ਲੁਧਿਆਣਾ, 26 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਪਿੰਡ ਲਹਿਰਾ ਵਿਖੇ ਪੰਜ ਦਿਨ ਪਹਿਲਾਂ ਆਮ ਆਦਮੀ ਪਾਰਟੀ ਦੇ ਆਗੂ ਅਤੇ ਸਰਪੰਚ ਦੇ ਘਰ 'ਤੇ ਹਮਲਾ ਕਰਨ ਦੇ ਮਾਮਲੇ 'ਚ ਪੁਲਿਸ ਨੇ ਤਿੰਨ ਨੌਜਵਾਨਾਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਭਾਰੀ ਮਾਤਰਾ 'ਚ ਹਥਿਆਰ ਬਰਾਮਦ ਕੀਤੇ ਹਨ | ਇਸ ਸੰਬੰਧੀ ਡੀ. ਸੀ. ਪੀ. ਹਰਪਾਲ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਇਹ ਕਾਰਵਾਈ ਸੀ. ਆਈ. ਏ. ਸਟਾਫ ਦੇ ਇੰਚਾਰਜ ਇੰਸਪੈਕਟਰ ਅਵਤਾਰ ਸਿੰਘ ਦੀ ਅਗਵਾਈ ਹੇਠਲੀ ਪੁਲਿਸ ਪਾਰਟੀ ਨੇ ਅਮਲ ਵਿਚ ਲਿਆਂਦੀ ਹੈ ਅਤੇ ਕਾਬੂ ਕੀਤੇ ਗਏ ਕਥਿਤ ਦੋਸ਼ੀਆਂ 'ਚ ਕੁਲਦੀਪ ਸਿੰਘ ਉਰਫ਼ ਮਾਣਕ ਵਾਸੀ ਪਿੰਡ ਲਹਿਰਾ, ਸੁਖਚੈਨ ਸਿੰਘ ਉਰਫ਼ ਚੈਨਾ ਵਾਸੀ ਪਿੰਡ ਮੂਮ ਜ਼ਿਲ੍ਹਾ ਬਰਨਾਲਾ ਤੇ ਗੁਰਮਨ ਜੋਤ ਸਿੰਘ ਪੁੱਤਰ ਮੋਹਨ ਸਿੰਘ ਵਾਸੀ ਪਿੰਡ ਚੱਕਰ ਸ਼ਾਮਿਲ ਹਨ | ਉਨ੍ਹਾਂ ਦੱਸਿਆ ਕਿ ਪੁਲਿਸ ਨੇ ਇਨ੍ਹਾਂ ਦੇ ਕਬਜ਼ੇ ਵਿਚੋਂ ਇਕ ਪਿਸਤੌਲ, ਦੋ ਬੰਦੂਕਾਂ, ਕਾਰ ਤੇ ਰੋਂਦ ਬਰਾਮਦ ਕੀਤੇ ਹਨ | ਉਨ੍ਹਾਂ ਦੱਸਿਆ ਕਿ ਕੁਲਦੀਪ ਸਿੰਘ ਉਰਫ਼ ਮਾਣਕ ਖ਼ਿਲਾਫ਼ ਵੱਖ-ਵੱਖ ਥਾਣਿਆਂ 'ਚ ਸੱਤ ਮਾਮਲੇ ਦਰਜ ਹਨ, ਜਦ ਕਿ ਸੁਖਚੈਨ ਸਿੰਘ ਦੋ ਮਾਮਲਿਆਂ ਦਾ ਸਾਹਮਣਾ ਕਰ ਰਿਹਾ ਹੈ | ਗੁਰਮਨ ਜੋਤ ਸਿੰਘ ਖ਼ਿਲਾਫ਼ ਵੀ ਪੁਲਿਸ ਵਲੋਂ ਵੱਖ-ਵੱਖ ਥਾਣਿਆਂ 'ਚ ਦੋ ਮਾਮਲੇ ਦਰਜ ਕੀਤੇ ਗਏ ਹਨ ਅਤੇ ਇਹ ਸਾਰੇ ਇਨ੍ਹਾਂ ਮਾਮਲਿਆਂ ਵਿਚੋਂ ਜ਼ਮਾਨਤ 'ਤੇ ਬਾਹਰ ਹਨ | ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਸੁਖਵਿੰਦਰ ਸਿੰਘ ਛਿੰਦਾ ਇਨ੍ਹਾਂ ਕਥਿਤ ਦੋਸ਼ੀਆਂ ਨੂੰ ਨਸ਼ਾ ਵੇਚਣ ਤੋਂ ਰੋਕਦਾ ਸੀ, ਜਿਸ ਕਾਰਨ ਇਹ ਕਥਿਤ ਦੋਸ਼ੀ ਉਸ ਤੋਂ ਰੰਜਿਸ਼ ਰੱਖਣ ਲੱਗ ਪਏ ਅਤੇ ਇਸ ਰੰਜਿਸ਼ ਤਹਿਤ ਹੀ ਇਨ੍ਹਾਂ ਕਥਿਤ ਦੋਸ਼ੀਆਂ ਵਲੋਂ ਉਸ ਦੇ ਘਰ 'ਤੇ ਹਮਲਾ ਕਰ ਦਿੱਤਾ ਤੇ ਘਰ 'ਚ ਖੜ੍ਹੀ ਕਾਰ ਨੂੰ ਅੱਗ ਲਗਾ ਦਿੱਤੀ ਅਤੇ ਉੱਥੇ ਕਈ ਰੋਂਦ ਗੋਲੀਆਂ ਚਲਾਈਆਂ | ਉਸ ਦੱਸਿਆ ਕਿ ਇਨ੍ਹਾਂ ਕਥਿਤ ਦੋਸ਼ੀਆਂ ਵਲੋਂ ਸਰਪੰਚ ਸੁਖਵਿੰਦਰ ਸਿੰਘ ਛਿੰਦਾ ਦੀ ਫ਼ੈਕਟਰੀ ਨੂੰ ਵੀ ਅੱਗ ਲਗਾਉਣ ਦੀ ਕੋਸ਼ਿਸ਼ ਕੀਤੀ ਗਈ ਸੀ | ਪੁਲਿਸ ਵਲੋਂ ਇਸ ਸੰਬੰਧੀ ਪਹਿਲਾਂ ਹੀ ਕੇਸ ਦਰਜ ਕੀਤਾ ਗਿਆ ਸੀ | ਕਾਬੂ ਕੀਤੇ ਕਥਿਤ ਦੋਸ਼ੀਆਂ ਪਾਸੋਂ ਪੁਲਿਸ ਹੋਰ ਵੀ ਪੁੱਛ ਪੜਤਾਲ ਕਰ ਰਹੀ ਹੈ ਤੇ ਕਈ ਹੋਰ ਪ੍ਰਗਟਾਵੇ ਹੋਣ ਦੀ ਸੰਭਾਵਨਾ ਹੈ | ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਸ ਮਾਮਲੇ ਵਿਚ ਜੇਕਰ ਕੋਈ ਹੋਰ ਦੋਸ਼ੀ ਪਾਇਆ ਗਿਆ ਤਾਂ ਉਸ ਖ਼ਿਲਾਫ਼ ਵੀ ਕਾਰਵਾਈ ਕੀਤੀ ਜਾਵੇਗੀ |