ਲੁਧਿਆਣਾ, 3 ਜੂਨ (ਪਰਮਿੰਦਰ ਸਿੰਘ ਆਹੂਜਾ)-ਵਿਦੇਸ਼ ਭੇਜਣ ਦਾ ਝਾਂਸਾ ਦੇਖ ਕੇ ਲੱਖਾਂ ਦੀ ਧੋਖਾਧੜੀ ਕਰਨ ਦੇ ਮਾਮਲੇ ਵਿਚ ਪੁਲਿਸ ਨੇ ਟਰੈਵਲ ਏਜੰਟਾਂ ਖ਼ਿਲਾਫ਼ ਕੇਸ ਦਰਜ ਕੀਤੇ ਹਨ | ਜਾਣਕਾਰੀ ਅਨੁਸਾਰ ਪਹਿਲੇ ਮਾਮਲੇ 'ਚ ਪੁਲਿਸ ਨੇ ਸੁਰਜੀਤ ਕਾਲੋਨੀ ਦੇ ਰਹਿਣ ਵਾਲੇ ਸਲਿੰਦਰ ਕੁਮਾਰ ਦੀ ਸ਼ਿਕਾਇਤ 'ਤੇ ਹਰਜਿੰਦਰ ਸਿੰਘ ਉਰਫ ਕੂਕਾ, ਸੁਰਿੰਦਰ ਸਿੰਘ ਪੁੱਤਰ ਮੰਗਲ ਸਿੰਘ ਵਾਸੀ ਰਾਹੋਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਉਕਤ ਕਥਿਤ ਦੋਸ਼ੀਆਂ ਉੱਤੇ ਉਸ ਨੂੰ ਨਿਊਜ਼ੀਲੈਂਡ ਭੇਜਣ ਦਾ ਝਾਂਸਾ ਦੇ ਕੇ ਉਸ ਪਾਸੋਂ 7 ਲੱਖ 49 ਹਜ਼ਾਰ ਦੀ ਧੋਖਾਧੜੀ ਕਰਨ ਦਾ ਦੋਸ਼ ਲਗਾਇਆ ਹੈ | ਕਥਿਤ ਦੋਸ਼ੀਆਂ ਨੇ ਨਾ ਤਾਂ ਉਸ ਦਾ ਵੀਜ਼ਾ ਲਗਵਾਇਆ ਤੇ ਨਾ ਹੀ ਉਸ ਦੇ ਪੈਸੇ ਵਾਪਸ ਕੀਤੇ, ਜਿਸ 'ਤੇ ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ | ਹਾਲ ਦੀ ਘੜੀ ਇਸ ਮਾਮਲੇ ਵਿਚ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ | ਦੂਜੇ ਮਾਮਲੇ ਵਿਚ ਪੁਲਿਸ ਨੇ ਅਵਤਾਰ ਸਿੰਘ ਵਾਸੀ ਪਿੰਡ ਲਹਿਲ ਮਲੋਟ ਦੀ ਸ਼ਿਕਾਇਤ 'ਤੇ ਪਰਮਜੀਤ ਸਿੰਘ ਵਾਸੀ ਪ੍ਰੀਤ ਨਗਰ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਉਕਤ ਕਥਿਤ ਦੋਸ਼ੀ ਉੱਤੇ ਉਸ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਉਸ ਨਾਲ 10 ਲੱਖ ਦੀ ਧੋਖਾਧੜੀ ਕਰਨ ਦਾ ਦੋਸ਼ ਲਗਾਇਆ ਹੈ | ਪੁਲਿਸ ਜਾਂਚ ਕਰ ਰਹੀ ਹੈ |