ਲੁਧਿਆਣਾ, 2 ਜੂਨ (ਭੁਪਿੰਦਰ ਸਿੰਘ ਬੈਂਸ/ਜਗਮੀਤ ਸਿੰਘ)-ਨਿਵਾਸੀਆਂ ਨੂੰ ਸਾਫ਼ ਅਤੇ ਹਰਿਆ-ਭਰਿਆ ਸ਼ਹਿਰ ਬਣਾਉਣ ਲਈ ਇਕੱਠੇ ਹੋਣ ਦੀ ਅਪੀਲ ਕਰਦੇ ਹੋਏ, ਨਗਰ ਨਿਗਮ 5 ਜੂਨ ਨੂੰ ਵਿਸ਼ਵ ਵਾਤਾਵਰਨ ਦਿਵਸ ਮਨਾਉਣ ਲਈ ਵਿਆਪਕ ਸਫਾਈ, ਪਲਾਗਿੰਗ ਅਤੇ ਪੌਦੇ ਲਗਾਉਣ ਦੀਆਂ ਮੁਹਿੰਮਾਂ ਸ਼ੁਰੂ ਕਰੇਗਾ | ਇਹ ਮੁਹਿੰਮਾਂ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚ ਚਲਾਈਆਂ ਜਾਣਗੀਆਂ, ਜਿਸ ਵਿਚ ਗੈਰ-ਸਰਕਾਰੀ ਸੰਗਠਨ, ਸਵੈ-ਸਹਾਇਤਾ ਸਮੂਹ, ਮਾਰਕੀਟ ਐਸੋਸੀਏਸ਼ਨਾਂ, ਵਿਦਿਆਰਥੀ ਆਦਿ ਵੀ ਹਿੱਸਾ ਲੈਣਗੇ | ਮੇਅਰ ਪਿ੍ੰਸੀਪਲ ਇੰਦਰਜੀਤ ਕੌਰ ਅਤੇ ਨਗਰ ਨਿਗਮ ਕਮਿਸ਼ਨਰ ਆਦਿੱਤਿਆ ਡੇਚਲਵਾਲ ਨੇ ਜਨਤਾ ਨੂੰ ਆਉਣ ਵਾਲੀਆਂ ਪੀੜ੍ਹੀਆਂ ਲਈ ਇਕ ਸਾਫ਼ ਅਤੇ ਹਰਿਆ-ਭਰਿਆ ਸ਼ਹਿਰ ਯਕੀਨੀ ਬਣਾਉਣ ਲਈ ਇਕੱਠੇ ਹੋਣ ਦੀ ਅਪੀਲ ਕੀਤੀ | 5 ਜੂਨ ਨੂੰ ਨਗਰ ਨਿਗਮ ਗਿੱਲ ਰੋਡ 'ਤੇ ਯੂ.ਸੀ.ਪੀ.ਐਮ.ਏ ਦਫ਼ਤਰ; ਬੀ.ਸੀ.ਐਮ ਸੀਨੀਅਰ ਸੈਕੰਡਰੀ ਸਕੂਲ, ਚੰਡੀਗੜ੍ਹ ਰੋਡ; ਸਕੂਲ ਆਫ਼ ਐਮੀਨੈਂਸ ਤੋਂ ਸੈਕਟਰ 32 ਚੌਕ, ਚੰਡੀਗੜ੍ਹ ਰੋਡ; ਐਸ.ਡੀ.ਪੀ ਕਾਲਜ ਤੋਂ ਗਾਂਧੀ ਨਗਰ ਮਾਰਕੀਟ; ਨਗਰ ਨਿਗਮ ਜ਼ੋਨ-ਏ ਦਫ਼ਤਰ ਤੋਂ ਭਦੌੜ ਹਾਊਸ ਤੱਕ ਸਫਾਈ, ਪਲਾਗਿੰਗ ਅਤੇ ਪੌਦੇ ਲਗਾਉਣ ਦੀਆਂ ਮੁਹਿੰਮਾਂ ਸ਼ੁਰੂ ਕਰੇਗਾ | ਨਗਰ ਨਿਗਮ ਕਮਿਸ਼ਨਰ ਡੇਚਲਵਾਲ ਦੇ ਨਿਰਦੇਸ਼ਾਂ 'ਤੇ ਕੰਮ ਕਰਦੇ ਹੋਏ, ਨਗਰ ਨਿਗਮ ਦੇ ਸੀਨੀਅਰ ਅਧਿਕਾਰੀ ਵੀ ਸਫਾਈ, ਪਲਾਗਿੰਗ ਅਤੇ ਬੂਟੇ ਲਗਾਉਣ ਦੀਆਂ ਮੁਹਿੰਮਾਂ ਵਿਚ ਹਿੱਸਾ ਲੈਣਗੇ | ਨਗਰ ਨਿਗਮ ਕਮਿਸ਼ਨਰ ਡੇਚਲਵਾਲ ਨੇ ਜਨਤਾ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਮੁਹਿੰਮਾਂ ਵਿਚ ਵੱਡੀ ਗਿਣਤੀ ਵਿਚ ਹਿੱਸਾ ਲੈਣ | ਇਸ ਤੋਂ ਇਲਾਵਾ ਉਨ੍ਹਾਂ ਜਨਤਾ ਨੂੰ ਇਹ ਅਪੀਲ ਵੀ ਕੀਤੀ ਕਿ ਉਹ ਆਉਣ ਵਾਲੀਆਂ ਪੀੜ੍ਹੀਆਂ ਦੇ ਬਿਹਤਰ ਭਵਿੱਖ ਲਈ ਆਪਣਾ ਫਰਜ਼ ਨਿਭਾਉਣ ਅਤੇ ਆਪਣੇ ਆਲੇ-ਦੁਆਲੇ ਨੂੰ ਸਾਫ਼ ਰੱਖਣ |