ਲੁਧਿਆਣਾ, 26 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਰੇਲਵੇ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਦੋ ਨੌਜਵਾਨਾਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਲੱਖਾਂ ਰੁਪਏ ਮੁੱਲ ਦੀ ਹੈਰੋਇਨ ਬਰਾਮਦ ਕੀਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਰੇਲਵੇ ਦੇ ਐਸ.ਐਚ.ਓ. ਪਲਵਿੰਦਰ ਸਿੰਘ ਨੇ ਦੱਸਿਆ ਕਿ ਕਾਬੂ ਕੀਤੇ ਗਏ ਕਥਿਤ ਦੋਸ਼ੀਆਂ ਵਿਚ ਸੋਨੰੂ ਪੁੱਤਰ ਕਰਨੈਲ ਸਿੰਘ ਅਤੇ ਰਮਨਦੀਪ ਸਿੰਘ ਪੁੱਤਰ ਸ਼ਿੰਗਾਰਾ ਸਿੰਘ ਸ਼ਾਮਿਲ ਹਨ ਅਤੇ ਜਲਾਲਾਬਾਦ ਦੇ ਰਹਿਣ ਵਾਲੇ ਹਨ | ਉਨ੍ਹਾਂ ਦੱਸਿਆ ਕਿ ਪਿਛਲੇ ਕੁੱਝ ਸਮੇਂ ਤੋਂ ਇਹ ਕਥਿਤ ਦੋਸ਼ੀ ਹੈਰੋਇਨ ਲਿਆ ਕੇ ਲੁਧਿਆਣਾ ਤੇ ਆਸ-ਪਾਸ ਦੇ ਇਲਾਕਿਆਂ ਵਿਚ ਸਪਲਾਈ ਕਰ ਰਹੇ ਸਨ | ਅੱਜ ਜਦੋਂ ਇਹ ਰੇਲਵੇ ਸਟੇਸ਼ਨ 'ਤੇ ਆਏ ਤਾਂ ਚੈਕਿੰਗ ਦੌਰਾਨ ਪੁਲਿਸ ਨੇ ਜਦੋਂ ਇਹਨਾਂ ਦੀ ਤਲਾਸ਼ੀ ਲਈ ਤਾਂ ਇਹਨਾਂ ਦੇ ਕਬਜ਼ੇ ਵਿਚੋਂ 100 ਗ੍ਰਾਮ ਹੈਰੋਇਨ ਬਰਾਮਦ ਕੀਤੀ, ਜਿਸਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ ਲੱਖਾਂ ਰੁਪਏ ਦੱਸੀ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਗਏ ਕਥਿਤ ਦੋਸ਼ੀਆਂ ਨੂੰ ਭਲਕੇ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਿਲ ਕੀਤਾ ਜਾਵੇਗਾ ਤਾਂ ਜੋ ਇਹਨਾਂ ਦੇ ਸੰਬੰਧਾਂ ਬਾਰੇ ਜਾਣਕਾਰੀ ਹਾਸਿਲ ਕੀਤੀ ਜਾ ਸਕੇ | ਪੁਲਿਸ ਇਹਨਾਂ ਪਾਸੋਂ ਹੋਰ ਵੀ ਪੁੱਛ ਪੜਤਾਲ ਕਰ ਰਹੀ ਹੈ |