ਲੁਧਿਆਣਾ, 26 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਹਿਮਾਂਸ਼ੂ ਜੈਨ ਵਲੋਂ ਜ਼ਿਲ੍ਹਾ ਲੁਧਿਆਣਾ ਦੀ ਹਦੂਦ ਅੰਦਰ ਸ਼ਾਮ 6.00 ਵਜੇ ਤੋਂ ਸਵੇਰੇ 10.00 ਵਜੇ ਤੱਕ ਕੰਬਾਈਨਾਂ ਨਾਲ ਝੋਨਾ ਕੱਟਣ 'ਤੇ ਪਾਬੰਦੀ ਦੇ ਆਦੇਸ਼ ਜਾਰੀ ਕੀਤੇ ਹਨ | ਡਿਪਟੀ ਕਮਿਸ਼ਨਰ ਵਲੋਂ ਇਨਾਂ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਅਤੇ ਕੰਬਾਈਨਾਂ ਜ਼ਬਤ ਕਰਨ ਦੀ ਵੀ ਚੇਤਾਵਨੀ ਦਿੱਤੀ ਹੈ | ਇਸ ਤੋਂ ਇਲਾਵਾ ਜ਼ਿਲ੍ਹਾ ਲੁਧਿਆਣਾ ਅੰਦਰ ਝੋਨੇ ਦੀ ਕਟਾਈ ਕਰਨ ਵਾਲੀਆਂ ਕੰਬਾਈਨਾਂ ਦੇ ਮਾਲਕਾਂ ਨੂੰ ਹਦਾਇਤ ਕੀਤੀ ਗਈ ਕਿ ਹਾਰਵੈਸਟਰ ਕੰਬਾਈਨ ਦੀ ਵਰਤੋਂ ਕਰਨ ਤੋਂ ਪਹਿਲਾਂ ਇਸਦੀ ਖੇਤੀਬਾੜੀ ਵਿਭਾਗ ਰਾਹੀਂ ਅਪਰੇਸ਼ਨ ਵਰਦੀਨੈਸ ਇੰਸਪੈਕਸ਼ਨ ਕਰਵਾਈ ਜਾਵੇ, ਕੋਈ ਵੀ ਕੰਬਾਈਨ ਸੁਪਰ ਐਸ.ਐਮ.ਐਸ. ਤੋਂ ਬਗੈਰ ਨਾ ਵਰਤੀ ਜਾਵੇ ਅਤੇ ਨਿਰਧਾਰਿਤ ਸਮੇਂ ਵਿਚ ਹੀ ਝੋਨੇ ਦੀ ਕਟਾਈ ਕੀਤੀ ਜਾਵੇ | ਜ਼ਿਲ੍ਹਾ ਮੈਜਿਸਟਰੇਟ ਨੇ ਸਪਸ਼ਟ ਕੀਤਾ ਕਿ ਜੇਕਰ ਕਿਸਾਨਾਂ ਵਲੋਂ ਸ਼ਾਮ 6.00 ਵਜੇ ਤੋਂ ਬਾਅਦ ਜਾਂ ਸਵੇਰੇ 10.00 ਵਜੇ ਤੋਂ ਪਹਿਲਾਂ ਝੋਨੇ ਕਟਾਈ ਕੀਤੀ ਜਾਂਦੀ ਹੈ ਤਾਂ ਉਨ੍ਹਾਂ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਦੇ ਨਾਲਨਾਲ ਕੰਬਾਈਨ ਵੀ ਜ਼ਬਤ ਕਰ ਲਈ ਜਾਵੇਗੀ |