ਤਰਨ ਤਾਰਨ, 6 ਦਸੰਬਰ (ਹਰਿੰਦਰ ਸਿੰਘ)-ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫਤਰ ਤਰਨ ਤਾਰਨ ਵਲੋਂ ਹਥਿਆਰਬੰਦ ਸੈਨਾ ਝੰਡਾ ਦਿਵਸ ਮਨਾਇਆ ਗਿਆ | ਇਸ ਮੌਕੇ ਸਹਾਇਕ ਕਮਿਸ਼ਨਰ ਜਨਰਲ ਕਰਨਵੀਰ ਸਿੰਘ ਵਲੋਂ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ | ਇਸ ਮੌਕੇ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਤਰਨ ਤਾਰਨ ਵਿਖੇ ਝੰਡਾ ਦਿਵਸ ਨੂੰ ਸਮਰਪਿਤ 6 ਜ਼ਰੂਰਤਮੰਦ ਨੋਨ ਪੈਨਸ਼ਨ ਸਾਬਕਾ ਸੈਨਿਕਾਂ ਨੂੰ ਪ੍ਰਤੀ ਕੇਸ 5000 ਰੁਪਏ ਝੰਡਾ ਦਿਵਸ ਫੰਡ ਵਿਚੋਂ ਮਾਲੀ ਸਹਾਇਤਾ ਦੇ ਚੈੱਕ ਵੰਡੇ ਗਏ | ਇਸ ਦਿਨ ਦੀ ਮਹੱਤਤਾ ਬਾਰੇ ਚਾਨਣਾ ਪਾਉਂਦੇ ਹੋਏ ਦੱਸਿਆ ਗਿਆ ਕਿ ਸੈਨਾ ਝੰਡਾ ਦਿਵਸ ਦੇਸ਼ ਦੇ ਅਮਰ ਸ਼ਹੀਦਾਂ ਦੀ ਯਾਦ ਸਾਡੇ ਸਭਨਾਂ ਦੇ ਮਨਾਂ 'ਚ ਤਾਜ਼ਾ ਕਰਦਾ ਹੈ, ਜਿਨ੍ਹਾਂ ਨੇ ਸਾਡੇ ਕੱਲ੍ਹ ਵਾਸਤੇ ਆਪਣੇ ਆਪ ਨੂੰ ਕੁਰਬਾਨ ਕੀਤਾ ਹੈ | ਇਸ ਦਿਨ ਸੁਰੱਖਿਆ ਸੈਨਾਵਾਂ ਵਲੋਂ ਦੇਸ਼ ਲਈ ਦਿੱਤੀਆਂ ਸੇਵਾਵਾਂ ਅਤੇ ਕੁਰਬਾਨੀਆਂ ਨੂੰ ਯਾਦ ਕੀਤਾ ਜਾਂਦਾ ਹੈ, ਜਿਸ ਨਾਲ ਸੈਨਿਕਾਂ ਦੇ ਪਰਿਵਾਰਾਂ ਨੂੰ ਹੌਸਲਾ ਮਿਲਦਾ ਹੈ ਤੇ ਵਿਸ਼ਵਾਸ ਦਿਵਾਇਆ ਜਾਂਦਾ ਹੈ ਕਿ ਦੇਸ਼ ਦੀ ਜਨਤਾ ਹਰ ਮਾੜੇ ਅਤੇ ਚੰਗੇ ਸਮੇਂ 'ਚ ਉਨ੍ਹਾਂ ਦੇ ਨਾਲ ਹੈ | ਇਸ ਮੌਕੇ ਸਹਾਇਕ ਕਮਿਸ਼ਨਰ ਕਰਨਵੀਰ ਸਿੰਘ ਨੇ ਝੰਡਾ ਫੰਡ ਇਕੱਠਾ ਕਰਨ ਲਈ ਜ਼ਿਲ੍ਹੇ ਦੇ ਸਮੂਹ ਵਿਭਾਗਾਂ, ਨਾਗਰਿਕਾਂ, ਸਰਕਾਰੀ, ਪ੍ਰਾਈਵੇਟ ਸਕੂਲਾਂ, ਕਾਲਜਾਂ, ਹਸਪਤਾਲਾਂ ਤੇ ਸੰਸਥਾਵਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀ ਸਮਰੱਥਾ ਅਨੁਸਾਰ ਵੱਧ ਚੜ੍ਹ ਕੇ ਝੰਡਾ ਦਿਵਸ ਫੰਡ ਵਿਚ ਆਪਣਾ ਯੋਗਦਾਨ ਪਾਉਣ | ਇਸ ਕਾਰਜ ਲਈ ਦਾਨ ਕੀਤੀ ਜਾਣ ਵਾਲੀ ਰਾਸ਼ੀ ਕਰ ਮੁਕਤ ਹੋਵੇਗੀ |