ਤਰਨ ਤਾਰਨ, 3 ਨਵੰਬਰ (ਪਰਮਜੀਤ ਜੋਸ਼ੀ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਉਮੀਦਵਾਰ ਹਰਮੀਤ ਸਿੰਘ ਸੰਧੂ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਪੰਜਾਬ ਵਿਚੋਂ ਗੈਂਗਸਟਰਵਾਦ ਅਤੇ ਨਸ਼ਿਆਂ ਦੇ ਜਾਲ ਨੂੰ ਤੋੜ ਕੇ ਸੂਬੇ ਵਿਚ ਮੁੜ ਅਮਨ-ਸ਼ਾਂਤੀ ਦੀ ਬਹਾਰ ਲਿਆਂਦੀ ਹੈ | ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੀਆਂ ਢਿੱਲੀਆਂ ਨੀਤੀਆਂ ਕਾਰਨ ਇਹ ਸਮੱਸਿਆਵਾਂ ਵਿਕਰਾਲ ਰੂਪ ਧਾਰਨ ਕਰ ਗਈਆਂ ਸਨ, ਪਰ ਮਾਨ ਸਰਕਾਰ ਨੇ ਆਉਂਦੇ ਹੀ 'ਜੁਰਮ ਅਤੇ ਮਾਫੀਆ' ਪ੍ਰਤੀ 'ਜ਼ੀਰੋ ਟਾਲਰੈਂਸ' ਦੀ ਨੀਤੀ ਅਪਣਾ ਕੇ ਨੌਜਵਾਨਾਂ ਦਾ ਭਵਿੱਖ ਸੁਰੱਖਿਅਤ ਕੀਤਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵੱਖ ਵੱਖ ਪਿੰਡਾਂ ਵਿਚ ਚੋਣ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ 'ਆਪ' ਉਮੀਦਵਾਰ ਹਰਮੀਤ ਸਿੰਘ ਸੰਧੂ ਨੇ ਕਿਹਾ ਕਿ ਸਰਕਾਰ ਵਲੋਂ ਗਠਿਤ ਕੀਤੀ ਗਈ ਐਂਟੀ ਗੈਂਗਸਟਰ ਟਾਸਕ ਫੋਰਸ ਨੇ ਸੰਗਠਿਤ ਅਪਰਾਧ ਦੇ ਨੈੱਟਵਰਕ ਨੂੰ ਤੋੜਨ ਵਿਚ ਵੱਡੀ ਕਾਮਯਾਬੀ ਹਾਸਲ ਕੀਤੀ ਹੈ | ਇਸੇ ਸਖ਼ਤੀ ਦਾ ਨਤੀਜਾ ਹੈ ਕਿ ਐਨ.ਸੀ.ਆਰ.ਬੀ. (ਨੈਸ਼ਨਲ ਕ੍ਰਾਈਮ ਰਿਕਾਰਡਸ ਬਿਊਰੋ) ਦੇ ਅੰਕੜਿਆਂ (2021 ਦੀ ਤੁਲਨਾ ਵਿੱਚ 2022) ਅਨੁਸਾਰ ਪੰਜਾਬ ਵਿਚ ਕਤਲ, ਅਗਵਾ ਅਤੇ ਚੋਰੀ ਵਰਗੇ ਗੰਭੀਰ ਅਪਰਾਧਾਂ ਵਿਚ ਕਮੀ ਆਈ ਹੈ | 'ਯੁੱਧ ਨਸ਼ੇ ਦੇ ਵਿਰੁੱਧ' ਮੁਹਿੰਮ ਦਾ ਜ਼ਿਕਰ ਕਰਦਿਆਂ ਸੰਧੂ ਨੇ ਕਿਹਾ ਕਿ ਹਜ਼ਾਰਾਂ ਨਸ਼ਾ ਤਸਕਰਾਂ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ ਅਤੇ ਇਤਿਹਾਸ ਵਿਚ ਪਹਿਲੀ ਵਾਰ, ਕੁਝ ਕੁਖਿਆਤ ਨਸ਼ਾ ਤਸਕਰਾਂ ਦੀਆਂ ਅਵੈਧ ਜਾਇਦਾਦਾਂ 'ਤੇ ਬੁਲਡੋਜ਼ਰ ਚਲਾਇਆ ਗਿਆ | ਇਸ ਤੋਂ ਇਲਾਵਾ ਪੁਲਿਸ ਨੇ ਡਰੋਨ ਰਾਹੀਂ ਹੋਣ ਵਾਲੀ ਹਥਿਆਰਾਂ ਦੀ ਤਸਕਰੀ ਦੇ ਮਾਡਿਊਲਾਂ ਦਾ ਪਰਦਾਫਾਸ਼ ਕਰਕੇ ਅਤੇ ਆਰ.ਡੀ.ਐਕਸ., ਆਈ.ਈ.ਡੀ. ਤੇ ਹੈਂਡ ਗ੍ਰਨੇਡ ਵਰਗੇ ਵਿਸਫੋਟਕ ਬਰਾਮਦ ਕਰਕੇ ਰਾਸ਼ਟਰ ਵਿਰੋਧੀ ਤੱਤਾਂ ਦੇ ਮਨਸੂਬਿਆਂ 'ਤੇ ਪਾਣੀ ਫੇਰਿਆ ਹੈ |