ਤਰਨ ਤਾਰਨ, 20 ਦਸੰਬਰ (ਹਰਿੰਦਰ ਸਿੰਘ)-ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੁਆਰਾ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਹਿੱਤ ਦਫ਼ਤਰ ਜ਼ਿਲ੍ਹਾ ਪ੍ਰੋਗਰਾਮ ਅਫਸਰ ਤਰਨ ਤਾਰਨ ਰਾਹੁਲ ਅਰੋੜਾ ਵਲੋਂ 'ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਤਰਨ ਤਾਰਨ' ਅਧੀਨ ਦੁਸਹਿਰਾ ਗਰਾਊਾਡ ਤਰਨ ਤਾਰਨ ਵਿਖੇ ਕਰਵਾਏ ਜਾ ਰਹੇ 'ਪੰਜਾਬ ਸਖੀ ਸ਼ਕਤੀ ਮੇਲਾ' ਵਿਚ ਵਿਸ਼ੇਸ਼ ਸ਼ਮੂਲੀਅਤ ਕੀਤੀ ਗਈ | ਜ਼ਿਲ੍ਹਾ ਪ੍ਰੋਗਰਾਮ ਅਫਸਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵਿਭਾਗ ਦੀਆਂ ਤਿੰਨ ਸਟਾਲਾਂ ਲਗਾਈਆਂ ਗਈਆਂ ਹਨ, ਜਿਸ ਵਿਚ ਸਖੀ ਵਨ ਸਟੌਪ ਸੈਂਟਰ, ਬਾਲ ਸੁਰੱਖਿਆ ਯੂਨਿਟ ਅਤੇ ਬੇਟੀ ਬਚਾਓ ਬੇਟੀ ਪੜ੍ਹਾਓ ਸਕੀਮ ਸ਼ਾਮਿਲ ਹਨ | ਬੇਟੀ ਬਚਾਓ ਬੇਟੀ ਪੜ੍ਹਾਓ ਮੁਹਿੰਮ ਦੇ ਅਧੀਨ ਇੱਥੇ ਕਿਸ਼ੋਰੀਆਂ ਅਤੇ ਔਰਤਾਂ ਦਾ ਬਿਨਾਂ ਸੈਂਪਲ ਐਚ.ਬੀ. ਟੈਸਟ ਕੀਤੇ ਜਾ ਰਹੇ ਹਨ ਅਤੇ ਆਂਗਣਵਾੜੀ ਵਰਕਰਾਂ ਵਲੋਂ ਵੱਖ-ਵੱਖ ਤਰ੍ਹਾਂ ਦੀਆਂ ਗਤੀਵਿਧੀਆਂ ਰਾਹੀਂ ਵਿਭਾਗ ਦੀਆਂ ਵੱਖ-ਵੱਖ ਸਕੀਮਾਂ ਬਾਰੇ ਜਾਗਰੂਕਤਾ ਫੈਲਾਈ ਜਾ ਰਹੀ ਹੈ, ਜਿੰਨ੍ਹਾਂ ਦਾ ਉਦੇਸ਼ ਗਰਭਵਤੀ ਮਹਿਲਾਵਾਂ, ਦੁੱਧ ਪਿਲਾਉਣ ਵਾਲੀਆਂ ਮਾਵਾਂ ਅਤੇ ਕਿਸ਼ੋਰੀਆਂ ਵਿਚ ਪੋਸ਼ਣ ਪ੍ਰਤੀ ਜਾਗਰੂਕਤਾ, ਬੱਚਿਆਂ ਦੀ ਸਿਹਤ ਜਾਂਚ ਅਤੇ ਵਾਧਾ ਸਿਹਤਮੰਦ ਜੀਵਨਸ਼ੈਲੀ ਬਾਰੇ ਜਾਗਰੂਕਤਾ ਫੈਲਾਉਣਾ ਹੈ | ਇਸ ਦੇ ਨਾਲ ਹੀ ਸਖੀ ਵਨ ਸਟੌਪ ਸੈਂਟਰ ਵਲੋਂ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ, ਜਿਵੇਂ ਕਿ ਐਮਰਜੈਂਸੀ ਸੇਵਾਵਾਂ, ਪੁਲਿਸ ਸਹਾਇਤਾ, ਸ਼ੈਲਟਰ ਦੀ ਸਹਾਇਤਾ, ਕਾਨੂੰਨੀ ਸਹਾਇਤਾ, ਡਾਕਟਰੀ ਸਹਾਇਤਾ ਅਤੇ ਕਾਉਂਸਲਿੰਗ ਦੀ ਸਹਾਇਤਾ ਬਾਰੇ ਮਹਿਲਾਵਾਂ ਨੂੰ ਜਾਣੂ ਕਰਵਾਇਆ ਜਾ ਰਿਹਾ ਹੈ | ਰਾਹੁਲ ਅਰੋੜਾ ਨੇ ਕਿਹਾ ਕਿ ਵਿਭਾਗ ਵਲੋਂ ਮਹਿਲਾਵਾਂ ਅਤੇ ਬੱਚਿਆਂ ਦੀ ਸੁਰੱਖਿਆ ਅਤੇ ਪੋਸ਼ਣ ਸਿਹਤ ਲਈ ਇਸ ਤਰ੍ਹਾਂ ਦੀਆਂ ਕੋਸ਼ਿਸ਼ਾਂ ਜਾਰੀ ਰਹਿਣਗੀਆਂ, ਤਾਂ ਜੋ ਮਹਿਲਾਵਾਂ ਸਵੈ-ਨਿਰਭਰ ਹੋ ਸਕਣ ਅਤੇ ਬੱਚੇ ਚੰਗੇ ਸਿੱਖਿਆ ਪ੍ਰਾਪਤ ਕਰਕੇ ਬੁਲੰਦੀਆਂ ਤੱਕ ਪਹੁੰਚ ਸਕਣ |