ਖੇਮਕਰਨ, 18 ਦਸੰਬਰ (ਰਾਕੇਸ਼ ਕੁਮਾਰ ਬਿੱਲਾ)- ਵਿਧਾਨ ਸਭਾ ਹਲਕਾ ਖੇਮਕਰਨ ਅਧੀਨ ਪੈਂਦੇ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀਆਂ ਦੇ ਸਾਰੇ ਜੋਨਾਂ 'ਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੇ ਇਤਿਹਾਸਕ ਜਿੱਤ ਦਰਜ ਕੀਤੀ ਹੈ | ਇਸ ਸ਼ਾਨਦਾਰ ਜਿੱਤ ਲਈ ਵਿਧਾਨ ਸਭਾ ਹਲਕਾ ਖੇਮਰਕਨ ਦੇ ਵਿਧਾਇਕ ਸਰਵਣ ਸਿੰਘ ਧੁੰਨ ਨੇ ਸਮੂਹ ਵੋਟਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਜਿੱਤ ਆਮ ਲੋਕਾਂ ਦੀ ਅਤੇ ਪੰਜਾਬ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਦੀ ਜਿੱਤ ਹੈ | ਵਿਧਾਇਕ ਸਰਵਣ ਸਿੰਘ ਧੁੰਨ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਖੇਮਰਕਨ ਵਿਚ ਜ਼ਿਲ੍ਹਾ ਪ੍ਰੀਸ਼ਦ ਦੇ ਸਾਰੇ ਹੀ 5 ਜੋਨਾਂ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਜੇਤੂ ਰਹੇ ਹਨ | ਇਸੇ ਤਰ੍ਹਾਂ ਹਲਕੇ ਵਿਚ ਪੰਚਾਇਤ ਸੰਮਤੀਆਂ ਦੇ ਸਾਰੇ 41 ਜੋਨਾਂ ਉੱਪਰ ਵੀ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੇ ਇਤਿਹਾਸਕ ਜਿੱਤ ਦਰਜ ਕੀਤੀ ਹੈ | ਉਨ੍ਹਾਂ ਕਿਹਾ ਕਿ ਉਹ 'ਆਪ' ਦੀ ਹੋਈ ਇਤਿਹਾਸਿਕ ਜਿੱਤ 'ਤੇ ਦਿਨ-ਰਾਤ ਮਿਹਨਤ ਕਰਨ ਵਾਲੇ ਆਮ ਆਦਮੀ ਪਾਰਟੀ ਦੇ ਸਾਰੇ ਹੀ ਅਹੁਦੇਦਾਰਾਂ, ਆਗੂਆਂ ਦਾ ਅਤੇ ਹਰ ਵਲੰਟੀਅਰ ਦਾ ਦਾਸ ਦਿਲ ਦੀਆਂ ਗਹਿਰਾਈਆਂ ਤੋਂ ਧੰਨਵਾਦ ਕਰਦੇ ਹਨ | ਧੁੰਨ ਨੇ ਕਿਹਾ ਕਿ ਇਹ ਜਿੱਤ ਸਾਬਿਤ ਕਰਦੀ ਹੈ ਕਿ ਲੋਕ ਮਾਨ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਤੋਂ ਸੰਤੁਸ਼ਟ ਹਨ |