ਤਰਨ ਤਾਰਨ, 1 ਨਵੰਬਰ (ਇਕਬਾਲ ਸਿੰਘ ਸੋਢੀ)-ਤਰਨ ਤਾਰਨ ਜ਼ਿਮਨੀ ਚੋਣ ਵਿਚ ਅਕਾਲੀ ਦਲ ਦੀ ਉਮੀਦਵਾਰ ਬੀਬੀ ਸੁਖਵਿੰਦਰ ਕੌਰ ਰੰਧਾਵਾ ਦੇ ਹੱਕ ਵਿਚ ਚੋਣ ਪ੍ਰਚਾਰ ਕਰਨ ਲਈ ਬੀਬਾ ਹਰਸਿਮਰਤ ਕੌਰ ਬਾਦਲ ਤਰਨਤਾਰਨ ਵਿਖੇ ਪਹੁੰਚੇ | ਜਿਨ੍ਹਾਂ ਵਲੋਂ ਵੱਖ-ਵੱਖ ਪਿੰਡਾਂ ਜਿਨ੍ਹਾਂ ਵਿਚ ਕਾਜੀਕੋਟ, ਮੱਲੀਆ, ਖਾਰਾ, ਲਾਲੂਘੁੰਣ, ਕੈਰੋਂਵਾਲ, ਕੱਕਾ ਕੰਡਿਆਲਾ ਆਦਿ ਮੀਟਿੰਗਾਂ ਵਿਚ ਹੋਈਆਂ ਚੋਣ ਮੀਟਿੰਗਾਂ ਨੂੰ ਸੰਬੋਧਨ ਕੀਤਾ ਗਿਆ | ਇਸ ਮੌਕੇ ਬੀਬਾ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਅੱਜ ਪੰਜਾਬ ਦੇ ਹਾਲਤ ਇੰਨੇ ਖ਼ਰਾਬ ਹੋ ਚੁੱਕੇ ਹਨ ਕਿ ਕੋਈ ਵਰਗ ਸੁਰੱਖਿਅਤ ਨਹੀਂ ਹੈ, ਜਿਸ ਕਾਰਨ ਪੰਜਾਬ ਵਿਚ ਵਪਾਰ ਬੰਦ ਹੋਣ ਦੇ ਕਿਨਾਰੇ ਪਹੁੰਚ ਚੁੱਕਿਆ ਹੈ, ਕਿਉਂਕਿ ਗੈਂਗਸਟਰਾਂ ਵਲੋਂ ਵਪਾਰੀਆਂ ਪਾਸੋਂ ਫਿਰੌਤੀਆਂ ਮੰਗ ਕੀਤੀ ਜਾ ਰਹੀ ਹੈ, ਜਿਸ ਕਾਰਨ ਪੰਜਾਬ ਦਾ ਵਪਾਰ ਦੂਸਰੇ ਰਾਜਾਂ ਵਿਚ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਫਰੰਟ 'ਤੇ ਫੇਲ੍ਹ ਹੋ ਚੁੱਕੀ ਹੈ ਅਤੇ ਇਸ ਸਰਕਾਰ ਨੂੰ ਚੱਲਦਾ ਕਰਨ ਲਈ ਲੋਕ ਤਿਆਰ ਬਰ ਤਿਆਰ ਬੈਠੇ ਹਨ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸ਼ੋ੍ਰਮਣੀ ਅਕਾਲੀ ਦਲ ਦੀ ਉਮੀਦਵਾਰ ਬੀਬੀ ਸੁਖਵਿੰਦਰ ਕੌਰ ਦੇ ਹੱਕ ਵਿਚ ਵੋਟਾਂ ਪਾ ਕੇ ਉਨ੍ਹਾਂ ਨੂੰ ਇਸ ਹਲਕੇ ਵਿਚੋਂ ਵੱਡੀ ਲੀਡ ਨਾਲ ਜਿਤਾ ਕੇ ਵਿਧਾਨ ਸਭਾ ਵਿਚ ਭੇਜੋ ਤਾਂ ਜੋ ਤੁਹਾਡੇ ਇਲਾਕੇ ਦੀਆਂ ਮੁਸ਼ਕਿਲਾਂ ਅਤੇ ਵਿਕਾਸ ਨੂੰ ਪਹਿਲ ਦੇ ਅਧਾਰ 'ਤੇ ਕਰਵਾਇਆ ਜਾ ਸਕੇ | ਇਸ ਮੌਕੇ ਬੀਬਾ ਹਰਸਿਮਰਤ ਕੌਰ ਬਾਦਲ ਨੂੰ ਵੱਖ-ਵੱਖ ਪਿੰਡਾਂ ਦੇ ਲੋਕਾਂ ਵਲੋਂ ਭਰੋਸਾ ਦਿਵਾਇਆ ਗਿਆ ਕਿ ਉਹ ਬੀਬੀ ਸੁਖਵਿੰਦਰ ਕੌਰ ਨੂੰ ਇਸ ਹਲਕੇ ਵਿਚੋਂ ਵੱਡੀ ਲੀਡ ਨਾਲ ਜਿਤਾਉਣਗੇ |