ਫੁੱਲਾਂਵਾਲ, 2 ਜੂਨ (ਮਨਜੀਤ ਸਿੰਘ ਦੁੱਗਰੀ)-ਰਿਵਾਇਤੀ ਪਾਰਟੀਆਂ ਨੇ ਅੱਜ ਤੱਕ ਘੱਟ ਗਿਣਤੀ ਵਰਗਾਂ ਦੀ ਕੋਈ ਸਾਰ ਨਹੀਂ ਲਈ ਅਤੇ ਹਮੇਸ਼ਾ ਹੀ ਵੋਟਾਂ ਹਾਸਲ ਕਰਕੇ ਇਨ੍ਹਾਂ ਨਾਲ ਵਿਸ਼ਵਾਸਘਾਤ ਕੀਤਾ ਹੈ | ਅੱਜ ਤੱਕ ਸੂਬੇ ਵਿਚ ਬਣੀ ਆਮ ਆਦਮੀ ਪਾਰਟੀ, ਕਾਂਗਰਸ, ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਨੇ ਇਸਾਈ ਭਾਈਚਾਰੇ ਨੂੰ ਕਦੀ ਵੀ ਸਰਕਾਰ ਵਿਚ ਪ੍ਰਤੀਨਿਧਤਾ ਨਹੀਂ ਦਿੱਤੀ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਹਲਕਾ ਪੱਛਮੀ ਦੀ ਜ਼ਿਮਨੀ ਚੋਣ ਲਈ ਘੱਟ ਗਿਣਤੀਆਂ ਭਾਈਚਾਰੇ ਦੇ ਸਰਬ ਸਾਂਝੇ ਉਮੀਦਵਾਰ ਅਤੇ ਕਿ੍ਸਚੀਅਨ ਯੂਨਾਈਟਿਡ ਫੈਡਰੇਸ਼ਨ ਦੇ ਪ੍ਰਧਾਨ ਐਲਬਰਟ ਦੂਆ ਨੇ ਇਕ ਪ੍ਰੈਸ ਮਿਲਣੀ ਦੌਰਾਨ ਕਰਦਿਆਂ ਕਿਹਾ ਹੈ ਕਿ ਇਨ੍ਹਾਂ ਪਾਰਟੀਆਂ ਵਲੋਂ ਘੱਟ ਗਿਣਤੀ ਵਰਗਾਂ ਅਤੇ ਇਸਾਈ ਭਾਈਚਾਰੇ ਨੂੰ ਸਦਾ ਹੀ ਅੱਖੋਂ ਪਰੋਖੇ ਕਰਨ ਕਰਕੇ ਇਹ ਵਰਗ ਇਨ੍ਹਾਂ ਪਾਰਟੀਆਂ ਤੋਂ ਦੁਖੀ ਅਤੇ ਪ੍ਰੇਸ਼ਾਨ ਹੈ | ਉਨ੍ਹਾਂ ਕਿਹਾ ਕਿ ਹਲਕਾ ਪੱਛਮੀ ਦੀ ਜ਼ਿਮਨੀ ਚੋਣ ਲੜ ਰਹੀ ਕਾਂਗਰਸ ਪਾਰਟੀ ਵਿਚ ਗੁੱਟਬੰਦੀ ਸਿਖਰ 'ਤੇ ਹੈ | ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਝੂਠ ਅਤੇ ਫ਼ਰੇਬ ਦੀ ਲੜਾਈ ਲੜ ਰਹੇ ਹਨ ਅਤੇ ਲੁਧਿਆਣਾ ਦੀ 24311 ਏਕੜ ਉਪਜਾਊ ਜ਼ਮੀਨ ਨੂੰ ਕੋਡੀਆਂ ਭਾਅ ਕਾਰਪੋਰੇਟ ਘਰਾਨਿਆਂ ਨੂੰ ਸੌਂਪਣ ਦੀ ਤਿਆਰੀ ਕੀਤੀ ਜਾ ਰਹੀ ਹੈ | ਲਾਅ ਐਂਡ ਆਰਡਰ ਦੀ ਹਾਲਤ ਬਹੁਤ ਮਾੜੀ ਬਣੀ ਹੋਈ ਹੈ ਅਤੇ ਸਰਕਾਰ ਯੁੱਧ ਨਸ਼ਿਆਂ ਵਿਰੁੱਧ ਦਾ ਡਰਾਮਾ ਕਰਕੇ ਜਨਤਾ ਨੂੰ ਗੁੰਮਰਾਹ ਕਰ ਰਹੀ ਹੈ | ਇਸੇ ਤਰ੍ਹਾਂ ਅਕਾਲੀ ਦਲ ਨੂੰ ਤਾਂ ਉਸ ਦੀ ਪਾਰਟੀ ਦੇ ਵਰਕਰਾਂ ਨੇ ਪਹਿਲਾਂ ਹੀ ਰੱਦ ਕਰ ਦਿੱਤਾ ਹੈ | ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਚੋਣ ਮੁਹਿੰਮ ਨੂੰ ਹਰ ਵਰਗ ਵਲੋਂ ਭਰਪੂਰ ਹੁੰਗਾਰਾ ਮਿਲ ਰਿਹਾ ਹੈ, ਉਹ ਪੰਜਾਬ ਵਿਧਾਨ ਸਭਾ ਵਿਚ ਦੱਬੇ ਕੁਚਲੇ ਲੋਕਾਂ ਅਤੇ ਲੋੜਵੰਦਾਂ ਦੀ ਆਵਾਜ਼ ਬੁਲੰਦ ਕਰਨਗੇ | ਇਸ ਮੌਕੇ ਜੋਹਨਸਨ ਗਿੱਲ, ਪਰਮਿੰਦਰ ਸਿੰਘ, ਕਰਨਜੀਤ ਸਿੰਘ, ਮਨੋਜ ਕੁਮਾਰ, ਜਗਦੀਪ ਸਿੰਘ, ਮੇਜਰ ਸਿੰਘ, ਜੋਇ, ਇਕਬਾਲ ਸਿੰਘ, ਜਸਵੰਤ ਸਿੰਘ, ਸਾਹਿਲ ਖਾਨ, ਨਿਖਿਲ ਛਾਬੜਾ, ਚਾਰਲਸ ਮਸੀਹ ਅਤੇ ਸੈਮਸਨ ਮੱਲ ਹਾਜ਼ਰ ਸਨ |