ਫਤਿਆਬਾਦ, 22 ਦਸੰਬਰ (ਹਰਵਿੰਦਰ ਸਿੰਘ ਧੂੰਦਾ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਲੋਟਸ ਵੈਲੀ ਸੀਨੀਅਰ ਸਕੂਲ ਵਿਚ ਸਕੂਲ ਦੇ ਡਾਇਰੈਕਟਰ ਸਰਵਜੀਤ ਸਿੰਘ ਗਿੱਲ ਅਤੇ ਪਿ੍ੰਸੀਪਲ ਮੈਡਮ ਜਤਿੰਦਰ ਕੌਰ ਦੀ ਅਗਵਾਈ ਹੇਠ ਵਿਗਿਆਨ ਪ੍ਰਦਰਸ਼ਨੀ ਲਗਾਈ ਗਈ | ਇਸ ਵਿਗਿਆਨ ਪ੍ਰਦਰਸ਼ਨੀ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿਚ ਵਿਗਿਆਨਕ ਸੋਚ, ਨਵੀਨਤਾ, ਤਰਕਸ਼ੀਲਤਾ ਅਤੇ ਰਚਨਾਤਮਕਤਾ ਨੂੰ ਉਤਸ਼ਾਹਿਤ ਕਰਨਾ ਸੀ | ਪ੍ਰਦਰਸ਼ਨੀ ਦੌਰਾਨ ਵੱਖ-ਵੱਖ ਜਮਾਤਾਂ ਦੇ ਵਿਦਿਆਰਥੀਆਂ ਵਲੋਂ ਵਿਗਿਆਨ ਨਾਲ ਸੰਬੰਧਿਤ ਅਨੇਕਾਂ ਮਾਡਲ, ਚਾਰਟ ਅਤੇ ਪ੍ਰਯੋਗ ਪ੍ਰਦਰਸ਼ਿਤ ਕੀਤੇ ਗਏ | ਇਨ੍ਹਾਂ ਮਾਡਲਾਂ ਰਾਹੀਂ ਵਿਦਿਆਰਥੀਆਂ ਨੇ ਆਪਣੀ ਸਮਝ, ਸੂਝ-ਬੂਝ ਅਤੇ ਪ੍ਰਯੋਗਿਕ ਗਿਆਨ ਦਾ ਪ੍ਰਭਾਵਸ਼ਾਲੀ ਪ੍ਰਦਰਸ਼ਨ ਕੀਤਾ | ਪ੍ਰਦਰਸ਼ਨੀ ਵਿਚ ਵਿਦਿਆਰਥੀਆਂ ਦੇ ਮਾਤਾ-ਪਿਤਾ ਅਤੇ ਅਧਿਆਪਕਾਂ, ਵਿਦਿਆਰਥੀਆਂ ਵਲੋਂ ਤਿਆਰ ਕੀਤੇ ਗਏ ਮਾਡਲਾਂ ਵਿਚ ਖਾਸ ਰੁਚੀ ਦਿਖਾਈ ਅਤੇ ਬੱਚਿਆਂ ਦੀ ਮਿਹਨਤ, ਲਗਨ ਅਤੇ ਸਿਰਜਣਾਤਮਕ ਸੋਚ ਦੀ ਭਰਪੂਰ ਪ੍ਰਸੰਸਾ ਕੀਤੀ | ਕਈ ਮਾਡਲਾਂ ਨੇ ਵਿਗਿਆਨਕ ਧਾਰਣਾਵਾਂ ਨੂੰ ਬਹੁਤ ਹੀ ਸਧਾਰਨ ਅਤੇ ਆਕਰਸ਼ਕ ਢੰਗ ਨਾਲ ਪੇਸ਼ ਕੀਤਾ, ਜਿਸ ਨਾਲ ਦਰਸ਼ਕ ਕਾਫ਼ੀ ਪ੍ਰਭਾਵਿਤ ਹੋਏ | ਇਸ ਮੌਕੇ 'ਤੇ ਸਕੂਲ ਦੇ ਡਾਇਰੈਕਟਰ ਸਰਵਜੀਤ ਸਿੰਘ ਗਿੱਲ ਅਤੇ ਪਿ੍ੰਸੀਪਲ ਮੈਡਮ ਜਤਿੰਦਰ ਕੌਰ ਨੇ ਵਿਦਿਆਰਥੀਆਂ ਦੀ ਪ੍ਰਸੰਸਾ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੀਆਂ ਵਿਗਿਆਨ ਪ੍ਰਦਰਸ਼ਨੀਆਂ ਨਾਲ ਬੱਚਿਆਂ ਦੀ ਲੁਕੀ ਹੋਈ ਪ੍ਰਤਿਭਾ ਨਿਖਰਦੀ ਹੈ ਅਤੇ ਉਹ ਕਿਤਾਬੀ ਗਿਆਨ ਦੇ ਨਾਲ-ਨਾਲ ਪ੍ਰਯੋਗਿਕ ਗਿਆਨ ਵੀ ਹਾਸਲ ਕਰਦੇ ਹਨ, ਜੋ ਉਨ੍ਹਾਂ ਦੇ ਸਰਵਪੱਖੀ ਵਿਕਾਸ ਲਈ ਬਹੁਤ ਲਾਭਦਾਇਕ ਹੈ | ਪ੍ਰਦਰਸ਼ਨੀ ਦੇ ਅੰਤ 'ਚ ਉੱਤਮ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ | ਇਸ ਨਾਲ ਬੱਚਿਆਂ ਵਿੱਚ ਹੋਰ ਉਤਸ਼ਾਹ, ਆਤਮ-ਵਿਸ਼ਵਾਸ ਅਤੇ ਅੱਗੇ ਵਧਣ ਦੀ ਪ੍ਰੇਰਣਾ ਮਿਲੀ | ਸਮੂਹ ਸਕੂਲ ਪਰਿਵਾਰ ਵਲੋਂ ਇਸ ਸਫ਼ਲ ਆਯੋਜਨ ਲਈ ਅਧਿਆਪਕਾਂ ਅਤੇ ਵਿਦਿਆਰਥੀਆਂ ਦੀ ਸਾਂਝੀ ਮਿਹਨਤ ਦੀ ਭਰਪੂਰ ਸਰਾਹਨਾ ਕੀਤੀ ਗਈ |