ਖੇਮਕਰਨ, 29 ਦਸੰਬਰ (ਰਾਕੇਸ਼ ਕੁਮਾਰ ਬਿੱਲਾ)- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਵੰਚਿਤ ਅਤੇ ਪਿਛੜੇ ਵਰਗਾਂ ਨੂੰ ਸਮਾਜ ਦੀ ਮੁੱਖ ਧਾਰਾ ਨਾਲ ਜੋੜਨ ਅਤੇ ਉਨ੍ਹਾਂ ਨੂੰ ਸਿੱਖਿਆ ਦੇ ਰਾਹੀਂ ਆਤਮ-ਨਿਰਭਰ ਬਣਾਉਣ ਲਈ ਲਗਾਤਾਰ ਇਤਿਹਾਸਕ ਕਦਮ ਚੁੱਕ ਰਹੀ ਹੈ | ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਲਈ ਚੱਲ ਰਹੀ ਪੋਸਟ ਮੈਟਿ੍ਕ ਸਕਾਲਰਸ਼ਿਪ ਸਕੀਮ ਅਧੀਨ ਹੁਣ ਤੱਕ 4.77 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਜਾ ਚੁੱਕੀ ਹੈ, ਤਾਂ ਜੋ ਕੋਈ ਵੀ ਵਿਦਿਆਰਥੀ ਕੇਵਲ ਆਰਥਿਕ ਤੰਗੀ ਕਾਰਨ ਆਪਣੀ ਪੜ੍ਹਾਈ ਤੋਂ ਵਾਂਝਾ ਨਾ ਰਹੇ | ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਵਿਧਾਨ ਸਭਾ ਹਲਕਾ ਖੇਮਕਰਨ ਦੇ ਵਿਧਾਇਕ ਸਰਵਨ ਸਿੰਘ ਧੁੰਨ ਨੇ ਕਿਹਾ ਕਿ ਸੂਬੇ ਭਰ ਵਿਚ 2 ਲੱਖ 62 ਹਜ਼ਾਰ 373 ਵਿਦਿਆਰਥੀਆਂ ਵਲੋਂ ਪੋਸਟ ਮੈਟਿ੍ਕ ਸਕਾਲਰਸ਼ਿਪ ਸਕੀਮ ਤਹਿਤ ਅਰਜ਼ੀਆਂ ਦਿੱਤੀਆਂ ਗਈਆਂ ਹਨ, ਜੋ ਇਸ ਗੱਲ ਦਾ ਪ੍ਰਮਾਣ ਹੈ ਕਿ ਸਰਕਾਰ ਦੀਆਂ ਸਿੱਖਿਆ ਕਲਿਆਣ ਯੋਜਨਾਵਾਂ ਵਿਦਿਆਰਥੀਆਂ ਤੱਕ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚ ਰਹੀਆਂ ਹਨ | ਉਨ੍ਹਾਂ ਕਿਹਾ ਕਿ ਵਿੱਤੀ ਸਾਲ 2025-26 ਦੌਰਾਨ ਇਸ ਸਕੀਮ ਲਈ 245 ਕਰੋੜ ਰੁਪਏ ਦਾ ਬਜਟ ਉਪਬੰਧ ਕੀਤਾ ਗਿਆ ਹੈ, ਜੋ ਸਿੱਖਿਆ ਪ੍ਰਤੀ ਇਸ ਸਰਕਾਰ ਦੀ ਗੰਭੀਰਤਾ, ਸੰਵੇਦਨਸ਼ੀਲਤਾ ਅਤੇ ਦੂਰਦਰਸ਼ੀ ਸੋਚ ਨੂੰ ਦਰਸਾਉਂਦਾ ਹੈ | ਵਿਧਾਇਕ ਸਰਨਵਨ ਸਿੰਘ ਧੁੰਨ ਨੇ ਕਿਹਾ ਕਿ ਬੀਤੇ ਵਿੱਤੀ ਸਾਲ ਦੌਰਾਨ 2 ਲੱਖ 36 ਹਜ਼ਾਰ 456 ਵਿਦਿਆਰਥੀਆਂ ਨੂੰ ਪੋਸਟ ਮੈਟਿ੍ਕ ਸਕਾਲਰਸ਼ਿਪ ਸਕੀਮ ਅਧੀਨ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਗਈ ਸੀ | ਉਨ੍ਹਾਂ ਕਿਹਾ ਕਿ ਮਾਨ ਸਰਕਾਰ ਲਈ ਸਿੱਖਿਆ ਸਿਰਫ਼ ਇਕ ਸਰਕਾਰੀ ਯੋਜਨਾ ਨਹੀਂ, ਸਗੋਂ ਸਮਾਜਿਕ ਨਿਆਂ ਦੀ ਮਜ਼ਬੂਤ ਨੀਂਹ ਹੈ | ਉਨ੍ਹਾਂ ਕਿਹਾ ਕਿ ਸਰਕਾਰ ਦੀ ਦਿ੍ੜ ਵਚਨਬੱਧਤਾ ਹੈ ਕਿ ਕੋਈ ਵੀ ਗਰੀਬ ਜਾਂ ਵੰਚਿਤ ਪਿਛੋਕੜ ਤੋਂ ਆਉਣ ਵਾਲਾ ਵਿਦਿਆਰਥੀ ਸਿਰਫ਼ ਆਰਥਿਕ ਕਾਰਨਾਂ ਕਰਕੇ ਆਪਣੀ ਪੜ੍ਹਾਈ ਅੱਧ ਵਿਚਕਾਰ ਨਾ ਛੱਡੇ |