ਖਡੂਰ ਸਹਿਬ, 23 ਦਸੰਬਰ (ਰਸ਼ਪਾਲ ਸਿੰਘ ਕੁਲਾਰ)- ਕਾਰ ਸੇਵਾ ਖਡੂਰ ਸਾਹਿਬ ਦੇ ਮੁਖੀ ਬਾਬਾ ਸੇਵਾ ਸਿੰਘ ਦੀ ਰਹਿਨੁਮਾਈ ਹੇਠ ਚੱਲ ਰਹੀ ਸੰਸਥਾ ਨਿਸ਼ਾਨ-ਏ-ਸਿੱਖੀ ਇੰਟਰਨੈਸ਼ਨਲ ਸਕੂਲ ਖਡੂਰ ਸਾਹਿਬ ਵਿਖੇ ਸਕੂਲ ਦੇ ਸਮੁੱਚੇ ਸਟਾਫ ਅਤੇ ਵਿਦਿਆਰਥੀਆਂ ਵਲੋਂ ਚਾਰ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ | ਇਸ ਦੀ ਸ਼ੁਰੂਆਤ ਜਪੁਜੀ ਸਾਹਿਬ ਦਾ ਪਾਠ ਕਰਕੇ ਕੀਤੀ ਗਈ | ਇਸ ਉਪਰੰਤ ਵਿਦਿਆਰਥੀਆਂ ਵਲੋਂ ਇਲਾਹੀ ਬਾਣੀ ਦਾ ਕੀਰਤਨ ਕੀਤਾ ਗਿਆ | ਇਸ ਦੇ ਨਾਲ ਹੀ ਵਿਦਿਆਰਥੀ ਵਿਰਾਜਦੀਪ ਸਿੰਘ ਵਲੋਂ ਮਾਤਾ ਗੁਜਰੀ ਜੀ ਨੂੰ ਸਮਰਪਿਤ ਕਵਿਤਾ ਗਾਇਨ ਦੀ ਪੇਸ਼ਕਾਰੀ ਕੀਤੀ ਗਈ ਅਤੇ ਵਿਦਿਆਰਥੀਆਂ ਵਲੋਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਵੀਸ਼ਰੀ ਪੇਸ਼ ਕੀਤੀ ਗਈ | ਇਸ ਤੋਂ ਬਾਅਦ ਸਕੂਲ ਦੇ ਧਾਰਮਿਕ ਅਧਿਆਪਕ ਮਨਬੀਰ ਸਿੰਘ ਵਲੋਂ ਚਾਰ ਸਾਹਿਜ਼ਾਦਿਆਂ ਦੇ ਵਿਲੱਖਣ ਇਤਿਹਾਸ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਗੁਰਬਾਣੀ ਪੜ੍ਹਨ ਅਤੇ ਕੰਠ ਕਰਨ ਲਈ ਪ੍ਰੇਰਿਤ ਕੀਤਾ ਗਿਆ | ਇਸ ਮੌਕੇ ਚੌਥੀ ਤੋਂ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਦੇ ਸੁੰਦਰ ਦੁਮਾਲਾ ਸਜਾਉਣ ਦੇ ਮੁਕਾਬਲੇ ਵੀ ਕਰਵਾਏ ਗਏ | ਸਕੂਲ ਦੇ ਵਿਦਿਆਰਥੀਆਂ ਦਾ ਕੁਇਜ਼ ਮੁਕਾਬਲਾ ਕਰਵਾਇਆ ਗਿਆ | ਸਟੇਜ ਸੰਚਾਲਨ ਦੀ ਸੇਵਾ ਧਾਰਮਿਕ ਅਧਿਆਪਕ ਬਿਕਰਮ ਸਿੰਘ ਵਲੋਂ ਨਿਭਾਈ ਗਈ | ਸਕੂਲ ਦੇ ਪਿ੍ੰਸੀਪਲ ਅਮਰਜੀਤ ਸਿੰਘ ਨੇ ਸਾਰਿਆਂ ਦਾ ਧੰਨਵਾਦ ਕਰਦਿਆਂ ਸਿੱਖੀ ਸਿਧਾਤਾਂ 'ਤੇ ਪਹਿਰਾ ਦੇਣ ਦਾ ਸੰਦੇਸ਼ ਦਿੱਤਾ | ਇਸ ਮੌਕੇ ਸਕੂਲ ਦੇ ਮੁੱਖ-ਅਧਿਆਪਕਾ ਨਵਪ੍ਰੀਤ ਕੌਰ, ਸਕੂਲ ਦਾ ਸਮੁੱਚਾ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ |