ਤਰਨ ਤਾਰਨ, 22 ਦਸੰਬਰ (ਹਰਿੰਦਰ ਸਿੰਘ)- ਪੰਜਾਬ ਸਰਕਾਰ ਨੇ ਸਿੱਖਾਂ ਲਈ ਧਾਰਮਿਕ ਮਹੱਤਤਾ ਵਾਲੇ ਤਿੰਨ ਸ਼ਹਿਰਾਂ ਨੂੰ ਪਵਿੱਤਰ ਸਹਿਰਾਂ ਦਾ ਦਰਜਾ ਦੇਣ ਸੰਬੰਧੀ ਨੋਟੀਫਿਕੇਸਨ ਜਾਰੀ ਕਰਕੇ ਇੱਕ ਇਤਿਹਾਸਕ ਕਾਰਜ ਕੀਤਾ ਹੈ | ਇਨ੍ਹਾਂ ਤਿੰਨਾਂ ਸ਼ਹਿਰਾਂ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦੇਣ ਦਾ ਇਹ ਐਲਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਵੇਂ ਸ਼ਹੀਦੀ ਦਿਹਾੜੇ ਨੂੰ ਮਨਾਉਣ ਲਈ ਰਾਜ ਪੱਧਰੀ ਸਮਾਗਮ ਮੌਕੇ ਸ੍ਰੀ ਆਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ਤੋਂ ਕੀਤਾ ਗਿਆ ਸੀ | ਇਸ ਇਤਿਹਾਸਕ ਫੈਸਲੇ ਲਈ ਮੁੱਖ ਮੰਤਰੀ ਭਗਵੰਤ ਮਾਨ ਅਤੇ ਸਮੁੱਚੀ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਵਿਧਾਨ ਸਭਾ ਹਲਕਾ ਤਰਨ ਤਾਰਨ ਦੇ ਵਿਧਾਇਕ ਹਰਮੀਤ ਸਿੰਘ ਸੰਧੂ ਨੇ ਕਿਹਾ ਕਿ ਸਿੱਖਾਂ ਦੇ ਪੰਜ ਸਿੱਖ ਤਖਤ ਸਾਹਿਬਾਨ 'ਚੋਂ ਤਿੰਨ ਤਖ਼ਤ ਪੰਜਾਬ 'ਚ ਸਥਿਤ ਹਨ, ਜਿਨ੍ਹਾਂ ਵਿਚ ਸ੍ਰੀ ਅਕਾਲ ਤਖਤ ਸਾਹਿਬ ਅੰਮਿ੍ਤਸਰ, ਤਖਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਆਨੰਦਪੁਰ ਸਾਹਿਬ ਅਤੇ ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਸ਼ਾਮਿਲ ਹਨ ਅਤੇ ਪਵਿੱਤਰ ਤਖਤ ਸਾਹਿਬਾਨ ਦੀ ਸਥਾਪਨਾ ਵਾਲੇ ਇਨ੍ਹਾਂ ਤਿੰਨਾਂ ਸਹਿਰਾਂ ਨੂੰ ਪੰਜਾਬ ਸਰਕਾਰ ਵਲੋਂ ਹੁਣ ਅਧਿਕਾਰਤ ਤੌਰ 'ਤੇ ਰੂਹਾਨੀਅਤ ਦੇ ਕੇਂਦਰਾਂ ਅਤੇ ਪਵਿੱਤਰ ਸ਼ਹਿਰਾਂ ਦਾ ਦਰਜਾ ਦਿੱਤਾ ਗਿਆ ਹੈ | ਸੰਧੂ ਨੇ ਕਿਹਾ ਕਿ ਸੂਬਾ ਸਰਕਾਰ ਇਨ੍ਹਾਂ ਪਵਿੱਤਰ ਸ਼ਹਿਰਾਂ 'ਚ ਆਉਣ ਵਾਲੇ ਸ਼ਰਧਾਲੂਆਂ ਲਈ ਸਾਰੀਆਂ ਜ਼ਰੂਰੀ ਸਹੂਲਤਾਂ ਯਕੀਨੀ ਬਣਾਏਗੀ |