ਤਰਨ ਤਾਰਨ, 18 ਦਸੰਬਰ (ਹਰਿੰਦਰ ਸਿੰਘ)-ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ ਉਪਰ ਕੀਤੀ ਨਾਕਾਬੰਦੀ ਦੌਰਾਨ ਨਸ਼ੀਲੇ ਪਦਾਰਥਾਂ ਦਾ ਧੰਦਾ ਕਰਨ ਵਾਲੇ 5 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਤਰਨ ਤਾਰਨ ਪੁਲਿਸ ਵਲੋਂ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੇ ਹਿੱਸੇ ਵਜੋਂ ਤਰਨ ਤਾਰਨ ਪੁਲਿਸ ਵਲੋਂ ਨਸ਼ਿਆਂ ਖਿਲਾਫ਼ ਅਤੇ ਮਾੜੇ ਅਨਸਰਾਂ ਨੂੰ ਨੱਥ ਪਾਉਣ ਲਈ ਚੱਲ ਰਹੀ ਮੁਹਿੰਮ ਤਹਿਤ ਵਲੋਂ ਸਾਰੀਆਂ ਸਬ-ਡਵੀਜ਼ਨਾ ਵਿਚ ਨਸ਼ਾ ਤਸਕਰਾਂ ਅਤੇ ਮਾੜੇ ਅਨਸਰਾਂ ਨੂੰ ਕਾਬੂ ਕਰਨ ਲਈ ਇਕ ਸਪੈਸ਼ਲ ਮੁਹਿੰਮ ਐੱਸ.ਪੀ.(ਡੀ) ਰਿਪੁਤਾਪਨ ਸਿੰਘ ਦੀ ਅਗਵਾਈ ਵਿਚ ਚਲਾਈ ਜਾ ਰਹੀ ਹੈ | ਜਿਸ ਤਹਿਤ ਨਸ਼ਾ ਤਸਕਰਾਂ 'ਤੇ ਕਾਬੂ ਪਾਉਣ ਲਈ ਵੱਖ-ਵੱਖ ਟੀਮਾਂ ਤਿਆਰ ਕਰਕੇ ਇਲਾਕੇ ਵਿਚ ਭੇਜੀਆਂ ਗਈਆਂ ਸਨ | ਇਸ ਮੌਕੇ ਸਬ ਡਵੀਜਨ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਰਾਏ ਅਮਾਨਤ ਖਾਂ ਪੁਲਿਸ ਨੇ ਲਵਪ੍ਰੀਤ ਸਿੰਘ ਉਰਫ ਲਵ ਪੁੱਤਰ ਗੁਰਦੇਵ ਸਿੰਘ ਵਾਸੀ ਕਲਸ ਨੂੰ ਗਿ੍ਫ਼ਤਾਰ ਕਰਕੇ ਉਸ ਪਾਸੋਂ 21 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ | ਇਸੇ ਤਰ੍ਹਾਂ ਥਾਣਾ ਝਬਾਲ ਪੁਲਿਸ ਨੇ ਕਰਨਬੀਰ ਸਿੰਘ ਉਰਫ ਕਰਨ ਉਰਫ ਬਿੱਲਾ ਪੁੱਤਰ ਗੁਰਮੀਤ ਸਿੰਘ ਪੁੱਤਰ ਗੁਰਚਰਨ ਸਿੰਘ ਵਾਸੀ ਪੱਕਾ ਕਿਲਾ ਝਬਾਲ ਨੂੰ ਗਿ੍ਫ਼ਤਾਰ ਕਰਕੇ ਉਸ ਪਾਸੋਂ 20 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ | ਇਸੇ ਤਰ੍ਹਾਂ ਸਬ-ਡਵੀਜ਼ਨ ਭਿੱਖੀਵਿੰਡ ਅਧੀਨ ਪੈਂਦੇ ਥਾਣਾ ਖਾਲੜਾ ਪੁਲਿਸ ਨੇ ਅੰਗਰੇਜ ਸਿੰਘ ਪੁੱਤਰ ਸਰਵਨ ਸਿੰਘ ਵਾਸੀ ਰਾਜੋਕ ਨੂੰ ਗਿ੍ਫ਼ਤਾਰ ਕਰਕੇ ਉਸ ਪਾਸੋਂ 7 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ | ਇਸੇ ਤਰ੍ਹਾਂ ਥਾਣਾ ਭਿੱਖੀਵਿੰਡ ਪੁਲਿਸ ਨੇ ਕੁਲਦੀਪ ਸਿੰਘ ਪੁੱਤਰ ਅਜੀਤ ਸਿੰਘ ਵਾਸੀ ਸੁਰਸਿੰਘ ਨੂੰ ਗਿ੍ਫ਼ਤਾਰ ਕਰਕੇ ਇਸ ਪਾਸੋਂ 180 ਲੀਟਰ (25 ਬੋਤਲਾ) ਸ਼ਰਾਬ ਅਤੇ ਚਾਲੂ ਭੱਠੀ ਬ੍ਰਰਾਮਦ ਕੀਤੀ ਗਈ | ਇਸੇ ਤਰ੍ਹਾਂ ਥਾਣਾ ਖਾਲੜਾ ਪੁਲਿਸ ਨੇ ਸਰਵਨ ਸਿੰਘ ਪੁੱਤਰ ਲੱਛਮਣ ਸਿੰਘ ਵਾਸੀ ਰਾਜੋਕੇ ਨੂੰ ਗਿ੍ਫ਼ਤਾਰ ਕਰਕੇ ਉਸ ਪਾਸੋਂ 30 ਲੀਟਰ ਲਾਹਣ ਬ੍ਰਾਮਦ ਕੀਤੀ ਗਈ | ਇਸੇ ਤਰ੍ਹਾਂ ਸਬ-ਡਵੀਜ਼ਨ ਪੱਟੀ ਅਧੀਨ ਪੈਂਦੇ ਥਾਣਾ ਸਿਟੀ ਪੱਟੀ ਪੁਲਿਸ ਨੇ ਵਰਿੰਦਰ ਸਿੰਘ ਉਰਫ ਬੋਹੜਾ ਪੁੱਤਰ ਮੁਖਤਿਆਰ ਸਿੰਘ ਵਾਸੀ ਪਿੰਡ ਲੋਹਕਾ ਨੂੰ ਗਿ੍ਫ਼ਤਾਰ ਕਰਕੇ ਇਸ ਪਾਸੋਂ 15 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਕਾਬੂ ਕੀਤੇ ਵਿਅਕਤੀਆਂ ਖ਼ਿਲਾਫ਼ ਐੱਨ.ਡੀ.ਪੀ.ਐੱਸ. ਅਤੇ ਆਬਕਾਰੀ ਐਕਟ ਤਹਿਤ ਮਾਮਲੇ ਦਰਜ ਕਰਕੇ ਉਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕੀਤਾ ਜਾ ਰਿਹਾ ਹੈ |