ਢੰਡਾਰੀ ਕਲਾਂ/ਲੁਧਿਆਣਾ, 25 ਸਤੰਬਰ (ਜਸਵੀਰ ਸਿੰਘ ਬੰਗਾ)-ਪਿਛਲੇ ਲੰਮੇ ਸਮੇਂ ਤੋਂ ਈਸਟਮੈਨ ਚੌਕ ਤੋਂ ਕੰਗਣਵਾਲ ਤੱਕ ਸੜਕ ਦੀ ਖਸਤਾ ਹਾਲਤ ਕਾਰਨ ਲੋਕ ਆਏ ਦਿਨ ਹਾਦਸਿਆਂ ਦਾ ਸ਼ਿਕਾਰ ਹੋ ਰਹੇ ਸਨ, ਜਿਸ ਕਾਰਨ ਉਨ੍ਹਾਂ ਦੇ ਵਾਹਨਾਂ ਦਾ ਵੀ ਭਾਰੀ ਨੁਕਸਾਨ ਹੋ ਰਿਹਾ ਸੀ | ਲੋਕਾਂ ਦੀ ਇਸ ਵੱਡੀ ਸਮੱਸਿਆ ਨੂੰ ਦੇਖਦਿਆਂ ਵਿਧਾਨ ਸਭਾ ਹਲਕਾ ਦੱਖਣੀ ਤੋਂ ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਤੇ ਮੇਅਰ ਪਿ੍ੰਸੀਪਲ ਇੰਦਰਜੀਤ ਕੌਰ ਨੇ ਵਾਰਡ ਨੰਬਰ 32 ਅਧੀਨ ਈਸਟਮੈਨ ਤੋਂ ਲੈ ਕੇ ਕੰਗਣਵਾਲ ਤੱਕ ਸੜਕ ਦੇ ਨਿਰਮਾਣ ਕਾਰਜ ਦਾ ਉਦਘਾਟਨ ਕੀਤਾ | ਵਿਧਾਇਕ ਛੀਨਾ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਵਲੋਂ ਇਸ ਇਲਾਕੇ ਦੀਆਂ ਸੜਕਾਂ ਦੀ ਦੇਖਭਾਲ ਨਹੀਂ ਕੀਤੀ ਗਈ ਅਤੇ ਇਹ ਸੜਕ ਪਿਛਲੇ 2 ਸਾਲ ਪਹਿਲਾ ਹੀ ਬਣਾਈ ਗਈ ਸੀ, ਪਰ ਜ਼ਿਆਦਾ ਆਵਾਜਾਈ ਹੋਣ ਕਰਕੇ ਇਹ ਸੜਕ ਟੁੱਟ ਗਈ | ਹੁਣ ਲੋਕਾਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਦੇਖਦੇ ਹੋਏ ਇਸ ਸੜਕ ਦੇ ਨਿਰਮਾਣ ਦਾ ਕੰਮ 2 ਕਰੋੜ 2 ਲੱਖ ਦੀ ਲਾਗਤ ਨਾਲ ਕਰਵਾਇਆ ਜਾਵੇਗਾ | ਉਨ੍ਹਾਂ ਦੱਸਿਆ ਕਿ ਇਨ੍ਹਾਂ ਸੜਕਾਂ ਦੇ ਨਿਰਮਾਣ ਨਾਲ ਜਿੱਥੇ ਲੋਕਾਂ ਦੀ ਆਵਾਜਾਈ ਆਸਾਨ ਹੋਵੇਗੀ, ਉੱਥੇ ਵਿਕਾਸ ਦਾ ਰਾਹ ਵੀ ਪੱਧਰਾ ਹੋਵੇਗਾ | ਵਿਧਾਇਕ ਛੀਨਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਵਿਕਾਸ ਕਾਰਜਾਂ ਲਈ ਗਰਾਂਟਾਂ ਜਾਰੀ ਕਰ ਰਹੀ ਹੈ |