ਤਰਨ ਤਾਰਨ, 17 ਦਸੰਬਰ (ਹਰਿੰਦਰ ਸਿੰਘ)- ਜ਼ਿਲ੍ਹਾ ਪੁਲਿਸ ਵਲੋਂ 'ਯੁੱਧ ਨਸ਼ਿਆਂ ਵਿਰੁੱਧ' ਚਲਾਈ ਜਾ ਰਹੀ ਮੁਹਿੰਮ ਤਹਿਤ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ ਨਸ਼ੀਲੇ ਪਦਾਰਥਾਂ ਸਮੇਤ ਤਿੰਨ ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਤਰਨ ਤਾਰਨ ਪੁਲਿਸ ਵਲੋਂ ਸਾਰੀਆਂ ਸਬ-ਡਵੀਜ਼ਨਾ ਵਿਚ ਨਸ਼ਾ ਤਸਕਰਾਂ ਅਤੇ ਮਾੜੇ ਅਨਸਰਾਂ ਨੂੰ ਕਾਬੂ ਕਰਨ ਲਈ ਇਕ ਸਪੈਸ਼ਲ ਮੁਹਿੰਮ ਚਲਾਈ ਗਈ ਹੈ | ਜਿਸ ਤਹਿਤ ਐੱਸ.ਪੀ.(ਡੀ) ਰਿਪੁਤਾਪਨ ਸਿੰਘ ਵਲੋਂ ਨਸ਼ਾ ਤਸਕਰਾਂ 'ਤੇ ਕਾਬੂ ਪਾਉਣ ਲਈ ਵੱਖ-ਵੱਖ ਟੀਮਾਂ ਤਿਆਰ ਕਰਕੇ ਇਲਾਕੇ ਵਿਚ ਭੇਜੀਆਂ ਗਈਆਂ ਸਨ | ਸਬ ਡਵੀਜਨ ਭਿੱਖੀਵਿੰਡ ਅਧੀਨ ਥਾਣਾ ਖਾਲੜਾ ਦੀ ਪੁਲਿਸ ਨੇ ਬੀ.ਐੱਸ.ਐੱਫ ਦੀ ਸਹਾਇਤਾ ਨਾਲ 422 ਗ੍ਰਾਮ ਹੈਰੋਇਨ ਲਵਾਰਿਸ ਹਾਲਤ ਵਿਚ ਬਰਾਮਦ ਕਰਕੇ ਐੱਨ.ਡੀ.ਪੀ.ਐਸ ਐਕਟ ਅਤੇ ਏਅਰ ਕਰਾਫਟ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ | ਇਸੇ ਤਰ੍ਹਾਂ ਥਾਣਾ ਵਲਟੋਹਾ ਦੀ ਪੁਲਿਸ ਨੇ ਬਾਜ ਸਿੰਘ ਪੁੱਤਰ ਰਣਧੀਰ ਸਿੰਘ ਵਾਸੀ ਜੰਡ ਨੂੰ ਗਿ੍ਫਤਾਰ ਕਰਕੇ ਇਸ ਪਾਸੋਂ 8 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ | ਇਸੇ ਤਰ੍ਹਾਂ ਥਾਣਾ ਕੱਚਾ ਪੱਕਾ ਪੁਲਿਸ ਨੇ ਗਸ਼ਤ ਦੌਰਾਨ ਗੁਲਸ਼ਨ ਸਿੰਘ ਪੁੱਤਰ ਬਲਵੀਰ ਸਿੰਘ ਵਾਸੀ ਮਰਗਿੰਦਪੁਰਾ ਨੂੰ ਗਿ੍ਫ਼ਤਾਰ ਕਰਕੇ ਉਸ ਪਾਸੋਂ 8 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ | ਇਸੇ ਲੜੀ ਦੇ ਤਹਿਤ ਸਬ-ਡਵੀਜ਼ਨ ਪੱਟੀ ਅਧੀਨ ਪੈਂਦੇ ਥਾਣਾ ਸਦਰ ਪੱਟੀ ਪੁਲਿਸ ਨੇ ਬਲਜਿੰਦਰ ਸਿੰਘ ਪੁੱਤਰ ਲਖਬੀਰ ਸਿੰਘ ਵਾਸੀ ਤਲਵੰਡੀ ਸੋਭਾ ਸਿੰਘ ਨੂੰ ਗਿ੍ਫ਼ਤਾਰ ਕਰਕੇ ਉਸ ਪਾਸੋਂ 18 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ | ਐੱਸ.ਐੱਸ.ਪੀ.ਸੁਰਿੰਦਰ ਲਾਂਬਾ ਨੇ ਦੱਸਿਆ ਕਿ ਕਾਬੂ ਕੀਤੇ ਵਿਅਕਤੀਆਂ ਖ਼ਿਲਾਫ਼ ਐੱਨ.ਡੀ.ਪੀ.ਐੱਸ. ਐਕਟ ਤਹਿਤ ਮਾਮਲੇ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |