ਹਰੀਕੇ ਪੱਤਣ, 18 ਦਸੰਬਰ (ਸੰਜੀਵ ਕੁੰਦਰਾ)-ਗੁਰੂ ਅੰਗਦ ਦੇਵ ਵੈਟਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਲੁਧਿਆਣਾ ਦੇ ਖੇਤਰੀ ਖੋਜ ਅਤੇ ਸਿਖਲਾਈ ਕੇਂਦਰ ਅਤੇ ਕਿ੍ਸ਼ੀ ਵਿਗਿਆਨ ਕੇਂਦਰ ਬੂਹ ਵਲੋਂ ਕਿਸਾਨ ਮੇਲਾ ਕਰਵਾਇਆ ਗਿਆ | ਇਸ ਮੇਲੇ ਵਿਚ ਡਾ. ਜਤਿੰਦਰਪਾਲ ਸਿੰਘ ਗਿੱਲ ਉੱਪ ਕੁਲਪਤੀ ਗੁਰੂ ਅੰਗਦ ਦੇਵ ਵੈਟਨਰੀ ਅਤੇ ਪਸ਼ੂ ਵਿਗਿਆਨ ਯੂਨੀਵਰਸਿਟੀ ਲੁਧਿਆਣਾ ਨੇ ਮੁੱਖ ਮਹਿਮਾਨ ਅਤੇ ਦਿਲਬਾਗ ਸਿੰਘ ਚੇਅਰਮੈਨ ਮਾਰਕੀਟ ਕਮੇਟੀ ਹਰੀਕੇ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ | ਡਾ. ਜਤਿੰਦਰਪਾਲ ਸਿੰਘ ਗਿੱਲ ਨੇ ਕਿਹਾ ਕਿ ਕਿ੍ਸ਼ੀ ਵਿਗਿਆਨ ਕੇਂਦਰ ਅਤੇ ਖੇਤਰੀ ਖੋਜ ਅਤੇ ਸਿਖਲਾਈ ਕੇਂਦਰ ਬੂਹ ਵਿਖੇ ਪਸ਼ੂ ਪਾਲਣ ਅਤੇ ਖੇਤੀਬਾੜੀ ਦੇ ਧੰਦੇ ਨੂੰ ਜ਼ਿਲੇ੍ਹ ਵਿਚ ਵਿਗਿਆਨਿਕ ਲੀਹਾਂ 'ਤੇ ਉਤਸ਼ਾਹਿਤ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਸਾਡੇ ਸੈਂਟਰ ਤੇ ਵਧੀਆ ਨਸਲ ਦੀਆਂ ਮੱਝਾਂ ਅਤੇ ਗਾਵਾਂ ਦੇ ਵੀਰਜ਼, ਧਾਤਾਂ ਦਾ ਚੂਰਾ, ਬਾਈਪਾਸ ਫੈਟ ਅਤੇ ਪਸ਼ੂ ਚਾਟ ਕਿਸਾਨ ਵੀਰਾਂ ਨੂੰ ਉਪਲੱਬਧ ਕਰਵਾਈ ਜਾ ਰਹੀ ਹੈ | ਚੇਅਰਮੈਨ ਦਿਲਬਾਗ ਸਿੰਘ ਸੰਧੂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਪਸ਼ੂ ਪਾਲਣ ਅਤੇ ਖੇਤੀਬਾੜੀ ਸੰਬੰਧਿਤ ਵੱਖ ਵੱਖ ਸਕੀਮਾਂ ਨੂੰ ਕਿਸਾਨ ਵੀਰਾਂ ਤੱਕ ਪਹੁੰਚਾਇਆ ਜਾ ਰਿਹਾ ਹੈ, ਤਾਂ ਕਿ ਖੇਤੀਬਾੜੀ ਖਰਚੇ ਘਟਾ ਕੇ ਕਿਸਾਨਾਂ ਦੀ ਆਮਦਨ ਵਧਾਈ ਜਾ ਸਕੇ | ਖੇਤਰੀ ਖੋਜ ਅਤੇ ਸਿਖਲਾਈ ਕੇਂਦਰ ਤੇ ਪਿਛਲੇ ਦਿਨਾਂ ਤੋਂ ਚੱਲ ਰਹੇ ਨੀਲੀ ਰਾਵੀ ਮੱਝਾਂ ਦੇ ਦੁੱਧ ਚੁਆਈ ਮੁਕਾਬਲੇ ਦੇ ਜੇਤੂਆਂ ਨੂੰ ਇਨਾਮ ਵੰਡੇ ਗਏ | ਡਾ. ਰਵਿੰਦਰ ਸਿੰਘ ਗਰੇਵਾਲ ਨਿਰਦੇਸ਼ਕ ਪਸਾਰ ਸਿੱਖਿਆ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਵੀ ਇਸ ਕੇਂਦਰ 'ਤੇ ਇਸ ਤਰ੍ਹਾਂ ਦੇ ਮੁਕਾਬਲੇ ਕਰਵਾਏ ਜਾਣਗੇ, ਤਾਂ ਜੋ ਪਸ਼ੂਆਂ ਦੇ ਨਸਲ ਸੁਧਾਰ ਨੂੰ ਉਤਸ਼ਾਹਿਤ ਕੀਤਾ ਜਾ ਸਕੇ | ਪੀ.ਡੀ.ਐੱਫ.ਏ. ਦੇ ਪ੍ਰਧਾਨ ਦਲਜੀਤ ਸਿੰਘ ਸਦਰਪੁਰਾ ਯੂਨੀਵਰਸਿਟੀ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ | ਮੇਲੇ ਵਿਚ ਡੇਅਰੀ ਫਾਰਮਿੰਗ ਦੇ ਕੀਤੇ ਵਿਚ ਵਧੀਆ ਕੰਮ ਕਰਨ ਵਾਲੇ ਕਿਸਾਨ ਵੀਰਾਂ ਨੂੰ ਸਨਮਾਨਿਤ ਕੀਤਾ ਗਿਆ | ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧ ਲਈ ਹਰੀਕੇ ਪੱਤਣ ਅਤੇ ਕਿਰਤੋਵਾਲ ਖੁਰਦ ਦੀ ਪੰਚਾਇਤ ਨੂੰ ਸਨਮਾਨਿਤ ਕੀਤਾ ਗਿਆ | ਮੇਲੇ ਵਿਚ ਵੱਖ-ਵੱਖ ਵਿਭਾਗਾਂ ਵਲੋਂ ਕਿਸਾਨ ਵੀਰਾਂ ਦੀ ਜਾਣਕਾਰੀ ਲਈ ਪ੍ਰਦਰਸ਼ਨੀਆਂ ਲਗਾਈਆਂ ਗਈਆਂ | ਡਾ. ਪ੍ਰਭਜੀਤ ਸਿੰਘ ਨੇ ਆਏ ਹੋਏ ਕਿਸਾਨ ਵੀਰਾਂ ਦਾ ਧੰਨਵਾਦ ਕੀਤਾ | ਇਸ ਮੇਲੇ ਵਿਚ ਖੇਤੀਬਾੜੀ ਨਾਲ ਸੰਬੰਧਿਤ ਵੱਖ-ਵੱਖ ਅਦਾਰਿਆਂ ਅਤੇ ਕੰਪਨੀਆਂ ਵਲੋਂ ਪ੍ਰਦਰਸ਼ਨੀਆਂ ਲਗਾਈਆਂ ਗਈਆਂ | ਮੇਲੇ ਵਿਚ ਸਾਰੇ ਜ਼ਿਲ੍ਹੇ ਵਿਚੋਂ ਵੱਡੀ ਗਿਣਤੀ ਵਿਚ ਕਿਸਾਨ ਵੀਰਾਂ ਨੇ ਭਾਗ ਲਿਆ | ਇਸ ਮੌਕੇ ਚੇਅਰਮੈਨ ਸੁਖਰਾਜ ਸਿੰਘ ਕਿਰਤੋਵਾਲ, ਸਰਪੰਚ ਇਕਬਾਲ ਸਿੰਘ ਸਿੱਧੂ ਹਰੀਕੇ, ਸਰਪੰਚ ਗੁਰਵਿੰਦਰ ਸਿੰਘ ਜਿੰਦਾਵਾਲਾ, ਸਰਪੰਚ ਸੋਨੂੰ ਭੁੱਲਰ ਕਿਰਤੋਵਾਲ, ਸਰਪੰਚ ਜਗਦੇਵ ਸਿੰਘ ਜੰਗ, ਸਰਪੰਚ ਗੁਰਮੇਜ ਸਿੰਘ, ਸਰਪੰਚ ਰਣਜੀਤ ਸਿੰਘ ਆਦਿ ਹਾਜ਼ਰ ਸਨ |