ਲੁਧਿਆਣਾ, 2 ਸਤੰਬਰ (ਜਗਮੀਤ ਸਿੰਘ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਲੁਧਿਆਣਾ ਵਲੋਂ ਜ਼ਿਲ੍ਹਾ ਲੁਧਿਆਣਾ ਦੇ ਵੱਖ-ਵੱਖ ਸੰਭਾਵੀ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਰਾਹਤ ਸਮੱਗਰੀ ਵੰਡੀ ਗਈ | ਜ਼ਿਲ੍ਹਾ ਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ (ਡੀ.ਐਲ.ਐਸ.ਏ.) ਲੁਧਿਆਣਾ ਹਰਪ੍ਰੀਤ ਕੌਰ ਰੰਧਾਵਾ ਅਤੇ ਸੀ.ਜੇ.ਐਮ-ਕਮ-ਸਕੱਤਰ ਡੀ. ਐਲ. ਐਸ. ਏ. ਸੁਮਿਤ ਸੱਭਰਵਾਲ ਦੀ ਅਗਵਾਈ ਹੇਠ ਡੀ.ਐਲ.ਐਸ.ਏ. ਦੇ ਸਟਾਫ਼ ਮੈਂਬਰਾਂ ਅਤੇ ਪੈਰਾ ਲੀਗਲ ਵਲੰਟੀਅਰਾਂ ਦੀ ਟੀਮ ਵਲੋਂ ਲੋਕਾਂ ਨੂੰ ਖਾਣ-ਪੀਣ ਦੀਆਂ ਵਸਤਾਂ ਦੇ ਨਾਲ ਰਾਹਤ ਸਮੱਗਰੀ ਵੰਡੀ ਗਈ | ਮੌਜੂਦਾ ਸਮੇਂ ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ ਵਿਚ ਭਾਰੀ ਮੀਂਹ ਪੈ ਰਿਹਾ ਹੈ ਅਤੇ ਮੌਸਮ ਵਿਭਾਗ ਵਲੋਂ ਆਗਾਮੀ ਦਿਨਾਂ ਵਿਚ ਵੀ ਇਹ ਸਥਿਤੀ ਬਰਕਰਾਰ ਰਹਿਣ ਦੀ ਸੰਭਾਵਨਾ ਜਤਾਈ ਗਈ ਹੈ | ਅਜਿਹੇ ਨਾਜ਼ੁਕ ਹਾਲਾਤਾਂ ਨੂੰ ਮੁੱਖ ਰੱਖਦਿਆਂ ਜ਼ਿਲ੍ਹਾ ਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ ਵਲੋਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਲੁਧਿਆਣਾ ਦੇ ਸਟਾਫ਼ ਮੈਂਬਰਾਂ ਦੇ ਇਕ ਰਾਹਤ ਸੈਲ ਦਾ ਗਠਨ ਕੀਤਾ ਗਿਆ ਤਾਂ ਜੋ ਹੜ੍ਹ ਪੀੜਤ ਅਤੇ ਲੋੜਵੰਦ ਵਿਅਕਤੀਆਂ ਦੀ ਤੁਰੰਤ ਮਦਦ ਕੀਤੀ ਜਾ ਸਕੇ |