ਤਰਨ ਤਾਰਨ, 21 ਨਵੰਬਰ (ਹਰਿੰਦਰ ਸਿੰਘ) 'ਹਿੰਦ ਦੀ ਚਾਦਰ' ਗੁਰੂ ਤੇਗ ਬਹਾਦਰ ਸਾਹਿਬ ਜੀ ਅਤੇ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ, ਭਾਈ ਦਿਆਲਾ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦਾਸਪੁਰ ਤੋਂ ਸ਼ੁਰੂ ਹੋਏ ਵਿਸ਼ੇਸ਼ ਨਗਰ ਕੀਰਤਨ ਦਾ ਸ਼ੁੱਕਰਵਾਰ ਨੂੰ ਸਵੇਰੇ ਜ਼ਿਲ੍ਹਾ ਤਰਨ ਤਾਰਨ ਦੀ ਹੱਦ ਵਿਚ ਪਹੁੰਚਣ 'ਤੇ ਸੰਗਤਾਂ ਵਲੋਂ ਫੁੱਲਾਂ ਦੀ ਵਰਖਾ ਕਰਕੇ ਭਰਵਾਂ ਸਵਾਗਤ ਕੀਤਾ ਗਿਆ | ਇਸ ਮੌਕੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਵੀ ਨਗਰ ਕੀਰਤਨ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਮੱਥਾ ਟੇਕਿਆ ਅਤੇ ਸਮੂਹ ਸੰਗਤਾਂ ਨੂੰ ਜ਼ਿਲ੍ਹਾ ਤਰਨ ਤਾਰਨ 'ਚ ਪਹੁੰਚਣ 'ਤੇ ਜੀ ਆਇਆਂ ਨੂੰ ਕਿਹਾ | ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਦੀ ਅਗਵਾਈ ਹੇਠ ਜ਼ਿਲਾ ਪ੍ਰਸ਼ਾਸਨ ਦੀ ਸਮੁੱਚੀ ਟੀਮ ਵਲੋਂ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ | ਇਸ ਦੌਰਾਨ ਪੰਜਾਬ ਪੁਲਿਸ ਦੇ ਜਵਾਨਾਂ ਵਲੋਂ ਵਿਖੇ ਨਗਰ ਕੀਰਤਨ ਦੇ ਅਦਬ-ਸਤਿਕਾਰ ਵਿਚ ਗਾਰਡ ਆਫ਼ ਆਨਰ ਪੇਸ਼ ਕੀਤਾ ਗਿਆ | ਇਸ ਉਪਰੰਤ ਨਗਰ ਕੀਰਤਨ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਰਾਹੀਂ ਹੁੰਦਾ ਹੋਇਆ ਝਬਾਲ ਚੌਕ, ਨੂਰਦੀ, ਤਰਨ ਤਾਰਨ-ਅੰਮਿ੍ਤਸਰ ਬਾਈਪਾਸ ਚੌਕ, ਤਰਨ ਤਾਰਨ ਸ਼ਹਿਰ, ਟੀ-ਪੁਆਇੰਟ ਨੇੜੇ ਮਾਝਾ ਕਾਲਜ, ਗੋਇੰਦਵਾਲ ਬਾਈਪਾਸ ਤਰਨ ਤਾਰਨ, ਵੇਈਾਪੂਈਾ ਮੋੜ, ਖ਼ਡੂਰ ਸਾਹਿਬ ਅਤੇ ਗੋਇੰਦਵਾਲ ਸਾਹਿਬ ਵਿਖੇ ਪੁੱਜਾ | ਸੰਗਤਾਂ ਵਲੋਂ ਪੂਰੇ ਜ਼ਿਲ੍ਹੇ ਵਿੱਚ ਵੱਖ-ਵੱਖ ਥਾਈਾ ਇਸ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਗਿਆ | ਬਾਅਦ ਦੁਪਹਿਰ ਨਗਰ ਕੀਰਤਨ ਦਰਿਆ ਬਿਆਸ ਪਾਰ ਕਰਕੇ ਜ਼ਿਲ੍ਹਾ ਕਪੂਰਥਲਾ ਵਿਚ ਅਗਲੇ ਪੜਾਅ ਲਈ ਰਵਾਨਾ ਹੋ ਗਿਆ | ਜਦੋਂ ਨਗਰ ਕੀਰਤਨ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਵਰਸਾਏ ਨਗਰ ਤਰਨ ਤਾਰਨ ਸਾਹਿਬ ਵਿਖੇ ਪਹੁੰਚਿਆ ਤਾਂ ਸੰਗਤਾਂ ਦੇ ਠਾਠਾਂ ਮਾਰਦੇ ਇਕੱਠ ਨੇ ਜੈਕਾਰਿਆ ਦੀ ਗੂੰਜ ਵਿਚ ਨਗਰ ਕੀਰਤਨ ਦਾ ਸਵਾਗਤ ਕੀਤਾ | ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਪਿੰਡ ਖੈਰਦੀਨ ਤੋਂ ਨਗਰ ਕੀਰਤਨ ਦੇ ਨਾਲ ਪੈਦਲ ਚੱਲ ਕੇ ਸੰਗਤਾਂ ਦੀ ਸੇਵਾ ਕੀਤੀ | ਇਸ ਮੌਕੇ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਵਲੋਂ ਮਨੁੱਖੀ ਅਧਿਕਾਰਾਂ ਅਤੇ ਧਾਰਮਿਕ ਆਜ਼ਾਦੀ ਦੀ ਰੱਖਿਆ ਲਈ ਦਿੱਤਾ ਬਲਿਦਾਨ ਪੂਰੇ ਵਿਸ਼ਵ ਦੇ ਇਤਿਹਾਸ ਵਿੱਚ ਬੇਮਿਸਾਲ ਹੈ | ਉਨ੍ਹਾਂ ਕਿਹਾ ਕਿ ਨੌਵੇਂ ਪਾਤਿਸ਼ਾਹ ਜੀ ਧਰਮ ਨਿਰਪੱਖਤਾ, ਏਕਤਾ ਅਤੇ ਵਿਸ਼ਵਵਿਆਪੀ ਭਾਈਚਾਰੇ ਦੇ ਸੱਚੇ ਪ੍ਰਤੀਕ ਸਨ | ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦਾ ਜੀਵਨ ਅਤੇ ਦਰਸ਼ਨ ਸਾਰੀ ਮਨੁੱਖਤਾ ਲਈ ਮਾਰਗ ਦਰਸ਼ਨ ਕਰਦਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਇਨਾਂ ਸਮਾਗਮਾਂ ਦਾ ਮੁੱਖ ਉਦੇਸ ਲੋਕਾਂ ਨੂੰ ਗੁਰੂ ਸਾਹਿਬ ਦੇ ਮਹਾਨ ਜੀਵਨ, ਸ਼ਹਾਦਤ ਅਤੇ ਮਨੁੱਖਤਾ ਦੇ ਸਦੀਵੀ ਸੰਦੇਸ਼ ਬਾਰੇ ਜਾਗਰੂਕ ਕਰਨਾ ਹੈ, ਜੋ ਦੁਨੀਆ ਭਰ ਦੇ ਲੱਖਾਂ ਲੋਕਾਂ ਨੂੰ ਪ੍ਰੇਰਿਤ ਕਰਦਾ ਹੈ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੰਜੀਵ ਕੁਮਾਰ, ਐੱਸ.ਡੀ.ਐੱਮ. ਤਰਨ ਤਾਰਨ ਗੁਰਮੀਤ ਸਿੰਘ, ਐੱਸ.ਪੀ.ਅਜੇਰਾਜ ਸਿੰਘ, ਐੱਸ.ਡੀ.ਐੱਮ. ਸਹਾਇਕ ਕਮਿਸ਼ਨ (ਜਨਰਲ) ਕਰਨਵੀਰ ਸਿੰਘ, 'ਆਪ' ਆਗੂ ਬਲਜੀਤ ਸਿੰਘ ਖਹਿਰਾ, ਗੁਰਦੇਵ ਸਿੰਘ ਲਾਖਨਾ, ਚੇਅਰਮੈਨ ਦਿਲਬਾਗ ਸਿੰਘ, ਸੁਖਵੰਤ ਸਿੰਘ ਧਾਮੀ, ਸਰਬਇੰਦਰ ਸਿੰਘ ਭਰੋਵਾਲ, ਕੁਲਦੀਪ ਸਿੰਘ ਰੰਧਾਵਾ, ਗੁਰਪ੍ਰੀਤ ਸਿੰਘ ਗੋਲਡੀ, ਸੂਰਜ ਕੁਮਾਰ, ਜਸਕਰਨ ਸਿੰਘ, ਜਰਨੈਲ ਸਿੰਘ, ਅੰਜੂ ਵਰਮਾ, ਤਸਬੀਰ ਕੌਰ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਮੌਜੂਦ ਸਨ |