ਲੁਧਿਆਣਾ, 4 ਸਤੰਬਰ (ਜਤਿੰਦਰ ਭੰਬੀ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਭਾਰਤੀ ਫ਼ੌਜ, ਐਨ.ਡੀ.ਆਰ.ਐਫ. ਅਤੇ ਸੈਂਕੜੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਸਤਲੁਜ ਦਰਿਆ ਦੇ ਸਸਰਾਲੀ ਬੰਨ੍ਹ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਤਾਂ ਜੋ ਬੰਨ੍ਹ ਵਿਚ ਪਾੜ ਪੈਣ ਨੂੰ ਰੋਕਿਆ ਜਾ ਸਕੇ | ਇਸ ਨੂੰ ਲੈ ਕੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਵਲੋਂ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਦੇ ਨਾਲ ਧੁੱਸੀ ਬੰਦ ਦੀ ਸਥਿਤੀ ਦਾ ਮੁਲਾਂਕਣ ਕਰਨ ਲਈ ਮੌਕੇ 'ਤੇ ਨਿਰੀਖਣ ਕੀਤਾ | ਸਥਿਤੀ ਦੀ ਗੰਭੀਰਤਾ ਨੂੰ ਪਛਾਣਦੇ ਹੋਏ ਰਾਹਤ ਕਾਰਜਾਂ ਲਈ ਜੇ.ਸੀ.ਬੀ. ਅਤੇ ਪੋਕਲੇਨ ਲਗਾਈ ਗਈ | ਹਾਲਾਂਕਿ ਲੁਧਿਆਣਾ ਦੇ ਧੁੱਸੀ ਬੰਨ੍ਹ ਵਿਚ ਕੋਈ ਪਾੜ ਨਹੀਂ ਪਿਆ ਹੈ, ਪਰ ਦਰਿਆ ਦੇ ਪਾਣੀ ਦੀ ਤੇਜ਼ ਵਹਾਅ ਕਾਰਨ ਕਮਜ਼ੋਰ ਹੋਏ ਬੰਨ੍ਹ ਦੀ ਸਥਿਤੀ ਨੂੰ ਦੇਖਦੇ ਹੋਏ ਪ੍ਰਸ਼ਾਸਨ ਨੇ ਭਾਰਤੀ ਫ਼ੌਜ, ਐਨ.ਡੀ.ਆਰ.ਐਫ., ਪ੍ਰਸ਼ਾਸਨ ਅਤੇ ਪਿੰਡ ਵਾਸੀਆਂ ਦੀਆਂ ਟੀਮਾਂ ਧੁੱਸੀ ਬੰਦ ਨੂੰ ਮਜ਼ਬੂਤ ਕਰਨ ਵਿਚ ਰੁੱਝੀਆਂ ਹੋਈਆਂ ਹਨ | ਇਸ ਸਬੰਧੀ ਕੈਬਨਿਟ ਮੰਤਰੀ ਮੁੰਡੀਆਂ ਅਤੇ ਡਿਪਟੀ ਕਮਿਸ਼ਨਰ ਜੈਨ ਨੇ ਲੋਕਾਂ ਨੂੰ ਅਫ਼ਵਾਹਾਂ ਫੈਲਾਉਣ ਵਾਲਿਆਂ ਤੋਂ ਸਾਵਧਾਨ ਰਹਿਣ ਅਤੇ ਪ੍ਰਸ਼ਾਸਨ ਦੁਆਰਾ ਸਾਂਝੀ ਕੀਤੀ ਜਾ ਰਹੀ ਅਸਲ-ਸਮੇਂ ਦੀ ਜਾਣਕਾਰੀ 'ਤੇ ਭਰੋਸਾ ਕਰਨ ਦੀ ਅਪੀਲ ਵੀ ਕੀਤੀ | ਟੀਮਾਂ ਇੱਥੇ 24 ਘੰਟੇ ਕੰਮ ਕਰ ਰਹੀਆਂ ਹਨ ਅਤੇ ਵਸਨੀਕਾਂ ਦੀ ਸੁਰੱਖਿਆ ਅਤੇ ਤੰਦਰੁਸਤੀ ਲਈ ਪ੍ਰਸ਼ਾਸਨ ਦੀ ਵਚਨਬੱਧਤਾ 'ਤੇ ਜ਼ੋਰ ਦਿੱਤਾ | ਉਨ੍ਹਾਂ ਭਰੋਸਾ ਦਿੱਤਾ ਕਿ ਕਿਸੇ ਵੀ ਤਰ੍ਹਾਂ ਦੀ ਨਾਜ਼ੁਕ ਸਥਿਤੀ 'ਤੇ ਕਾਬੂ ਪਾਉਣ ਲਈ ਸਾਰੇ ਜ਼ਰੂਰੀ ਕਦਮ ਚੁੱਕੇ ਜਾ ਰਹੇ ਹਨ | ਉਨ੍ਹਾਂ ਮੌਕੇ 'ਤੇ ਪਿੰਡ ਵਾਸੀਆਂ ਦੁਆਰਾ ਦਿੱਤੀਆਂ ਜਾ ਰਹੀਆਂ ਸੇਵਾਵਾਂ ਦੀ ਵੀ ਪ੍ਰਸ਼ੰਸਾ ਕੀਤੀ | ਸਸਰਾਲੀ ਕਾਲੋਨੀ ਦੇ ਵਸਨੀਕਾਂ ਨੂੰ ਵੀ ਅਲਰਟ 'ਤੇ ਰੱਖਿਆ ਗਿਆ ਹੈ | ਬਾਅਦ ਵਿਚ, ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਵੀ ਉਥੇ ਪਹੁੰਚੇ ਅਤੇ ਧੁੱਸੀ ਬੰਨ੍ਹ ਦੇ ਮਜ਼ਬੂਤੀਕਰਨ ਦੇ ਕੰਮ ਦਾ ਨਿਰੀਖਣ ਕੀਤਾ |