ਤਰਨ ਤਾਰਨ, 17 ਦਸੰਬਰ (ਹਰਿੰਦਰ ਸਿੰਘ)-ਅਕਾਲੀ ਦਲ ਵਾਰਿਸ ਪੰਜਾਬ ਦੇ ਮੁੱਖ ਸੇਵਾਦਾਰ ਮੈਂਬਰ ਪਾਰਲੀਮੈਂਟ ਭਾਈ ਅੰਮਿ੍ਤਪਾਲ ਸਿੰਘ ਖਾਲਸਾ ਦੇ ਪਿਤਾ ਤਰਸੇਮ ਸਿੰਘ ਨੇ ਕਿਹਾ ਕਿ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ ਮੌਜੂਦਾ ਪੰਜਾਬ ਸਰਕਾਰ ਵਲੋਂ ਸ਼ਰੇਆਮ ਧੱਕੇਸ਼ਾਹੀ ਅਤੇ ਸਰਕਾਰੀ ਮਸ਼ੀਨਰੀ ਦੇ ਦੁਰਉਪਯੋਗ ਨੇ ਲੋਕਤੰਤਰ ਦੀ ਜੜ੍ਹਾਂ ਨੂੰ ਹਿਲਾ ਦਿੱਤਾ ਹੈ | ਉਨ੍ਹਾਂ ਕਿਹਾ ਕਿ ਰਿਵਾਇਤੀ ਪਾਰਟੀਆਂ ਵਲੋਂ ਪੈਸੇ, ਡਰ ਅਤੇ ਦਬਾਅ ਵਰਗੇ ਹੱਥਕੰਡਿਆਂ ਨਾਲ ਚੋਣ ਪ੍ਰਕਿਰਿਆ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਕੀਤੀ ਗਈ | ਇਸਦੇ ਬਾਵਜੂਦ ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਕਈ ਥਾਂਵਾਂ 'ਤੇ ਹਮਾਇਤ ਪ੍ਰਾਪਤ ਆਜ਼ਾਦ ਉਮੀਦਵਾਰਾਂ ਦੀ ਜਿੱਤ ਇਹ ਸਾਬਤ ਕਰਦੀ ਹੈ ਕਿ ਲੋਕ ਅਜੇ ਵੀ ਸੱਚ, ਇਮਾਨਦਾਰੀ ਅਤੇ ਪੰਥਕ ਸੋਚ ਨਾਲ ਖੜੇ ਹਨ | ਉਨ੍ਹਾਂ ਕਿਹਾ ਕਿ ਇਹ ਨਤੀਜੇ ਕਿਸੇ ਇਕ ਪਾਰਟੀ ਦੀ ਜਿੱਤ ਨਹੀਂ, ਸਗੋਂ ਲੋਕਤੰਤਰ ਦੀ ਹਾਰ ਹਨ, ਜਿਸ ਦਾ ਸਭ ਤੋਂ ਵੱਡਾ ਸਬੂਤ ਘੱਟ ਵੋਟਿੰਗ ਪ੍ਰਤੀਸ਼ਤ ਹੈ | ਲੋਕਾਂ ਦਾ ਚੋਣ ਪ੍ਰਕਿਰਿਆ ਤੋਂ ਮੋਹ ਭੰਗ ਹੋਣਾ ਸਿਸਟਮ ਲਈ ਗੰਭੀਰ ਚਿਤਾਵਨੀ ਹੈ |