ਮੀਆਂਵਿੰਡ, 21 ਦਸੰਬਰ (ਗੁਰਪ੍ਰਤਾਪ ਸਿੰਘ ਸੰਧੂ)- ਲੰਘੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿਚ ਕਾਂਗਰਸ ਪਾਰਟੀ ਜਿੱਥੇ ਪੰਜਾਬ ਵਿਚ ਮਜ਼ਬੂਤ ਹੋਈ ਹੈ, ਉੱਥੇ ਹੀ ਹਲਕਾ ਬਾਬਾ ਬਕਾਲਾ ਸਾਹਿਬ ਵਿਚ ਵੀ ਕਾਂਗਰਸ ਪਾਰਟੀ ਪੂਰੀ ਮਜ਼ਬੂਤੀ ਨਾਲ ਉੱਭਰੀ ਹੈ | ਇਹ ਸ਼ਬਦ ਯੂਥ ਕਾਂਗਰਸੀ ਆਗੂ ਗੁਰਸਿਮਰਨ ਸਿੰਘ ਸਿੰਮੀ ਸਰਲੀ ਨੇ ਗੱਲਬਾਤ ਕਰਦਿਆਂ ਕਹੇ | ਉਨ੍ਹਾਂ ਕਿਹਾ ਕਿ ਇਨ੍ਹਾਂ ਚੋਣਾਂ ਵਿਚ ਲੋਕਾਂ ਵਲੋਂ ਕਾਂਗਰਸ ਪਾਰਟੀ ਲਈ ਵਿਖਾਏ ਉਤਸ਼ਾਹ ਨੇ ਸਾਬਤ ਕਰ ਦਿੱਤਾ ਹੈ ਕਿ ਲੋਕ ਵਿਧਾਨ ਸਭਾ ਹਲਕਾ ਬਾਬਾ ਬਕਾਲਾ ਸਾਹਿਬ ਵਿਚ ਸਾਬਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਨਾਲ ਚਟਾਨ ਵਾਂਗ ਖੜ੍ਹੇ ਹਨ | ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰੀਸ਼ਦ ਦੀਆਂ ਤਿੰਨ ਸੀਟਾਂ ਵਿਚੋਂ ਇਕ ਸੀਟ 'ਤੇ ਸਾਰੀਆਂ ਪਾਰਟੀਆਂ ਦੇ ਕਾਗਜ਼ ਰੱਦ ਹੋਣ ਕਰਕੇ ਦੋ ਜ਼ਿਲ੍ਹਾ ਪ੍ਰੀਸ਼ਦ ਸੀਟਾਂ 'ਤੇ ਚੋਣ ਹੋਈ ਸੀ ਤੇ ਦੋਵਾਂ ਸੀਟਾਂ ਕਾਂਗਰਸ ਪਾਰਟੀ ਨੇ ਵੱਡੇ ਫਰਕ ਨਾਲ ਜਿੱਤ ਪ੍ਰਾਪਤ ਕੀਤੀ ਤੇ 14 ਸੀਟਾਂ ਬਲਾਕ ਸੰਮਤੀ ਦੀਆਂ ਜਿੱਤੀਆਂ ਤੇ ਸੱਤਾਧਾਰੀ ਪਾਰਟੀ ਨੂੰ ਪਛਾੜਦੇ ਹੋਏ ਆਪਣੀ ਛਵੀ ਨੂੰ ਮਜ਼ਬੂਤ ਕੀਤਾ |