ਲੁਧਿਆਣਾ, 26 ਸਤੰਬਰ (ਜਸਵਿੰਦਰ ਸਿੰਘ)-ਗੁਰੂ ਅੰਗਦ ਦੇਵ ਵੈਟਰਨਰੀ ਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ, ਲੁਧਿਆਣਾ ਦੇ ਦੋ ਦਿਨਾਂ ਪਸ਼ੂ ਪਾਲਣ ਮੇਲੇ ਦਾ ਉਦਘਾਟਨ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਆਪਣੇ ਕਰ ਕਮਲਾਂ ਨਾਲ ਕੀਤਾ | ਉਹ ਮੇਲੇ ਦੇ ਵਿਭਿੰਨ ਸਟਾਲਾਂ 'ਤੇ ਗਏ, ਉਨ੍ਹਾਂ ਨੇ ਪਸ਼ੂਧਨ ਕਿੱਤਿਆਂ ਸੰਬੰਧੀ ਤੇ ਬਿਹਤਰ ਨਸਲਾਂ ਬਾਰੇ ਜਾਣਨ ਲਈ ਵਿਸ਼ੇਸ਼ ਰੁਚੀ ਵਿਖਾਈ | ਉਨ੍ਹਾਂ ਨੇ ਕਿਸਾਨਾਂ ਲਈ ਖੋਜ ਤਕਨਾਲੋਜੀਆਂ ਤੇ ਹੋਰ ਸਹੂਲਤਾਂ ਦੇ ਪ੍ਰਦਰਸ਼ਨ ਲਈ ਯੂਨੀਵਰਸਿਟੀ ਅਧਿਕਾਰੀਆਂ ਦੇ ਯਤਨਾਂ ਦੀ ਸ਼ਲਾਘਾ ਕੀਤੀ | ਉਨ੍ਹਾਂ ਕਿਹਾ ਕਿ ਸੰਸਥਾਵਾਂ ਦੇ ਵਿਕਾਸ ਲਈ ਹੋਰ ਫੰਡਾਂ ਦੀ ਲੋੜ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਰਾਜ ਦੇ ਹੜ੍ਹ ਪ੍ਰਭਾਵਿਤ ਨਾਗਰਿਕਾਂ ਲਈ ਮੁਫ਼ਤ ਬੀਜ ਅਤੇ ਹੋਰ ਸਹਾਇਤਾ ਪ੍ਰਦਾਨ ਕਰਨ ਲਈ ਆਪਣੀ ਪੂਰੀ ਕੋਸ਼ਿਸ਼ ਕਰ ਰਹੀ ਹੈ | ਉਨ੍ਹਾਂ ਕਿਸਾਨਾਂ ਦੀ ਮਦਦ ਲਈ ਸਾਰੇ ਵਰਗਾਂ ਦੇ ਯਤਨਾਂ ਦੀ ਸ਼ਲਾਘਾ ਕੀਤੀ | ਉਨ੍ਹਾਂ ਐਲਾਨ ਕੀਤਾ ਕਿ ਪੰਜਾਬ ਮੰਡੀ ਬੋਰਡ ਨੁਕਸਾਨੀਆਂ ਗਈਆਂ ਸੜਕਾਂ ਦੇ ਨਿਰਮਾਣ ਅਤੇ ਹੋਰ ਕਿਸੇ ਵੀ ਜ਼ਰੂਰਤ ਲਈ ਵੈਟਰਨਰੀ ਯੂਨੀਵਰਸਿਟੀ ਨੂੰ ਲੋੜੀਂਦੇ ਫੰਡ ਪ੍ਰਦਾਨ ਕਰੇਗਾ | ਮੇਲੇ ਦੇ ਉਦਘਾਟਨੀ ਸਮਾਗਮ 'ਚ ਡਾ. ਸੁਖਪਾਲ ਸਿੰਘ, ਚੇਅਰਮੈਨ, ਪੰਜਾਬ ਰਾਜ ਕਿਸਾਨ ਅਤੇ ਖੇਤ ਕਿਰਤੀ ਕਮਿਸ਼ਨ, ਡਾ. ਸਤਿਬੀਰ ਸਿੰਘ ਗੋਸਲ, ਉਪ-ਕੁਲਪਤੀ, ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਮਹਿੰਦਰ ਸਿੰਘ ਸਿੱਧੂ, ਚੇਅਰਮੈਨ ਪਨਸੀਡ ਅਤੇ ਯੂਨੀਵਰਸਿਟੀ ਦੇ ਅਧਿਕਾਰੀ ਅਤੇ ਅਧਿਆਪਕ ਤੇ ਕਰਮਚਾਰੀ ਮੌਜੂਦ ਸਨ | ਡਾ. ਜਤਿੰਦਰ ਪਾਲ ਸਿੰਘ ਗਿੱਲ, ਉਪ-ਕੁਲਪਤੀ, ਵੈਟਰਨਰੀ ਯੂਨੀਵਰਸਿਟੀ ਨੇ ਕਿਹਾ ਕਿ ਇਸ ਵਾਰ ਦਾ ਮੇਲਾ ਡੇਅਰੀ ਪਸ਼ੂਆਂ ਦੀ ਅਗਲੀ ਨਸਲ ਭਾਵ ਕਟੜੂਆਂ-ਵਛੜੂਆਂ ਨੰੂ ਬਿਹਤਰ ਸੰਭਾਲ ਦੇਣ ਸੰਬੰਧੀ ਜਾਗਰੂਕਤਾ ਦੇਵੇਗਾ, ਇਸੇ ਲਈ ਇਸ ਵਾਰ ਦੇ ਮੇਲੇ ਦਾ ਨਾਅਰਾ ਰੱਖਿਆ ਹੈ 'ਕਟੜੂ-ਵਛੜੂ ਦਾ ਸੁਚੱਜਾ ਪ੍ਰਬੰਧ, ਬਣਾਏ ਡੇਅਰੀ ਕਿੱਤੇ ਨੂੰ ਲਾਹੇਵੰਦ' | ਉਨ੍ਹਾਂ ਕਿਹਾ ਕਿ ਪਸ਼ੂ ਪਾਲਣ ਕਿੱਤਿਆਂ ਦੀਆਂ ਉਨਤ ਸੰਭਾਵਨਾਵਾਂ ਨੂੰ ਵੇਖਦੇ ਹੋਏ ਕਿਸਾਨ ਵੱਡੇ ਪੱਧਰ 'ਤੇ ਇਨ੍ਹਾਂ ਕਿੱਤਿਆਂ ਪ੍ਰਤੀ ਰੁਝਾਨ ਰੱਖਦੇ ਹਨ | ਉਨ੍ਹਾਂ ਇਹ ਵੀ ਕਿਹਾ ਕਿ ਕਿੱਤਾ ਸ਼ੁਰੂ ਕਰਨ ਤੋਂ ਪਹਿਲਾਂ ਕਿਸਾਨ ਵੀਰ ਸਿਖਲਾਈ ਲੈ ਕੇ ਵਿਗਿਆਨਕ ਵਿਉਂਤ ਨਾਲ ਹੀ ਕਿੱਤਾ ਸ਼ੁਰੂ ਕਰਨ | ਕਿਸਾਨਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਨੇ ਪਸ਼ੂ ਪਾਲਣ ਖੇਤਰ ਦੇ ਵਿਕਾਸ ਸੰਬੰਧੀ ਯੂਨੀਵਰਸਿਟੀ ਦੀਆਂ ਵੱਖ-ਵੱਖ ਸਹੂਲਤਾਂ ਤੇ ਸੇਵਾਵਾਂ ਬਾਰੇ ਚਾਨਣਾ ਪਾਇਆ | ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਹਮੇਸ਼ਾ ਕਿਸਾਨਾਂ ਦੀ ਸੇਵਾ ਲਈ ਹਰ ਮੌਕੇ 'ਤੇ ਉਪਲਬਧ ਹੈ | ਮੇਲੇ ਸੰਬੰਧੀ ਡਾ. ਰਵਿੰਦਰ ਸਿੰਘ ਗਰੇਵਾਲ, ਨਿਰਦੇਸ਼ਕ ਪਸਾਰ ਸਿੱਖਿਆ ਨੇ ਜਾਣਕਾਰੀ ਦਿੱਤੀ ਕਿ ਕਾਫ਼ੀ ਵੱਡੀ ਗਿਣਤੀ ਵਿਚ ਲੋਕ ਬੱਕਰੀ, ਸੂਰ ਤੇ ਮੱਛੀਆਂ ਪਾਲਣ ਦੇ ਧੰਦੇ ਅਪਣਾਉਣ ਸੰਬੰਧੀ ਗਿਆਨ ਲੈ ਰਹੇ ਸਨ | ਉਹ ਯੂਨੀਵਰਸਿਟੀ ਵਲੋਂ ਭਵਿੱਖ ਵਿਚ ਕਰਵਾਏ ਜਾ ਰਹੇ ਸਿਖਲਾਈ ਕੋਰਸਾਂ ਬਾਰੇ ਜਾਣਕਾਰੀ ਲੈਣ ਲਈ ਵੀ ਜਗਿਆਸੂ ਸਨ | ਯੂਨੀਵਰਸਿਟੀ ਵਲੋਂ ਪਸ਼ੂ ਪਾਲਕਾਂ ਲਈ ਪ੍ਰਕਾਸ਼ਿਤ ਕੀਤੀਆਂ ਜਾਂਦੀਆਂ ਪੁਸਤਕਾਂ ਜਿਵੇਂ ਡੇਅਰੀ ਫਾਰਮਿੰਗ, ਪਸ਼ੂਆਂ ਦੀ ਸਿਹਤ ਸੰਭਾਲ ਅਤੇ ਪਾਲਣ ਸਬੰਧੀ ਸਮੱਸਿਆਵਾਂ ਅਤੇ ਮਹੀਨੇਵਾਰ ਰਸਾਲੇ 'ਵਿਗਿਆਨਕ ਪਸ਼ੂ ਪਾਲਣ' ਨੂੰ ਵੀ ਪਸ਼ੂ ਪਾਲਕਾਂ ਅਤੇ ਨੌਜਵਾਨਾਂ ਨੇ ਬਹੁਤ ਪਸੰਦ ਕੀਤਾ | ਯੂਨੀਵਰਸਿਟੀ ਵਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਅਤੇ ਵਿਸ਼ੇਸ਼ਤਾਵਾਂ ਬਾਰੇ ਪਰਚੇ ਵੀ ਵੰਡੇ ਗਏ | ਯੂਨੀਵਰਸਿਟੀ ਦੇ ਵੈਟਰਨਰੀ ਕਾਲਜ ਦੇ ਵਿਭਿੰਨ ਵਿਭਾਗਾਂ ਨੇ ਪਸ਼ੂ ਪਾਲਕਾਂ ਦੇ ਫਾਇਦੇ ਹਿਤ ਪਸ਼ੂਆਂ ਨੂੰ ਹੋਣ ਵਾਲੀਆਂ ਬਿਮਾਰੀਆਂ ਅਤੇ ਸਮੱਸਿਆਵਾਂ ਸੰਬੰਧੀ ਵਿਸ਼ੇਸ਼ ਜਾਣਕਾਰੀ ਦਿੱਤੀ | ਵਿਭਾਗਾਂ ਨੇ ਆਪਣੇ ਵੱਖ-ਵੱਖ ਸਟਾਲ ਲਗਾ ਕੇ ਪਸ਼ੂਆਂ ਦੀ ਹਰ ਉਲਝਣ 'ਤੇ ਰੌਸ਼ਨੀ ਪਾਈ | ਦੁੱਧ ਦੀ ਜਾਂਚ ਕਿੱਟ, ਲੇਵੇ ਦੀ ਸੋਜ ਤੋਂ ਬਚਾਊ ਕਿੱਟ, ਥਣਾਂ ਦੀ ਸੰਭਾਲ ਦੀ ਜਾਣਕਾਰੀ ਤੇ ਚਿੱਚੜਾਂ, ਮਲੱਪਾਂ ਤੋਂ ਬਚਾਅ ਵਾਸਤੇ ਵੀ ਪ੍ਰਦਰਸ਼ਨੀ ਲਾਈ ਗਈ ਸੀ, ਜਿਸ ਦਾ ਪਸ਼ੂ ਪਾਲਕਾਂ ਨੇ ਕਾਫ਼ੀ ਫਾਇਦਾ ਪ੍ਰਾਪਤ ਕੀਤਾ | ਯੂਨੀਵਰਸਿਟੀ ਦੇ ਫਿਸ਼ਰੀਜ ਕਾਲਜ ਨੇ ਜਿੱਥੇ ਕਾਰਪ ਮੱਛੀਆਂ ਤੇ ਸਜਾਵਟੀ ਮੱਛੀਆਂ ਦਾ ਪ੍ਰਦਰਸ਼ਨ ਕੀਤਾ, ਉਥੇ ਉਨ੍ਹਾਂ ਨੇ ਖਾਰੇ ਪਾਣੀ ਵਿਚ ਮੱਛੀ ਪਾਲਣ ਅਤੇ ਝੀਂਗਾ ਪਾਲਣ ਸਬੰਧੀ ਵੀ ਜਾਣਕਾਰੀ ਪ੍ਰਦਾਨ ਕੀਤੀ | ਡਕਵੀਡ ਅਤੇ ਅਜ਼ੋਲਾ ਨੂੰ ਮੱਛੀ ਦੀ ਫੀਡ ਅਤੇ ਪਸ਼ੂ ਆਹਾਰ ਦੇ ਤੌਰ 'ਤੇ ਕਿਵੇਂ ਵਰਤਿਆ ਜਾ ਸਕਦਾ ਹੈ, ਉਸ ਸੰਬੰਧੀ ਉਨ੍ਹਾਂ ਨੂੰ ਪੂਰਨ ਜਾਣਕਾਰੀ ਦਿੱਤੀ ਗਈ | ਕਾਲਜ ਆਫ਼ ਡੇਅਰੀ ਅਤੇ ਫੂਡ ਸਾਇੰਸ ਤਕਨਾਲੋਜੀ ਦੇ ਡੇਅਰੀ ਪਲਾਂਟ 'ਚ ਤਿਆਰ ਕੀਤੀ ਭਿੰਨ-ਭਿੰਨ ਤਰ੍ਹਾਂ ਦੀ ਮਿੱਠੀ ਅਤੇ ਨਮਕੀਨ ਲੱਸੀ, ਦੁੱਧ, ਪਨੀਰ, ਢੋਡਾ ਬਰਫ਼ੀ, ਅਤੇ ਹੋਰ ਕਈ ਉਤਪਾਦਾਂ ਦਾ ਪ੍ਰਦਰਸ਼ਨ ਕੀਤਾ ਅਤੇ ਮੇਲੇ 'ਚ ਆਏ ਲੋਕਾਂ ਨੇ ਇਸ ਦਾ ਭਰਪੂਰ ਆਨੰਦ ਮਾਣਿਆ | ਯੂਨੀਵਰਸਿਟੀ ਦੇ ਵੱਖੋ ਵੱਖਰੇ ਵਿਭਾਗ, ਮਿਲਕਫੈੱਡ, ਦਵਾਈਆਂ, ਟੀਕਿਆਂ ਦੀਆਂ ਫਰਮਾਂ ਅਤੇ ਦੁੱਧ ਪ੍ਰਾਸੈਸਿੰਗ ਮਸ਼ੀਨਰੀ ਵਾਲੀਆਂ ਕੰਪਨੀਆਂ ਨੇ ਆਪਣੇ ਸਟਾਲ ਲਗਾਏ ਹੋਏ ਸਨ |