ਤਰਨ ਤਾਰਨ, 19 ਦਸੰਬਰ (ਹਰਿੰਦਰ ਸਿੰਘ)- ਸਕੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਮਾਪੇ -ਅਧਿਆਪਕ ਰਿਸ਼ਤੇ ਨੂੰ ਹੋਰ ਗੂੜ੍ਹਾ ਕਰਨ ਲਈ ਅਤੇ ਸਰਕਾਰੀ ਸਕੂਲਾਂ ਵਿਚ ਸਿੱਖਿਆ ਹਾਸਲ ਕਰ ਰਹੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਵਿਦਿਆਰਥੀਆਂ ਦੀ ਵਿਦਿਅਕ ਕਾਰਗੁਜਾਰੀ ਅਤੇ ਉਨ੍ਹਾਂ ਦੀਆਂ ਪ੍ਰਾਪਤੀਆਂ ਤੋਂ ਜਾਣੂ ਕਰਵਾਉਣ ਦੇ ਨਾਲ-ਨਾਲ ਇਸ ਵਾਰ ਸਿੱਖਿਆ ਵਿਭਾਗ 20 ਦਸੰਬਰ ਨੂੰ ਹੋ ਰਹੀ ਮੈਗਾ ਮਾਪੇ ਅਧਿਆਪਕ ਮਿਲਣੀ ਦੌਰਾਨ ਨਿਵੇਕਲੇ ਉਪਰਾਲੇ ਰਾਹੀਂ ਮਾਪਿਆਂ ਦੀ ਵਰਕਸ਼ਾਪ ਆਯੋਜਿਤ ਕਰਵਾਉਣ ਜਾ ਰਿਹਾ ਹੈ | ਜਾਣਕਾਰੀ ਦਿੰਦਿਆਂ ਸਤਿਨਾਮ ਸਿੰਘ ਬਾਠ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਅਤੇ ਐਲੀਮੈਂਟਰੀ ਸਿੱਖਿਆ ਨੇ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ਦੇ ਸਮੂਹ ਸਰਕਾਰੀ ਸਕੂਲਾਂ ਵਿਚ ਇਸ ਵਾਰ ਕਰਵਾਈ ਜਾ ਰਹੀ ਮੈਗਾ ਮਾਪੇ-ਅਧਿਆਪਕ ਪ੍ਰੋਗਰਾਮ ਵਿਚ ਕੁਝ ਵੱਖਰਾ ਹੋਵੇਗਾ, ਜਿਸ ਵਿਚ ਮਾਪਿਆਂ ਦੀ 100 ਫੀਸਦੀ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਲਈ ਵਿਭਾਗ ਵਲੋਂ ਵਿਸੇਸ਼ ਉਪਰਾਲੇ ਕੀਤੇ ਜਾ ਰਹੇ ਹਨ | ਉਨ੍ਹਾਂ ਕਿਹਾ ਕਿ 20 ਦਸੰਬਰ ਦਿਨ ਸ਼ਨੀਵਾਰ ਨੂੰ ਸਰਕਾਰੀ ਸਕੂਲਾਂ ਵਿਚ ਕਰਵਾਈ ਜਾ ਰਹੀ ਮੈਗਾ ਮਾਪੇ-ਅਧਿਆਪਕ ਮਿਲਣੀ ਦੌਰਾਨ ਵਿਦਿਆਰਥੀਆਂ ਦੇ ਮਾਪਿਆਂ ਦੀਆਂ ਦਿਲਚਸਪ ਗਤੀਵਿਧੀਆਂ ਨਾਲ ਇਕ ਘੰਟੇ ਦੀ ਵਰਕਸ਼ਾਪ, ਵਿਦਿਆਰਥੀਆਂ ਦੇ ਹੁਣ ਤੱਕ ਦੀ ਸਮੁੱਚੀ ਕਾਰਗੁਜਾਰੀ, ਸਰਕਾਰੀ ਸਕੂਲਾਂ ਵਿਚ ਮਿਲਦੀਆਂ ਸਹੂਲਤਾਂ, ਸਰਕਾਰੀ ਸਕੂਲਾਂ ਦੀ ਸਿੱਖਿਆ ਲਈ ਆਧੁਨਿਕ ਸਿੱਖਣ ਸਿਖਾਉਣ ਦੀਆਂ ਤਕਨੀਕਾਂ ਸੰਬੰਧੀ ਜਾਣਕਾਰੀ, ਅਧਿਆਪਕਾਂ ਤੇ ਮਾਪਿਆਂ ਵਿਚ ਸਿੱਧੇ ਆਪਸੀ ਸੰਪਰਕ ਰਾਹੀਂ ਗੱਲਬਾਤ ਦੌਰਾਨ ਵਿਦਿਆਰਥੀ ਦੀ ਫੀਡਬੈਕ, ਨਵੇਂ ਸੈਸ਼ਨ ਦੌਰਾਨ ਵਿਦਿਆਰਥੀਆਂ ਦੇ ਨਵੇਂ ਦਾਖਲੇ ਨੂੰ ਵਧਾਉਣ ਸੰਬੰਧੀ ਗੱਲਬਾਤ ਦੇ ਨਾਲ-ਨਾਲ ਸਰਕਾਰੀ ਸਕੂਲਾਂ ਵਿਚ ਸਿੱਖਿਆ ਹਾਸਲ ਕਰ ਰਹੇ ਵਿਦਿਆਰਥੀਆਂ ਦੀ 100 ਫੀਸਦੀ ਹਾਜ਼ਰੀ ਯਕੀਨੀ ਬਣਾਉਣ ਅਤੇ ਜ਼ੀਰੋ ਡਰਾਪਆਊਟ ਤੇ ਸਕੂਲੋਂ ਵਿਰਵੇ ਬੱਚਿਆਂ ਨੂੰ ਸਕੂਲੀ ਸਿੱਖਿਆ ਨਾਲ ਜੋੜਨ ਹਿੱਤ ਕੀਤੇ ਜਾਣ ਵਾਲੇ ਉਪਰਾਲਿਆਂ ਸੰਬੰਧੀ ਵਿਚਾਰ ਚਰਚਾ ਹੋਵੇਗੀ | ਉਨ੍ਹਾਂ ਦੱਸਿਆ ਕਿ ਇਸਦਾ ਉਦੇਸ਼ ਪੰਜਾਬ ਰਾਜ ਦੇ ਸਮੂਹ ਸਰਕਾਰੀ ਸਕੂਲਾਂ ਦੇ ਐੱਸ.ਐੱਮ.ਸੀ. ਦੇ ਮੈਂਬਰਾਂ ਅਤੇ ਵਿਦਿਆਰਥੀਆਂ ਦੇ ਮਾਪਿਆਂ ਦੀ ਸਕੂਲ ਵਿਕਾਸ ਵਿਚ ਭਾਈਚਾਰਕ ਸ਼ਮੂਲੀਅਤ ਨੂੰ ਮਜ਼ਬੂਤ ਕਰਨਾ, ਮਾਪਿਆਂ ਨੂੰ ਆਪਣੇ ਬੱਚਿਆਂ ਦੀ ਸਿੱਖਿਆ ਵਿਚ ਸਰਗਰਮ ਭੂਮਿਕਾ ਨਿਭਾਉਣ ਲਈ ਜਾਗਰੂਕ ਕਰਨਾ ਅਤੇ ਸਕੂਲ ਦੇ ਕਾਰਜ ਵਿਚ ਮਾਪਿਆਂ ਦੀ ਭਾਗੀਦਾਰੀ ਨੂੰ ਵਧਾਉਣਾ ਹੈ | ਬਲਜਿੰਦਰ ਸਿੰਘ ਡੀ.ਆਰ.ਸੀ ਸੈਕੰਡਰੀ ਅਤੇ ਅਨੂਪ ਸਿੰਘ ਮੈਣੀ ਡੀ.ਆਰ.ਸੀ ਪ੍ਰਾਇਮਰੀ ਨੇ ਸਾਂਝੇ ਤੌਰ ਤੇ ਦੱਸਿਆ ਕਿ ਮੈਗਾ ਮਾਪੇ-ਅਧਿਆਪਕ ਮਿਲਣੀ ਸੰਬੰਧੀ ਵਲੋਂ ਪੂਰੀ ਤਿਆਰੀ ਕੀਤੀ ਗਈ ਹੈ | ਉਹਨਾਂ ਦੱਸਿਆ ਕਿ ਮਾਪਿਆਂ ਦੀ ਵਰਕਸ਼ਾਪ ਦਾ ਸਮਾਂ 1 ਤੋਂ ਡੇਢ ਘੰਟੇ ਦਾ ਹੋਵੇਗਾ | ਵਰਕਸ਼ਾਪ ਤੋਂ ਬਾਅਦ ਮਾਪੇ-ਅਧਿਆਪਕ-ਵਿਦਿਆਰਥੀ ਮਿਲਣੀ ਕੀਤੀ ਜਾਵੇਗੀ |