ਲੁਧਿਆਣਾ, 27 ਸਤੰਬਰ (ਜਤਿੰਦਰ ਭੰਬੀ)-ਪੰਜਾਬ ਸਰਕਾਰ ਦੇ ਕੀਤੇ ਐਲਾਨ ਅਤੇ ਲਿਖਤ ਵਾਅਦਿਆਂ ਤੋਂ ਭੱਜਣ ਦੇ ਰੋਸ ਨੂੰ ਲੈ ਕੇ ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ ਦੇ ਬੈਨਰ ਹੇਠ 28 ਸਤੰਬਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦਾ ਘਿਰਾਓ ਕੀਤਾ ਜਾਵੇਗਾ | ਇਹ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਪ੍ਰਧਾਨ ਹਰ ਰਾਏ ਕੁਮਾਰ ਅਤੇ ਸੂਬਾ ਜਨਰਲ ਸਕੱਤਰ ਹਰਪ੍ਰੀਤ ਸਿੰਘ ਨੇ ਅੱਜ ਹੋਈ ਮੀਟਿੰਗ ਉਪਰੰਤ ਸਾਂਝੇ ਤੌਰ 'ਤੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਬਾਅਦ ਲਗਭਗ 80 ਦੇ ਕਰੀਬ ਮੀਟਿੰਗਾਂ ਸਬ-ਕਮੇਟੀ, ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਸਿੱਖਿਆ ਅਤੇ ਵਿੱਤ ਵਿਭਾਗ ਦੇ ਆਲਾ ਅਫ਼ਸਰਾਂ ਨਾਲ ਜੱਥੇਬੰਦੀ ਦੀਆਂ ਹੋ ਚੁੱਕੀਆਂ ਹਨ, ਜਿਨ੍ਹਾਂ ਵਿਚ ਜੱਥੇਬੰਦੀ ਦੇ ਪੱਲੇ ਲਾਰਿਆਂ ਤੋਂ ਸਿਵਾਏ ਕੁੱਝ ਨਹੀਂ ਪਾਇਆ, ਭਾਵੇਂ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨੇ ਕੰਪਿਊਟਰ ਅਧਿਆਪਕਾਂ ਨੂੰ 2022 ਦੀ ਦੀਵਾਲੀ 'ਤੇ ਪੂਰਨ ਰੂਪ ਵਿਚ ਸਿਵਲ ਸੇਵਾਵਾਂ ਦੇ ਨਿਯਮ ਅਤੇ 6ਵਾਂ ਤਨਖ਼ਾਹ ਕਮਿਸ਼ਨ ਦੀਵਾਲੀ ਤੋਂ ਪਹਿਲਾਂ ਲਾਗੂ ਕਰਨ ਦਾ ਐਲਾਨ ਅਖ਼ਬਾਰਾਂ, ਸੋਸ਼ਲ ਮੀਡੀਆ ਅਤੇ ਆਪਣੀ ਆਮ ਆਦਮੀ ਪਾਰਟੀ ਦੇ ਵੱਖ ਵੱਖ ਮੰਚਾਂ 'ਤੇ ਕਈ ਵਾਰ ਕੀਤਾ ਗਿਆ ਸੀ | ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਕੰਪਿਊਟਰ ਅਧਿਆਪਕਾਂ ਨੂੰ ਅੱਜ ਤੱਕ ਸਮੇਂ ਸਿਰ ਤਨਖ਼ਾਹਾਂ ਦੇਣ ਵਿਚ ਵੀ ਨਾਕਾਮ ਰਹੀ ਹੈ, ਜਦੋਂ ਕਿ ਬਾਕੀ ਸਾਰੇ ਮੁਲਾਜ਼ਮਾਂ ਨੂੰ ਹਰ ਮਹੀਨੇ ਦੀ ਪਹਿਲੀ ਜਾਂ ਦੂਜੀ ਤਾਰੀਕ ਨੂੰ ਤਨਖ਼ਾਹ ਮਿਲ ਜਾਂਦੀ ਹੈ, ਜਿਸ ਕਾਰਨ ਸੂਬੇ ਦੇ ਸਾਰੇ ਕੰਪਿਊਟਰ ਅਧਿਆਪਕਾਂ ਵਿਚ ਸਰਕਾਰ ਪ੍ਰਤੀ ਭਾਰੀ ਰੋਸ ਹੈ | ਜਥੇਬੰਦੀ ਵਲੋਂ 28 ਸਤੰਬਰ 2025 ਨੂੰ ਗੁਰੀਲਾ ਢੰਗ ਨਾਲ ਗੁਪਤ ਐਕਸ਼ਨ ਕੀਤਾ ਜਾਵੇਗਾ, ਜਿਸ ਦੀ ਪੂਰਨ ਰੂਪ 'ਚ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ | ਇਸ ਮੌਕੇ 'ਤੇ ਵਿਪਨ ਪਾਲ ਗੁਰੂ, ਦਵਿੰਦਰ ਬਾਂਸਲ, ਜਸਪ੍ਰੀਤ ਸਿੰਘ, ਕੁਲਪ੍ਰੀਤ ਸਿੰਘ, ਸੰਦੀਪ ਵਾਲੀਆ ਅਤੇ ਹੋਰ ਕੰਪਿਊਟਰ ਅਧਿਆਪਕ ਵੀ ਹਾਜ਼ਰ ਸਨ |