ਤਰਨ ਤਾਰਨ, 2 ਨਵੰਬਰ (ਹਰਿੰਦਰ ਸਿੰਘ)ਪੰਜਾਬ ਦਿਵਸ ਮੌਕੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਤੇ ਸਾਂਸਦ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕੇਂਦਰੀ ਭਾਜਪਾ ਸਰਕਾਰ ਦੀ ਪੰਜਾਬ ਯੂਨੀਵਰਸਿਟੀ ਸੈਨੇਟ ਭੰਗ ਕਰਕੇ ਪੰਜਾਬ ਦੇ ਹੱਕਾਂ ਨੂੰ ਹੜੱਪਣਾ ਸਖ਼ਤ ਨਿੰਦਾ ਕੀਤੀ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦਾ ਉਦੇਸ਼ ਆਰ.ਐਸ.ਐਸ. ਰਾਹੀਂ ਸਿੱਖਿਆ ਪ੍ਰਣਾਲੀ ਨੂੰ ਕੰਟਰੋਲ ਕਰਨਾ ਹੈ | ਪੰਜਾਬ ਯੂਨੀਵਰਸਿਟੀ ਸੈਨੇਟ ਭੰਗ ਕਰਨਾ ਇਸੇ ਦਾ ਹਿੱਸਾ ਹੈ, ਜੋ ਕਿ ਪੂਰੀ ਤਰ੍ਹਾਂ ਗੈਰ-ਸੰਵਿਧਾਨਕ ਹੈ ਅਤੇ ਪੰਜਾਬ ਦੇ ਲੋਕ ਇਸਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ | ਇਸ ਨਾਲ ਸਭ ਤੋਂ ਵੱਡੀ ਅਯੋਗਤਾ ਦਾ ਪਰਦਾਫਾਸ਼ ਹੋਇਆ ਹੈ, ਕਿਉਂਕਿ ਸੱਤਾ ਵਿਚ ਆਉਣ ਵਾਲੀ 'ਆਪ' ਸਰਕਾਰ ਪੰਜਾਬ ਦੇ ਹੱਕਾਂ ਦੀ ਉਲੰਘਣਾ ਕਰ ਰਹੀ ਹੈ | ਵੜਿੰਗ ਨੇ ਕਿਹਾ ਕਿ ਕਾਂਗਰਸ ਪਾਰਟੀ ਚੁੱਪ ਨਹੀਂ ਰਹੇਗੀ ਅਤੇ ਜਲਦੀ ਹੀ ਇਸ ਵਿਰੁੱਧ ਆਪਣੀ ਆਵਾਜ਼ ਬੁਲੰਦ ਕਰੇਗੀ | ਕੇਂਦਰ ਸਰਕਾਰ ਸਿੱਖਿਆ ਪ੍ਰਣਾਲੀ ਨੂੰ ਕੰਟਰੋਲ ਕਰਨ ਲਈ ਕਈ ਤਰ੍ਹਾਂ ਦੇ ਹੱਥਕੰਡੇ ਅਪਣਾ ਰਹੀ ਹੈ | ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਆਪਣੇ ਦਾਖ਼ਲਾ ਫਾਰਮਾਂ ਵਿਚ ਸ਼ਰਤਾਂ 'ਤੇ ਦਸਤਖ਼ਤ ਕਰਨ ਲਈ ਮਜ਼ਬੂਰ ਕੀਤਾ ਜਾ ਰਿਹਾ ਹੈ, ਜੋ ਉਨ੍ਹਾਂ ਨੂੰ ਕਿਸੇ ਵੀ ਗਤੀਵਿਧੀ ਜਾਂ ਵਿਰੋਧ ਪ੍ਰਦਰਸ਼ਨ ਵਿਚ ਹਿੱਸਾ ਲੈਣ ਤੋਂ ਰੋਕਦੀਆਂ ਹਨ | ਇਹ ਉਨ੍ਹਾਂ ਦੇ ਅਧਿਕਾਰਾਂ ਦੀ ਉਲੰਘਣਾ ਹੈ | ਇਸ ਨਾਲ ਸੱਤ ਜ਼ਿਲਿ੍ਹਆਂ ਦੇ ਐਫੀਲੀਏਟਿਡ ਕਾਲਜਾਂ, ਤਿੰਨ ਖੇਤਰੀ ਕੈਂਪਸਾਂ ਅਤੇ ਡੀ.ਪੀ.ਆਈ. ਕਾਲਜਾਂ 'ਤੇ ਪੂਰੀ ਤਰ੍ਹਾਂ ਅਸਰ ਪਵੇਗਾ | ਜਿਨ੍ਹਾਂ ਨੂੰ ਪੂਰੀ ਤਰ੍ਹਾਂ ਨਜ਼ਰਅੰਦਾਜ਼ ਕਰ ਦਿੱਤਾ ਗਿਆ ਹੈ ਅਤੇ ਇਕ ਅਜਿਹੀ ਪ੍ਰਕਿਰਿਆ ਬਣਾਈ ਗਈ ਹੈ, ਜਿਸਨੂੰ ਪੂਰੀ ਤਰ੍ਹਾਂ ਆਰ.ਐਸ.ਐਸ. ਸਿਸਟਮ ਚਲਾ ਰਿਹਾ ਹੈ | ਉਨ੍ਹਾਂ ਕਿਹਾ ਕਿ ਸਿੱਖਿਆ ਪ੍ਰਣਾਲੀ 'ਤੇ ਆਪਣਾ ਕੰਟਰੋਲ ਬਣਾਈ ਰੱਖਣ ਲਈ ਆਰ.ਐਸ.ਐਸ. ਸਮਰਥਕ ਸਟਾਫ ਨਿਯੁਕਤ ਕਰ ਰਹੇ ਹਨ | ਉਨ੍ਹਾਂ ਵਲੋਂ ਕੀਤਾ ਗਿਆ ਹਰ ਹਮਲਾ ਪੰਜਾਬ ਦੇ ਪੂਰੇ ਢਾਂਚੇ ਨੂੰ ਕਮਜ਼ੋਰ ਕਰਨ ਦੀ ਸਾਜਿਸ਼ ਹੈ | ਆਮ ਆਦਮੀ ਪਾਰਟੀ ਦੀ ਢਿੱਲ ਕਾਰਨ ਪੰਜਾਬ ਲਈ ਖ਼ਤਰਾ ਪੈਦਾ ਹੋਇਆ ਹੈ | ਪਿੰਡ ਸੋਹਲ ਸੈਨ ਭਗਤ ਅਤੇ ਮਿਰਜ਼ਾ ਮੀਰਪੁਰ ਵਿਚ ਇਕ ਮੀਟਿੰਗ ਦੌਰਾਨ ਵਰਕਰਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਲੋਕ ਤਰਨ ਤਾਰਨ ਉਪ ਚੋਣ ਵਿਚ ਕਾਂਗਰਸ ਪਾਰਟੀ ਦੇ ਹੱਕ ਵਿਚ ਫ਼ੈਸਲਾ ਦੇਣ ਲਈ ਉਤਸੁਕ ਹਨ |
ਸਰਕਾਰ ਦੀ ਨਾਕਾਮੀ ਕਾਰਨ ਕੇਂਦਰ ਸਰਕਾਰ ਪੰਜਾਬ ਦੇ ਹੱਕਾਂ 'ਤੇ ਮਾਰ ਰਹੀ ਡਾਕਾ-ਵੜਿੰਗ <br/>
ਚੋਣ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ | <br/>
03-11-2025