ਲੁਧਿਆਣਾ, 1 ਜੂਨ (ਜਤਿੰਦਰ ਭੰਬੀ)-ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ (ਆਜ਼ਾਦ) ਦੀ ਸੂਬਾ ਪੱਧਰੀ ਮੀਟਿੰਗ ਸੂਬਾਈ ਪ੍ਰਧਾਨ ਜਸਮੇਰ ਸਿੰਘ, ਜਨਰਲ ਸਕੱਤਰ ਰੁਪਿੰਦਰ ਸਿੰਘ, ਕਾਰਜਕਾਰੀ ਪ੍ਰਧਾਨ ਹਰਬੰਸ ਸਿੰਘ ਭੋਲਾ, ਸਾਥੀ ਅਮਰਨਾਥ ਕੂੰਮਕਲਾਂ ਦੀ ਅਗਵਾਈ ਵਿਚ ਕੀਤੀ ਗਈ | ਮੀਟਿੰਗ ਦੌਰਾਨ ਆਗੂਆਂ ਨੇ ਦੱਸਿਆ ਕਿ ਸਰਕਾਰ ਵਲੋਂ ਠੇਕੇਦਾਰੀ ਸਿਸਟਮ ਬੰਦ ਕਰਨ ਦੇ ਨਾਮ ਉੱਤੇ ਲਗਾਤਾਰ ਟਾਲ ਮਟੋਲ ਕੀਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ 20 ਸਾਲਾਂ ਤੋਂ ਕੰਮ ਕਰ ਰਹੇ ਵਰਕਰਾਂ ਨੂੰ ਨਿਗੂਣੀਆਂ ਤਨਖ਼ਾਹਾਂ ਦਿੱਤੀਆਂ ਜਾ ਰਹੀਆਂ ਹਨ ਅਤੇ ਹੁਣ ਨਿਗੂਣੀਆਂ ਤਨਖ਼ਾਹਾਂ ਦੇਣ ਤੋਂ ਵੀ ਵਾਂਝੇ ਰੱਖਿਆ ਜਾ ਰਿਹਾ ਹੈ | ਆਗੂਆਂ ਨੇ ਕਿਹਾ ਕਿ ਮਾਨਯੋਗ ਹਾਈਕੋਰਟ ਵਲੋਂ ਮੁੜ ਨੌਕਰੀ 'ਤੇ ਬਹਾਲ ਕਰਨ ਸਬੰਧੀ ਕੇਸ ਜਿੱਤਣ ਦੇ ਬਾਵਜੂਦ ਵੀ ਡਿਊਟੀਆਂ 'ਤੇ ਨਹੀਂ ਲਗਾਇਆ ਜਾ ਰਿਹਾ ਅਤੇ ਨਾ ਹੀ ਰਿਜੈਕਟ ਅਪੀਲਾਂ, ਐਬਸੈਂਟ ਕੇਸ ਵਾਲੇ ਵਰਕਰਾਂ ਨੂੰ ਮੁੜ ਨੌਕਰੀ 'ਤੇ ਬਹਾਲ ਕੀਤਾ ਜਾ ਰਿਹਾ ਹੈ | ਸੈਂਟਰ ਆਫ਼ ਇੰਡੀਅਨ ਟਰੇਡ ਯੂਨੀਅਨਜ਼ ਸੀਟੂ ਪੰਜਾਬ ਦੇ ਸੂਬਾਈ ਜਨਰਲ ਸਕੱਤਰ ਸਾਥੀ ਚੰਦਰ ਸ਼ੇਖਰ ਅਤੇ ਸਾਥੀ ਅਮਰਨਾਥ ਕੂੰਮਕਲਾਂ ਨੇ ਕਿਹਾ ਕਿ ਵਿਸ਼ਾਲ ਏਕਤਾ ਤਿੱਖੇ ਘੋਲ ਰਾਹੀਂ ਹੀ ਵਰਕਰਾਂ ਦੇ ਹੱਕਾਂ ਅਤੇ ਅਧਿਕਾਰਾਂ ਦੀ ਰਾਖੀ ਕੀਤੀ ਜਾ ਸਕਦੀ ਹੈ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਦੇ ਹਮਲਿਆਂ ਨੂੰ ਠੱਲ੍ਹ ਪਾਉਣ ਲਈ 9 ਜੁਲਾਈ ਦੀ ਦੇਸ਼ ਵਿਆਪੀ ਹੜਤਾਲ ਨੂੰ ਕਾਮਯਾਬ ਕਰਨ ਲਈ ਡੱਟ ਕੇ ਖੜਨ ਦੀ ਲੋੜ ਹੈ |