ਲੁਧਿਆਣਾ, 24 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਸ਼ਹਿਰ ਦੇ ਵੱਖ-ਵੱਖ ਥਾਵਾਂ 'ਤੇ ਛਾਪਾਮਾਰੀ ਕਰਕੇ ਭਾਰੀ ਮਾਤਰਾ ਵਿਚ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਨ | ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਵਿਚ ਪੁਲਿਸ ਨੇ ਹੈਬੋਵਾਲ ਕਲਾਂ ਦੇ ਰਹਿਣ ਵਾਲੇ ਮੁੰਨਾ ਪੁੱਤਰ ਜਗਦੀਸ਼ ਕੁਮਾਰ ਨੂੰ ਕਾਬੂ ਕਰਕੇ ਉਸਦੇ ਕਬਜ਼ੇ 'ਚੋਂ ਸਾਢੇ ਚਾਰ ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਪੁਲਿਸ ਵਲੋਂ ਉਸ ਪਾਸੋਂ ਪੁੱਛ ਪੜਤਾਲ ਕੀਤੀ ਜਾ ਰਹੀ ਹੈ, ਕਈ ਹੋਰ ਪ੍ਰਗਟਾਵੇ ਹੋਣ ਦੀ ਸੰਭਾਵਨਾ ਹੈ | ਦੂਜੇ ਮਾਮਲੇ ਵਿਚ ਪੁਲਿਸ ਨੇ ਸੋਨੰੂ ਪੁੱਤਰ ਨਿਰਮਲ ਸਿੰਘ ਵਾਸੀ ਤਲਵੰਡੀ ਕਲਾਂ ਨੂੰ ਵੀ ਗਿ੍ਫ਼ਤਾਰ ਕਰਕੇ ਉਸਦੇ ਕਬਜ਼ੇ ਵਿਚੋਂ 15 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਪੁਲਿਸ ਨੇ ਉਸ ਨੰੂ ਲੁਧਿਆਣਾ-ਜਲੰਧਰ ਮੁੱਖ ਸੜਕ ਤੋਂ ਉਸ ਵੇਲੇ ਕਾਬੂ ਕੀਤਾ, ਜਦੋਂ ਉਹ ਹੈਰੋਇਨ ਦੀ ਸਪਲਾਈ ਦੇਣ ਲਈ ਜਾ ਰਿਹਾ ਸੀ | ਤੀਜੇ ਅਜਿਹੇ ਮਾਮਲੇ ਵਿਚ ਪੁਲਿਸ ਨੇ ਵਿਵੇਕ ਉਰਫ਼ ਸੂਰਜ ਵਾਸੀ ਲਾਦੀਆਂ ਕਲਾਂ ਨੂੰ ਕਾਬੂ ਕਰਕੇ ਵਿਚੋਂ 10 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਇਕ ਹੋਰ ਅਜਿਹੇ ਮਾਮਲੇ ਵਿਚ ਪੁਲਿਸ ਨੇ ਅਰੁਣ ਕੁਮਾਰ ਵਾਸੀ ਮਨੋਹਰ ਨਗਰ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ ਚਾਰ ਗ੍ਰਾਮ ਦੇ ਕਰੀਬ ਹੈਰੋਇਨ ਬਰਾਮਦ ਕੀਤੀ ਹੈ | ਪੁਲਿਸ ਅਨੁਸਾਰ ਉਕਤ ਕਥਿਤ ਦੋਸ਼ੀ ਪਿਛਲੇ ਕਾਫ਼ੀ ਸਮੇਂ ਤੋਂ ਇਸ ਧੰਦੇ ਵਿਚ ਸੀ ਤੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਇਹ ਹੈਰੋਇਨ ਸਪਲਾਈ ਕਰਦੇ ਸਨ | ਥਾਣਾ ਟਿੱਬਾ ਦੀ ਪੁਲਿਸ ਨੇ ਸਨੋਵਰ ਵਾਸੀ ਮੋਤੀ ਨਗਰ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ ਨਸ਼ੀਲਾ ਪਾਊਡਰ ਅਤੇ ਮੋਟਰਸਾਈਕਲ ਬਰਾਮਦ ਕੀਤਾ ਹੈ | ਪੁਲਿਸ ਨੇ ਉਸ ਖ਼ਿਲਾਫ਼ ਵੀ ਕੇਸ ਦਰਜ ਕਰ ਲਿਆ ਹੈ ਤੇ ਜਾਂਚ ਪੜਤਾਲ ਕੀਤੀ ਜਾ ਰਹੀ ਹੈ |