ਪੱਟੀ, 18 ਦਸੰਬਰ (ਕੁਲਵਿੰਦਰ ਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)- ਵਿਧਾਨ ਸਭਾ ਹਲਕਾ ਪੱਟੀ ਅਧੀਨ ਪੈਂਦੇ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ 'ਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੇ ਇਤਿਹਾਸਕ ਜਿੱਤ ਦਰਜ ਕੀਤੀ ਹੈ ਕਿ ਜੋ ਕਿ ਆਮ ਆਦਮੀ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਦੀ ਜਿੱਤ ਹੈ | ਆਪਣੇ ਹਲਕੇ ਦੇ ਸਮੂਹ ਵੋਟਰਾਂ ਦਾ ਧੰਨਵਾਦ ਕਰਦਿਆਂ ਅਤੇ ਜੇਤੂ ਉਮੀਦਵਾਰਾਂ ਨੂੰ ਵਧਾਈ ਦਿੰਦਿਆਂ ਵਿਧਾਨ ਸਭਾ ਹਲਕਾ ਪੱਟੀ ਦੇ ਵਿਧਾਇਕ ਅਤੇ ਸੂਬਾ ਸਰਕਾਰ ਦੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਉਹ 'ਆਪ' ਦੀ ਹੋਈ ਇਤਿਹਾਸਿਕ ਜਿੱਤ ਤੇ ਦਿਨ-ਰਾਤ ਮਿਹਨਤ ਕਰਨ ਵਾਲੇ ਆਮ ਆਦਮੀ ਪਾਰਟੀ ਦੇ ਸਾਰੇ ਹੀ ਅਹੁਦੇਦਾਰਾਂ, ਆਗੂਆਂ ਦਾ ਅਤੇ ਹਰ ਵਲੰਟੀਅਰ ਦਾ ਦਿਲ ਦੀਆਂ ਗਹਿਰਾਈਆਂ ਤੋਂ ਧੰਨਵਾਦ ਕਰਦੇ ਹਨ | ਭੁੱਲਰ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਪੱਟੀ ਵਿਚ ਜ਼ਿਲ੍ਹਾ ਪ੍ਰੀਸ਼ਦ ਦੇ ਸਾਰੇ ਹੀ 5 ਜੋਨਾਂ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਜੇਤੂ ਰਹੇ ਹਨ | ਇਸੇ ਤਰ੍ਹਾਂ ਹਲਕੇ ਵਿਚ ਪੰਚਾਇਤ ਸੰਮਤੀਆਂ ਦੇ 25 ਜੋਨਾਂ ਵਿਚੋਂ 23 ਜੋਨਾਂ ਉੱਪਰ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੇ ਜਿੱਤ ਦਰਜ ਕੀਤੀ ਹੈ | ਉਨ੍ਹਾਂ ਕਿਹਾ ਕਿ ਇਹ ਜਿੱਤ ਸਾਬਿਤ ਕਰਦੀ ਹੈ ਕਿ ਲੋਕ ਮਾਨ ਸਰਕਾਰ ਦੀਆ ਲੋਕ-ਪੱਖੀ ਨੀਤੀਆਂ ਤੋਂ ਸੰਤੁਸ਼ਟ ਹਨ |