗਈ ਅਤੇ ਪੰਜਾਬ ਆਗੂ ਹੁਣ ਉਨ੍ਹਾਂ ਦਿੱਲੀ ਦੇ ਅਕਾਵਾਂ ਦੀ ਸਿਫ਼ਤ ਕਰਦੇ ਥੱਕਦੇ ਨਹੀਂ ਜਿਹੜੇ ਸਿੱਖ ਨਸ਼ਕੁਸ਼ੀ ਦੀ ਸਿੱਧੇ ਅਤੇ ਅਸਿੱਧੇ ਤੌਰ 'ਤੇ ਜ਼ਿੰਮੇਵਾਰ ਹਨ | ਉਨ੍ਹਾਂ ਨੇ ਅਪੀਲ ਕੀਤੀ ਕਿ ਅਕਾਲੀ ਦਲ ਦੀ ਉਮੀਦਵਾਰ ਪਿੰ੍ਰਸੀਪਲ ਸੁਖਵਿੰਦਰ ਕੌਰ ਨੂੰ ਜਿਤਾਇਆ ਜਾਵੇ ਤਾਂ ਜੋ 2027 ਦੀਆਂ ਚੋਣਾਂ ਲਈ ਪੰਜਾਬ ਦੇ ਲੋਕਾਂ ਨੂੰ ਇਕ ਵੱਡੀ ਸੇਧ ਮਿਲੇ |