ਤਰਨ ਤਾਰਨ, 22 ਨਵੰਬਰ (ਹਰਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਅਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਸੀਨੀਅਰ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਨੇ ਕਿਹਾ ਕਿ ਤਰਨ ਤਾਰਨ ਉਪ ਚੋਣ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਪਿੰ੍ਰਸੀਪਲ ਸੁਖਵਿੰਦਰ ਕੌਰ ਦੀ ਬੇਟੀ ਕੰਚਨਪ੍ਰੀਤ ਕੌਰ ਖ਼ਿਲਾਫ਼ ਦਰਜ ਕੀਤੇ ਗਏ ਚਾਰੇ ਕੇਸਾਂ ਵਿਚ ਅਦਾਲਤ ਵਿਚ ਉਨ੍ਹਾਂ ਨੂੰ ਜ਼ਮਾਨਤ ਦੇ ਦਿੱਤੀ ਗਈ ਹੈ | ਚੋਣਾਂ ਦੌਰਾਨ ਤਿੰਨ ਕੇਸ ਜ਼ਿਲ੍ਹਾ ਤਰਨ ਤਾਰਨ ਅਤੇ ਇਕ ਕੇਸ ਜ਼ਿਲ੍ਹਾ ਅੰਮਿ੍ਤਸਰ ਦੇ ਮਜੀਠਾ ਵਿਖੇ ਦਰਜ ਕੀਤਾ ਗਿਆ ਸੀ | ਅਰਸ਼ਦੀਪ ਸਿੰਘ ਕਲੇਰ ਨੇ ਕਿਹਾ ਕਿ ਇਹ ਸਾਰਾ ਸਰਕਾਰ ਦੀ ਬੁਖਲਾਹਟ ਦਾ ਨਤੀਜਾ ਹੈ | ਅਕਾਲੀ ਦਲ ਦੇ ਆਗੂਆਂ ਤੇ ਵਰਕਰਾਂ ਖ਼ਿਲਾਫ਼ ਝੂਠੇ ਕੇਸ ਦਰਜ ਕੀਤੇ ਗਏ, ਇਥੋਂ ਤੱਕ ਕਿ ਔਰਤਾਂ ਨੂੰ ਵੀ ਨਹੀਂ ਬਖਸ਼ਿਆ ਗਿਆ | ਪਿੰ੍ਰਸੀਪਲ ਸੁਖਵਿੰਦਰ ਕੌਰ ਦੀ ਬੇਟੀ ਕੰਚਨਪ੍ਰੀਤ ਕੌਰ ਦੇ ਖ਼ਿਲਾਫ਼ ਜੋ ਕੇਸ ਦਰਜ ਕੀਤੇ ਗਏ, ਉਨ੍ਹਾਂ ਨੂੰ ਜ਼ਿਲ੍ਹਾ ਅਦਾਲਤਾਂ ਵਲੋਂ ਮੈਰਿਟ ਦੇ ਅਧਾਰ 'ਤੇ ਜ਼ਮਾਨਤ ਦਿੱਤੀ ਗਈ ਹੈ | ਅਦਾਲਤ ਨੇ ਅਕਾਲੀ ਵਰਕਰਾਂ ਉਪਰ ਜ਼ਮਾਨਤਾਂ ਦਿੱਤੀਆਂ ਹਨ ਪਰ ਇਸ ਚੋਣ ਨੇ ਇਹ ਸਾਬਿਤ ਕਰ ਦਿੱਤਾ ਹੈ, ਕਿ ਸਰਕਾਰ ਨੇ ਚੋਣ ਜਿੱਤਣ ਲਈ ਹਰ ਹੀਲਾ ਵਰਤਿਆ, ਪਰ ਚੋਣ ਕਮਿਸ਼ਨ ਵਲੋਂ ਤਰਨ ਤਾਰਨ ਦੇ ਐੱਸ.ਐੱਸ.ਪੀ. ਨੂੰ ਮੁਅੱਤਲ ਕਰਨ ਦੇ ਨਾਲ ਨਾਲ ਉਕਤ ਮਾਮਲਿਆਂ ਵਿਚ ਪੰਜਾਬ ਦੇ ਡੀ.ਜੀ.ਪੀ. ਨੂੰ ਵੀ ਤਲਬ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਇਸ ਸਰਕਾਰੀ ਧੱਕੇਸ਼ਾਹੀ ਦੇ ਬਾਵਯੂਦ ਸਰਕਾਰੀ ਮਸ਼ੀਨਰੀ ਦੀ ਰੱਜ਼ ਕੇ ਦੁਰਵਰਤੋਂ ਹੋਈ ਪਰ ਲੋਕਾਂ ਨੇ ਸਰਕਾਰ ਨੂੰ ਸ਼ੀਸ਼ਾ ਦਿਖਾਇਆ ਅਤੇ 'ਆਪ' ਉਮੀਦਵਾਰ ਸਿਰਫ਼ 12 ਹਜ਼ਾਰ ਦੇ ਕਰੀਬ ਵੋਟਾਂ ਨਾਲ ਹੀ ਜਿੱਤ ਪ੍ਰਾਪਤ ਕਰ ਸਕਿਆ | ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਸੰਘਰਸ਼ਾਂ ਵਿਚੋਂ ਨਿਕਲੀ ਪਾਰਟੀ ਹੈ ਅਤੇ ਅਕਾਲੀ ਦਲ ਦੇ ਵਰਕਰ ਹਰ ਜੁਲਮ ਦਾ ਡੱਟ ਕੇ ਸਾਹਮਣਾ ਕਰਨ ਦੇ ਸਮਰੱਥ ਹਨ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਆਪਣੇ ਹਰ ਵਰਕਰ ਨਾਲ ਚਟਾਂਨ ਵਾਂਗ ਖ਼ੜੀ ਹੈ | ਉਨ੍ਹਾਂ ਸਰਕਾਰੀ ਅਫਸਰਾਂ ਨੂੰ ਕਿਹਾ ਕਿ ਉਹ ਵੀ ਸੰਵਿਧਾਨ ਦੇ ਦਾਇਰੇ ਵਿਚ ਰਹਿ ਕੇ ਕੰਮ ਕਰਨ, ਦਾਇਰੇ ਵਿਚੋਂ ਬਾਹਰ ਜੋ ਵੀ ਜਾਵੇਗਾ ਤਾਂ ਉਸ ਨੂੰ ਅਦਾਲਤਾਂ ਸਾਹਮਣੇ ਜਾਣਾ ਪਵੇਗਾ | ਕਲੇਰ ਨੇ ਕਿਹਾ ਕਿ ਸਰਕਾਰ ਦੇ ਮੰਤਰੀ ਕਹਿ ਰਹੇ ਹਨ ਕਿ ਅਕਾਲੀ ਦਲ ਨੇ ਅਪਰਾਧੀਆਂ ਨੂੰ ਚੋਣ ਲੜਾਈ ਪਰ ਅਦਾਲਤਾਂ ਵਲੋਂ ਉਨ੍ਹਾਂ ਨੂੰ ਅਪਰਾਧੀਆਂ ਨਹੀਂ ਮੰਨਿਆ ਅਤੇ ਜ਼ਮਾਨਤਾਂ ਦਿੱਤੀਆਂ ਗਈਆਂ | ਉਨ੍ਹਾਂ ਕਿਹਾ ਕਿ ਇਥੋਂ ਤੱਕ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਅਕਾਲੀ ਦਲ ਦੇ ਆਈ.ਟੀ. ਵਿੰਗ ਦੇ ਸੂਬਾ ਪ੍ਰਧਾਨ ਨਛੱਤਰ ਸਿੰਘ ਗਿੱਲ ਦੀ ਗਿ੍ਫ਼ਤਾਰੀ ਨੂੰ ਗੈਰ ਕਾਨੂੰਨੀ ਕਰਾਰ ਦਿੰਦਿਆਂ ਤੁਰੰਤ ਰਿਹਾਅ ਕਰਨ ਦੇ ਹੁਕਮ ਵੀ ਜਾਰੀ ਕੀਤੇ | ਉਨ੍ਹਾਂ ਕਿਹਾ ਕਿ ਝੂਠੇ ਪਰਚਿਆਂ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਨੂੰ ਕੋਈ ਵੀ ਦਬਾਅ ਨਹੀਂ ਸਕਦਾ |