ਲੁਧਿਆਣਾ, 3 ਜੂਨ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਨਾਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲੇ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ 600 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਹਨ | ਜਾਣਕਾਰੀ ਦਿੰਦਿਆਂ ਏ.ਡੀ.ਸੀ.ਪੀ. ਅਮਨਦੀਪ ਸਿੰਘ ਬਰਾੜ ਨੇ ਦੱਸਿਆ ਕਿ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖਤ ਜਗਵੰਤ ਸਿੰਘ ਉਰਫ ਜੱਗਾ ਵਾਸੀ ਪਿੰਡ ਜੁਗਿਆਨਾ ਵਜੋਂ ਕੀਤੀ ਗਈ ਹੈ | ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਦੇ ਸਾਥੀ ਅਮਨਦੀਪ ਸਿੰਘ ਅਤੇ ਸਰਵਨ ਕੁਮਾਰ ਨੂੰ ਪੁਲਿਸ ਨੇ ਬੀਤੇ ਦਿਨ 10 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਸੀ | ਪੁੱਛ ਪੜਤਾਲ ਦੌਰਾਨ ਉਨ੍ਹਾਂ ਵਲੋਂ ਜਗਵੰਤ ਸਿੰਘ ਬਾਰੇ ਪੁਲਿਸ ਨੂੰ ਜਾਣਕਾਰੀ ਦਿੱਤੀ ਗਈ ਸੀ, ਜਿਸ 'ਤੇ ਪੁਲਿਸ ਵਲੋਂ ਉਸ ਨੂੰ ਵੀ ਕਾਬੂ ਕਰ ਲਿਆ ਗਿਆ | ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਪਿਛਲੇ ਕਾਫ਼ੀ ਸਮੇਂ ਤੋਂ ਇਸ ਧੰਦੇ ਵਿਚ ਸਨ ਅਤੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਨਾਜਾਇਜ਼ ਸ਼ਰਾਬ ਸਪਲਾਈ ਕਰਦੇ ਸਨ | ਜਗਵੰਤ ਸਿੰਘ ਖ਼ਿਲਾਫ਼ ਪਹਿਲਾਂ ਵੀ 7 ਮਾਮਲੇ ਦਰਜ ਹਨ | ਪੁਲਿਸ ਵਲੋਂ ਉਸ ਪਾਸੋਂ ਹੋਰ ਵੀ ਪੁੱਛ ਪੜਤਾਲ ਕੀਤੀ ਜਾ ਰਹੀ ਹੈ, ਕਈ ਹੋਰ ਪ੍ਰਗਟਾਵੇ ਹੋਣ ਦੀ ਸੰਭਾਵਨਾ ਹੈ |