ਹਰੀਕੇ ਪੱਤਣ, 29 ਦਸੰਬਰ (ਸੰਜੀਵ ਕੁੰਦਰਾ)- ਪੰਜਾਬ ਦੀਆਂ ਸਰਕਾਰੀ ਆਈ.ਟੀ.ਆਈਜ਼ 'ਚ ਕੰਮ ਕਰਦੇ 700 ਕੱਚੇ ਇੰਸਟਰਕਟਰਾਂ ਨੇ ਮੁੱਖ ਮੰਤਰੀ ਦੇ ਵਿਧਾਨ ਸਭਾ ਹਲਕਾ ਧੂਰੀ ਵਿਚ 5 ਜਨਵਰੀ ਨੂੰ ਸੂਬਾ ਪੱਧਰੀ ਰੋਸ ਰੈਲੀ ਕਰਨ ਦਾ ਐਲਾਨ ਕੀਤਾ ਹੈ | ਇਸ ਮੌਕੇ ਸੂਬਾ ਕਮੇਟੀ ਮੈਂਬਰ ਸੇਵਾ ਸਿੰਘ, ਹਰਮੀਤ ਸਿੰਘ, ਸੰਦੀਪ ਸਿੰਘ ਅਤੇ ਸੁਖਰਾਜ ਸਿੰਘ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਉਨ੍ਹਾਂ ਨੇ ਤਰਨ ਤਾਰਨ ਪੱਕੇ ਮੋਰਚੇ ਵਿਚ ਫੈਸਲਾ ਕੀਤਾ ਸੀ ਕਿ ਜੇਕਰ ਪੰਜਾਬ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨੂੰ ਵਾਅਦੇ ਅਨੁਸਾਰ ਪੂਰਾ ਨਹੀਂ ਕੀਤਾ ਤਾਂ ਉਹ ਮੁੱਖ ਦਫ਼ਤਰ ਤਕਨੀਕੀ ਸਿੱਖਿਆ ਵਿਭਾਗ ਚੰਡੀਗੜ ਵਿਖੇ ਪੱਕਾ ਧਰਨਾ ਲਗਾਉਣਗੇ | ਇਸ ਦੇ ਚਲਦਿਆਂ ਜਥੇਬੰਦੀ ਨੇ ਮਿਤੀ 22 ਦਸੰਬਰ ਤੋਂ ਸੰਸਥਾਵਾਂ ਦਾ ਕੰਮ (ਟ੍ਰੇਨਿੰਗ ਦਾ ਕੰਮ, ਸਾਰੇ ਪੋਰਟਲਾਂ ਦਾ ਕੰਮ, ਵੈਰੀਫਿਕੇਸਨਾਂ ਦਾ ਕੰਮ, ਦਫਤਰੀ ਕੰਮ, ਈ.ਐੱਮ.ਸੀ. ਐਪ ਦਾ ਕੰਮ) ਬਿਲਕੁੱਲ ਬੰਦ ਕਰਕੇ ਮੁੱਖ ਦਫ਼ਤਰ ਤਕਨੀਕੀ ਸਿੱਖਿਆ ਵਿਭਾਗ ਚੰਡੀਗੜ੍ਹ ਵਿਖੇ ਪੱਕਾ ਧਰਨਾ ਸ਼ੁਰੂ ਕੀਤਾ ਹੋਇਆ ਹੈ | ਪ੍ਰੰਤੂ ਅੱਜ ਤੱਕ ਕਿਸੇ ਵੀ ਅਧਿਕਾਰੀ ਨੇ ਗੱਲਬਾਤ ਕਰਨ ਦੀ ਕੋਸ਼ਿਸ਼ ਤੱਕ ਨਹੀਂ ਕੀਤੀ ਜੋ ਕਿ ਬਹੁਤ ਹੀ ਸ਼ਰਮਨਾਕ ਹੈ | ਜਿਸ ਦੇ ਰੋਸ ਵਜੋਂ ਹੁਣ ਜਥੇਬੰਦੀ ਨੇ ਫੈਸਲਾ ਕੀਤਾ ਹੈ ਕਿ ਹੁਣ ਉਹ 5 ਜਨਵਰੀ ਨੂੰ ਮੁੱਖ ਮੰਤਰੀ ਦੇ ਵਿਧਾਨ ਸਭਾ ਹਲਕੇ ਧੂਰੀ ਵਿਚ ਰੋਸ ਰੈਲੀ ਕਰਨਗੇ | ਆਗੂਆਂ ਨੇ ਦੱਸਿਆ ਕਿ ਉਹ ਲੰਬੇ ਸਮੇਂ ਤੋਂ ਪੰਜਾਬ ਦੀਆਂ ਸਰਕਾਰੀ ਆਈ.ਟੀ.ਆਈਜ਼ ਵਿਚ ਗਰੁੱਪ ਬੀ ਕਰਾਫਟ ਇੰਸਟਰਕਟਰ ਵਜੋਂ ਬਿਨਾਂ ਕਿਸੇ ਸਰਕਾਰੀ ਸਹੂਲਤਾਂ ਤੋਂ ਠੇਕੇ ਉੱਪਰ ਸਿਰਫ਼ 15000 ਪ੍ਰਤੀ ਮਹੀਨਾ ਉੱਪਰ ਆਪਣਾ ਸ਼ੋਸ਼ਣ ਕਰਵਾ ਰਹੇ ਹਾਂ | ਸਾਡੀ ਭਰਤੀ ਵਿਭਾਗ ਵਲੋਂ ਸਮੇਂ ਸਮੇਂ ਉੱਪਰ ਜਾਰੀ ਹਦਾਇਤਾਂ ਰਾਹੀਂ ਪਾਰਦਰਸ਼ੀ ਤਰੀਕੇ ਨਾਲ ਅਖ਼ਬਾਰਾਂ ਵਿਚ ਇਸ਼ਤਿਹਾਰ ਦੇ ਕੇ, ਰੁਜ਼ਗਾਰ ਦਫ਼ਤਰਾਂ ਰਾਹੀਂ ਕੀਤੀ ਗਈ ਹੈ | ਅਸੀਂ ਡੀ.ਜੀ.ਟੀ. ਭਾਰਤ ਸਰਕਾਰ ਵਲੋਂ ਮੰਗੀਆਂ ਜਾਂਦੀਆਂ ਸਾਰੀਆਂ ਵਿੱਦਿਅਕ ਯੋਗਤਾਵਾਂ ਪੂਰੀਆਂ ਕਰਦੇ ਹਾਂ, ਪ੍ਰੰਤੂ ਫਿਰ ਵੀ ਸਾਡੇ ਨਾਲ ਪੰਜਾਬ ਸਰਕਾਰ ਸ਼ਰੇਆਮ ਧੱਕਾ ਕਰ ਰਹੀ ਹੈ | ਅਸੀਂ ਇਸ ਸਰਕਾਰ ਵਿਚ ਪਿਛਲੇ 3.5 ਸਾਲਾਂ ਤੋਂ ਕੋਸ਼ਿਸ਼ ਕਰ ਰਹੇ ਹਾਂ ਕਿ ਗੱਲਬਾਤ ਰਾਹੀਂ ਕੋਈ ਹੱਲ ਨਿਕਲੇ | ਇਸੇ ਦੇ ਚਲਦਿਆਂ ਬਹੁਤ ਵਾਰ ਤਕਨੀਕੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ, ਵਿੱਤ ਮੰਤਰੀ ਹਰਪਾਲ ਚੀਮਾ, ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਹੋਰ ਕੈਬਨਿਟ ਮੰਤਰੀਆਂ ਨੂੰ ਮਿਲ ਚੁੱਕੇ ਹਾਂ ਪ੍ਰੰਤੂ ਇਨ੍ਹਾਂ 'ਚੋਂ ਕਿਸੇ ਨੇ ਵੀ ਸਾਡੀ ਗੱਲ ਉੱਪਰ ਧਿਆਨ ਨਹੀਂ ਦਿੱਤਾ | ਉਨ੍ਹਾਂ ਕਿਹਾ ਕਿ ਜੇਕਰ ਹੁਣ ਵੀ ਸਰਕਾਰ ਨੇ ਮੰਗਾਂ ਵੱਲ ਧਿਆਨ ਨਹੀ ਦਿੱਤਾ ਤਾਂ ਆਉਣ ਵਾਲੇ ਦਿਨਾਂ ਵਿਚ ਬਾਕੀ ਕੈਬਨਿਟ ਮੰਤਰੀਆਂ ਦੀ ਕੋਠੀ ਦਾ ਘਿਰਾਓ ਵੀ ਕੀਤਾ ਜਾਵੇਗਾ |