ਤਰਨ ਤਾਰਨ, 25 ਦਸੰਬਰ (ਹਰਿੰਦਰ ਸਿੰਘ)- ਦਿੱਲੀ ਸਮੇਤ ਦੇਸ਼ ਦੇ ਹੋਰਨਾਂ ਰਾਜਾਂ ਵਿਚ 1984 ਵਿਚ ਹੋਏ ਸਿੱਖ ਕਤਲੇਆਮ ਦੇ ਪੀੜਤ ਪਰਿਵਾਰ ਜੋ ਕਿ ਅੱਜ ਵੀ ਇਨਸਾਫ ਅਤੇ ਸਹੂਲਤਾਂ ਤੋਂ ਸੱਖਣੇ ਹਨ, ਜਿਨ੍ਹਾਂ ਦੀ ਪੰਜਾਬ ਵਿਚ ਜਿੰਨੀਆਂ ਵੀ ਸਰਕਾਰਾਂ ਬਣੀਆਂ ਉਨ੍ਹਾਂ ਵਲੋਂ ਸਾਰ ਨਹੀਂ ਲਈ ਗਈ, ਉਥੇ ਸਿੱਖਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਵੀ ਇਨ੍ਹਾਂ ਪਰਿਵਾਰਾਂ ਨੂੰ ਅੱਖੋਂ ਪਰੋਖੇ ਕੀਤਾ ਗਿਆ ਹੈ ਅਤੇ ਕੋਈ ਸਾਰ ਨਹੀਂ ਲਈ, ਜਿਸ ਕਾਰਨ ਅੱਜ ਵੀ ਇਹ ਪਰਿਵਾਰ ਆਰਥਿਕ ਤੰਗੀਆਂ ਵਿਚੋਂ ਗੁਜਰ ਰਹੇ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਿੱਖ ਕਤਲੇਆਮ ਪੀੜਤ ਵੈਲਫੇਅਰ ਸੁਸਾਇਟੀ ਜ਼ਿਲ੍ਹਾ ਤਰਨ ਤਾਰਨ ਦੇ ਪ੍ਰਧਾਨ ਮਨਜੀਤ ਸਿੰਘ ਮੰਨਾ ਅਤੇ ਜਨਰਲ ਸਕੱਤਰ ਮਲਕੀਤ ਸਿੰਘ ਮੱਲ੍ਹੀ ਨੇ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਅੱਜ 41 ਸਾਲ ਤੋਂ ਜਿਆਦਾ ਸਮਾਂ ਹੋ ਗਿਆ ਹੈ, ਸਿੱਖ ਕਤੇਲਆਮ ਨੂੰ ਪਰ ਇਸ ਕਤਲੇਆਮ ਦੌਰਾਨ ਜਿਥੇ ਬੇਕਸੂਰ ਸਿੱਖਾਂ ਨੂੰ ਮੌਤ ਦੇ ਘਾਟ ਉਤਾਰਿਆਿ ਗਿਆ, ਉਥੇ ਵੱਡੀ ਗਿਣਤੀ ਵਿਚ ਪਰਿਵਾਰ ਉਜੜ ਕੇ ਪੰਜਾਬ ਆਉਣ ਵਸੇ ਹਨ ਪਰ ਸਮੇਂ ਦੀਆਂ ਸਰਕਾਰਾਂ ਨੇ ਉਨ੍ਹਾਂ ਦੀ ਕੋਈ ਬਾਂਹ ਨਹੀਂ ਫੜੀ | ਉਨ੍ਹਾਂ ਕਿਹਾ ਕਿ ਦਿੱਲੀ ਸਰਕਾਰ ਅਤੇ ਹਰਿਆਣਾ ਸਰਕਾਰ ਵਲੋਂ ਸਿੱਖ ਕਤਲੇਆਮ ਪੀੜਤਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ ਪਰ ਪੰਜਾਬ ਵਿਚਲੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਹਾਲੇ ਤੱਕ ਅਜਿਹਾ ਕੋਈ ਐਲਾਨ ਨਹੀਂ ਕੀਤਾ ਗਿਆ, ਜਿਸ ਕਾਰਨ ਪੀੜਤ ਪਰਿਵਾਰਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਪਾਸੋਂ ਮੰਗ ਕੀਤੀ ਕਿ ਦਿੱਲੀ ਅਤੇ ਹਰਿਆਣਾ ਸਰਕਾਰ ਦੀ ਤਰਜ 'ਤੇ ਪੰਜਾਬ ਵਿਚ ਰਹਿੰਦੇ ਸਿੱਖ ਕਤੇਲਆਮ ਪੀੜਤ ਪਰਿਵਾਰ ਜਿਨ੍ਹਾਂ ਦੇ ਲਾਲ ਕਾਰਡ ਬਣੇ ਹਨ, ਉਨ੍ਹਾਂ ਦੇ ਬੱਚਿਆਂ ਨੂੰ ਤੁਰੰਤ ਸਰਕਾਰੀ ਨੌਕਰੀਆਂ ਦੇਣ ਦਾ ਐਲਾਨ ਕਰਕੇ ਉਨ੍ਹਾਂ ਨੂੰ ਰਾਹਤ ਪ੍ਰਦਾਨ ਕੀਤੀ ਜਾਵੇ | ਇਸ ਮੌਕੇ ਚੇਅਰਮੈਨ ਰਤਨ ਸਿੰਘ, ਸਰਪ੍ਰਸਤ ਉਤਮ ਸਿੰਘ, ਮੀਤ ਪ੍ਰਧਾਨ ਧੀਰਾ ਸਿੰਘ, ਪ੍ਰੈੱਸ ਸਕੱਤਰ ਅਰਜਨ ਸਿੰਘ ਠਰੂ, ਮੈਂਬਰ ਕਰਮ ਸਿੰਘ, ਮੈਂਬਰ ਮਲਵਿੰਦਰ ਸਿੰਘ ਜੌੜਾ, ਮੈਂਬਰ ਜਸਵਿੰਦਰ ਸਿੰਘ, ਖਜਾਨਚੀ ਉਪਿੰਦਰ ਕੌਰ, ਅਮਰਜੀਤ ਸਿੰਘ ਬੰਟੀ, ਰਣਜੀਤ ਸਿੰਘ, ਜੋਧਾ ਸਿੰਘ, ਹਰਦੇਵ ਸਿੰਘ, ਮਨਜੀਤ ਕੌਰ, ਭਗਵਾਨ ਸਿੰਘ, ਕਰਤਾਰ ਸਿੰਘ ਆਦਿ ਤੋਂ ਇਲਾਵਾ ਹੋਰ ਸਿੱਖ ਕਤਲੇਆਮ ਪੀੜਤ ਪਰਿਵਾਰ ਮੌਜੂਦ ਸਨ |