ਲੁਧਿਆਣਾ, 4 ਜੂਨ (ਜਗਮੀਤ ਸਿੰਘ)-ਵਿਧਾਨ ਸਭਾ ਲੁਧਿਆਣਾ ਪੱਛਮੀ ਦੀ ਜ਼ਿਮਨੀ ਚੋਣ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪਾਰਟੀ ਉਮੀਦਵਾਰ ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਦੇ ਹੱਕ 'ਚ ਹਲਕੇ ਅੰਦਰ ਚੋਣ ਮੀਟਿੰਗਾਂ ਦਾ ਦੌਰ ਲਗਾਤਾਰ ਜਾਰੀ ਹੈ | ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਬੁੱਧਵਾਰ ਨੂੰ ਗੁਰਦੇਵ ਨਗਰ ਅਤੇ ਬੀ.ਆਰ.ਐਸ. ਨਗਰ, ਜੀ-ਬਲਾਕ 'ਚ ਚੋਣ ਮੀਟਿੰਗਾਂ ਦੇ ਨਾਲ ਹੀ ਪਾਰਟੀ ਦੇ ਸੀਨੀਅਰ ਆਗੂਆਂ ਅਤੇ ਵਰਕਰਾਂ ਨਾਲ ਵੀ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ | ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਿਰਫ਼ ਫੋਕੇ ਲਾਰਿਆਂ ਅਤੇ ਦਾਅਵਿਆਂ ਦੇ ਨਾਲ ਹੀ ਸਮਾਂ ਲੰਘਾਇਆ ਹੈ | ਆਪ ਸਰਕਾਰ ਨੇ 31 ਮਈ ਤੱਕ ਸੂਬੇ ਨੂੰ ਨਸ਼ਾ ਮੁਕਤ ਕਰਨ ਦੇ ਕੀਤੇ ਗਏ ਦਾਅਵੇ ਪੂਰੀ ਤਰ੍ਹਾਂ ਅਸਫਲ ਸਾਬਤ ਹੋਏ ਹਨ | ਸੂਬੇ ਦੇ ਕਿਸਾਨਾਂ ਨਾਲ ਸਰਕਾਰ ਵਲੋਂ ਸ਼ਰੇਆਮ ਧੱਕੇਸ਼ਾਹੀ ਕੀਤੀ ਜਾ ਰਹੀ ਹੈ | ਔਰਤਾਂ ਨੂੰ ਪ੍ਰਤੀ ਮਹੀਨਾ 1000 ਰੁਪਏ ਦੇਣ ਦਾ ਕੀਤਾ ਗਿਆ ਚੋਣ ਵਾਅਦਾ 3 ਸਾਲ ਬਾਅਦ ਵੀ ਪੂਰਾ ਨਹੀਂ ਕੀਤਾ ਗਿਆ | ਸਭ ਤੋਂ ਜ਼ਿਆਦਾ ਹੈਰਾਨੀਜਨਕ ਕਿ ਪੰਜਾਬ 'ਚ ਦਿੱਲੀ ਦੇ ਬੰਦਿਆਂ ਨੂੰ ਵਿਭਾਗਾਂ ਦੇ ਮੁਖੀ ਬਣਾਇਆ ਜਾ ਰਿਹਾ ਹੈ, ਜਿਨ੍ਹਾਂ ਨੂੰ ਪੰਜਾਬ ਬਾਰੇ ਰੱਤੀ ਭਰ ਵੀ ਕੋਈ ਜਾਣਕਾਰੀ ਨਹੀਂ ਹੈ | ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਾਲ 2007 ਤੋਂ 2017 ਤੱਕ ਰਹੀ ਸਰਕਾਰ ਵਲੋਂ ਕਰਵਾਏ ਗਏ ਵਿਕਾਸ ਕੰਮ ਅੱਜ ਵੀ ਲੋਕਾਂ ਦੇ ਚੇਤਿਆਂ 'ਚ ਵਸੇ ਹੋਏ ਹਨ, ਜਿਸਦਾ ਸਬੂਤ ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਦੇ ਵੋਟਰਾਂ ਵਲੋਂ ਦਿੱਤੇ ਜਾ ਰਹੇ ਪਿਆਰ ਅਤੇ ਸਮਰਥਨ ਤੋਂ ਸਾਫ਼ ਦੇਖਣ ਨੂੰ ਮਿਲਦਾ ਹੈ | ਇਸ ਮੌਕੇ ਬੂਥ ਕਮੇਟੀਆਂ ਦੇ ਵਰਕਰਾਂ ਦੀਆਂ ਡਿਊਟੀਆਂ ਵੀ ਲਗਾਈਆਂ ਗਈਆਂ | ਇਸ ਮੌਕੇ ਸਾਬਕਾ ਮੰਤਰੀ ਜਥੇਦਾਰ ਹੀਰਾ ਸਿੰਘ ਗਾਬੜੀਆ, ਲੋਕ ਸਭਾ ਇੰਚਾਰਜ ਰਣਜੀਤ ਸਿੰਘ ਢਿੱਲੋਂ, ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਭਿੰਦਾ, ਰਖਵਿੰਦਰ ਸਿੰਘ ਗਾਬੜੀਆ ਅਤੇ ਹੋਰ ਅਕਾਲੀ ਆਗੂ ਵੱਡੀ ਗਿਣਤੀ 'ਚ ਮੌਜੂਦ ਸਨ |