ਲੁਧਿਆਣਾ, 22 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਕੇਂਦਰੀ ਜੇਲ੍ਹ ਵਿਚ ਅਧਿਕਾਰੀਆਂ ਵਲੋਂ ਚੈਕਿੰਗ ਦੌਰਾਨ ਇਕ ਮੋਬਾਈਲ ਅਤੇ ਹੋਰ ਸਾਮਾਨ ਬਰਾਮਦ ਕੀਤਾ ਹੈ | ਜਾਣਕਾਰੀ ਅਨੁਸਾਰ ਇਹਨਾਂ ਅਧਿਕਾਰੀਆਂ ਵਲੋਂ ਇਹ ਸਾਰਾ ਮਾਮਲਾ ਪੁਲਿਸ ਹਵਾਲੇ ਕਰ ਦਿੱਤਾ ਗਿਆ ਹੈ | ਪੁਲਿਸ ਵਲੋਂ ਇਸ ਸਬੰਧੀ ਸਹਾਇਕ ਸੁਪਰਡੈਂਟ ਵਿਜੇ ਕੁਮਾਰ ਦੀ ਸ਼ਿਕਾਇਤ 'ਤੇ ਹਵਾਲਾਤੀ ਅਰਵਿੰਦਰ ਕੁਮਾਰ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ | ਪੁਲਿਸ ਪਾਸ ਲਿਖਵਾਈ ਰਿਪੋਰਟ ਵਿਚ ਜੇਲ੍ਹ ਅਧਿਕਾਰੀ ਨੇ ਦੱਸਿਆ ਕਿ ਬੀਤੇ ਦਿਨ ਜਦੋਂ ਉਨ੍ਹਾਂ ਨੇ ਜੇਲ੍ਹ ਦੀ ਚੈਕਿੰਗ ਕੀਤੀ ਤਾਂ ਕਥਿਤ ਦੋਸ਼ੀ ਪਾਸੋਂ ਇਕ ਮੋਬਾਈਲ ਅਤੇ ਹੋਰ ਸਾਮਾਨ ਬਰਾਮਦ ਕੀਤਾ ਗਿਆ | ਪੁਲਿਸ ਜੇਲ੍ਹ ਅਤੇ ਪੁਲਿਸ ਅਧਿਕਾਰੀਆਂ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਇਹ ਮੋਬਾਈਲ ਅਤੇ ਹੋਰ ਸਾਮਾਨ ਕਿਸ ਤਰ੍ਹਾਂ ਨਾਲ ਜੇਲ੍ਹ ਅੰਦਰ ਆਏ | ਜੇਲ੍ਹ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਮਾਮਲੇ ਵਿਚ ਜੇਕਰ ਕੋਈ ਹੋਰ ਦੋਸ਼ੀ ਪਾਇਆ ਗਿਆ ਤਾਂ ਉਸ ਖ਼ਿਲਾਫ਼ ਵੀ ਸਖ਼ਤ ਕਾਰਵਾਈ ਕੀਤੀ ਜਾਵੇਗੀ |