ਖਾਲੜਾ, 22 ਦਸੰਬਰ (ਜੱਜਪਾਲ ਸਿੰਘ)-ਵਿਧਾਨ ਸਭਾ ਹਲਕਾ ਖੇਮਕਰਨ ਦੇ ਵਿਧਾਇਕ ਸਰਵਣ ਸਿੰਘ ਧੁੰਨ ਵਲੋਂ ਬਲਾਕ ਭਿੱਖੀਵਿੰਡ ਅਧੀਨ ਪੈਂਦੇ ਪਿੰਡ ਬਾਸਰਕੇ ਅਤੇ ਡੱਲ ਵਿਖੇ ਵੱਖ-ਵੱਖ ਸੰਪਰਕ ਸੜਕਾਂ ਨੂੰ ਅਪਗ੍ਰੇਡੇਸ਼ਨ ਕਰਨ ਦੇ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਿਆ ਗਿਆ | ਇਸ ਮੌਕੇ ਇਲਾਕਾ ਨਿਵਾਸੀਆਂ ਨਾਲ ਗੱਲ ਕਰਦਿਆਂ ਵਿਧਾਇਕ ਸਰਵਣ ਸਿੰਘ ਧੁੰਨ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਦੀ ਦਿਸ਼ਾ 'ਚ ਅਤੇ ਇਸ ਦੇ ਸਰਬਪੱਖੀ ਵਿਕਾਸ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ | ਇਸੇ ਲੜੀ ਤਹਿਤ ਪੰਜਾਬ ਸਰਕਾਰ ਵਲੋਂ ਸੂਬੇ ਦੇ ਬਾਸ਼ਿੰਦਿਆਂ ਲਈ ਬਿਹਤਰੀਨ ਸੜਕੀ ਨੈੱਟਵਰਕ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ | ਧੁੰਨ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਵਿੱਤੀ ਸਾਲ 2025-26 ਦੌਰਾਨ 840 ਕਿਲੋਮੀਟਰ ਲੰਬਾਈ ਦੀ ਸੜਕਾਂ ਦੀ ਉਸਾਰੀ 'ਤੇ 663 ਕਰੋੜ ਰੁਪਏ ਖਰਚ ਕਰਨ ਦੀ ਯੋਜਨਾ ਹੈ, ਜਿਸ 'ਚੋਂ 501.76 ਕਿਲੋਮੀਟਰ ਦੀ ਉਸਾਰੀ ਦਾ ਕੰਮ ਪੂਰਾ ਹੋ ਚੁੱਕਾ ਹੈ | ਇਸ ਸਕੀਮ ਅਧੀਨ 334. 31 ਕਰੋੜ ਰੁਪਏ ਖਰਚ ਕੀਤੇ ਜਾ ਚੁੱਕੇ ਹਨ | ਉਨ੍ਹਾਂ ਦੱਸਿਆ ਕਿ ਵਿੱਤੀ ਸਾਲ 2025-26 ਦੌਰਾਨ ਸੂਬੇ ਵਿਚ 31 ਪੁਲਾਂ ਦੀ ਉਸਾਰੀ 'ਤੇ 155 ਕਰੋੜ ਰੁਪਏ ਖਰਚ ਕਰਨ ਦੀ ਯੋਜਨਾ ਹੈ, ਜਿਸ ਵਿਚੋਂ 29 ਪੁਲਾਂ ਦੀ ਉਸਾਰੀ ਦਾ ਕੰਮ ਪ੍ਰਗਤੀ ਅਧੀਨ ਜਿਨ੍ਹਾਂ ਵਿਚੋਂ 2 ਦਾ ਕੰਮ ਮੁਕੰਮਲ ਹੋ ਗਿਆ ਹੈ | ਇਸ ਸਕੀਮ ਅਧੀਨ 30.99 ਕਰੋੜ ਰੁਪਏ ਖਰਚ ਕੀਤੇ ਜਾ ਚੁੱਕੇ ਹਨ | ਉਨ੍ਹਾਂ ਕਿਹਾ ਕਿ ਲੋਕ ਨਿਰਮਾਣ ਵਿਭਾਗ ਨੇ 1543 ਕਰੋੜ ਰੁਪਏ ਦੀ ਲਾਗਤ ਨਾਲ 10263 ਕਿਲੋਮੀਟਰ ਲਿੰਕ ਸੜਕਾਂ ਦੀ ਵਿਸ਼ੇਸ਼ ਮੁਰੰਮਤ/ਆਧੁਨਿਕੀਕਰਨ ਲਈ ਮੁਹਿੰਮ ਸ਼ੁਰੂ ਕੀਤੀ ਹੈ |