ਲੁਧਿਆਣਾ, 25 ਸਤੰਬਰ (ਜਸਵਿੰਦਰ ਸਿੰਘ)-ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਇਕ ਸਮੀਖਿਆ ਮੀਟਿੰਗ 'ਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ, ਤਾਂ ਜੋ ਮੌਜੂਦਾ ਸੀਜ਼ਨ ਦੌਰਾਨ ਕਿਸਾਨਾਂ ਦੀ ਸਹਾਇਤਾ ਲਈ ਝੋਨੇ ਦੀ ਨਿਰਵਿਘਨ ਅਤੇ ਮੁਸ਼ਕਿਲ ਰਹਿਤ ਖਰੀਦ ਪ੍ਰਕਿਰਿਆ ਨੂੰ ਯਕੀਨੀ ਬਣਾਇਆ ਜਾ ਸਕੇ | ਖੁਰਾਕ ਤੇ ਸਿਵਲ ਸਪਲਾਈ ਵਿਭਾਗ, ਮੰਡੀ ਬੋਰਡ ਅਤੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨਾਲ ਮੀਟਿੰਗ ਵਿਚ ਹਿਮਾਂਸ਼ੂ ਜੈਨ ਨੇ ਜ਼ੋਰ ਦੇ ਕੇ ਕਿਹਾ ਕਿ ਸੂਬਾ ਸਰਕਾਰ ਝੋਨੇ ਦੇ ਹਰ ਦਾਣੇ ਨੂੰ ਕੁਸ਼ਲਤਾ ਨਾਲ ਚੁੱਕਣ ਲਈ ਸਮਰਪਿਤ ਹੈ | ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਨੇ ਅਨਾਜ ਮੰਡੀਆਂ ਤੋਂ ਫਸਲ ਦੀ ਤੁਰੰਤ ਚੁਕਾਈ ਨੂੰ ਯਕੀਨੀ ਬਣਾਉਣ ਲਈ ਵਿਆਪਕ ਪ੍ਰਬੰਧ ਕੀਤੇ ਹਨ ਤਾਂ ਜੋ ਕਿਸਾਨਾਂ ਨੂੰ ਆਪਣੀ ਉਪਜ ਵੇਚਣ ਵਿੱਚ ਕੋਈ ਮੁਸ਼ਕਿਲ ਨਾ ਆਵੇ | ਕਾਰਵਾਈਆਂ ਨੂੰ ਸੁਚਾਰੂ ਬਣਾਉਣ ਲਈ, ਜੈਨ ਨੇ ਸਾਰੇ ਉਪ ਮੰਡਲ ਮੈਜਿਸਟ੍ਰੇਟਾਂ (ਐਸ.ਡੀ.ਐਮ) ਅਤੇ ਖਰੀਦ ਏਜੰਸੀਆਂ ਦੇ ਮੁਖੀਆਂ ਨੂੰ ਲੁਧਿਆਣਾ ਦੀਆਂ ਅਨਾਜ ਮੰਡੀਆਂ ਵਿੱਚ ਝੋਨੇ ਦੀ ਖਰੀਦ ਗਤੀਵਿਧੀਆਂ ਦੀ ਨਿੱਜੀ ਤੌਰ 'ਤੇ ਨਿਗਰਾਨੀ ਕਰਨ ਦੇ ਨਿਰਦੇਸ਼ ਦਿੱਤੇ | ਉਨ੍ਹਾਂ ਦੱਸਿਆ ਕਿ ਹੁਣ ਤੱਕ ਜ਼ਿਲ੍ਹਾ ਲੁਧਿਆਣਾ ਦੀਆਂ ਅਨਾਜ ਮੰਡੀਆਂ ਵਿਚ 500 ਮੀਟਿ੍ਕ ਟਨ ਝੋਨਾ ਆ ਚੁੱਕਾ ਹੈ ਅਤੇ ਅੰਦਾਜ਼ਨ 16.55 ਲੱਖ ਮੀਟਿ੍ਕ ਟਨ ਝੋਨਾ ਮੰਡੀਆਂ ਵਿਚ ਆਉਣ ਦੀ ਉਮੀਦ ਹੈ | ਗੁਣਵੱਤਾ ਨੂੰ ਯਕੀਨੀ ਬਣਾਉਣ ਲਈ, ਜੈਨ ਨੇ ਕਿਸਾਨਾਂ ਨੂੰ ਮੰਡੀਆਂ ਵਿਚ ਸਿਰਫ਼ 17 ਫ਼ੀਸਦੀ ਜਾਂ ਇਸ ਤੋਂ ਘੱਟ ਨਮੀ ਵਾਲਾ ਸੁੱਕਾ ਝੋਨਾ ਲਿਆਉਣ ਦੀ ਅਪੀਲ ਕੀਤੀ |