ਲੁਧਿਆਣਾ, 27 ਸਤੰਬਰ (ਡਾ. ਤਰਲੋਚਨ ਸਿੰਘ)-ਪੰਜਾਬ ਸਰਕਾਰ ਵਸਨੀਕਾਂ ਨੂੰ ਲੋਕ ਭਲਾਈ ਸਕੀਮਾਂ ਦਾ ਲਾਭ ਘਰ-ਘਰ ਪਹੁੰਚਾਉਣ ਲਈ ਵਚਨਬੱਧ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਵਲੋਂ ਆਪਣੇ ਗਿੱਲ ਰੋਡ ਮੁੱਖ ਦਫ਼ਤਰ ਵਿਖੇ 100 ਤੋਂ ਵੱਧ ਲਾਭਪਾਤਰੀਆਂ ਨੂੰ ਬੁਢਾਪਾ ਪੈਨਸ਼ਨ ਪ੍ਰਦਾਨ ਕਰਦਿਆਂ ਕੀਤਾ | ਵਿਧਾਇਕ ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਸਮਾਜਿਕ ਸੁਰੱਖਿਆ ਸਕੀਮਾਂ ਦਾ ਲਾਭ ਲੋਕਾਂ ਦੇ ਘਰ ਤੱਕ ਪਹੁੰਚਾਉਣ ਦੀ ਪ੍ਰਕਿਰਿਆ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਵਲੋਂ ਜਾਰੀ ਵੱਖ-ਵੱਖ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ | ਉਨ੍ਹਾਂ ਬੁਢਾਪਾ ਪੈਨਸ਼ਨ ਦੇ ਯੋਗ ਲਾਭਪਾਤਰੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਆਧਾਰ ਨੰਬਰ, ਬੈਂਕ ਖਾਤਾ ਨੰਬਰ, ਦੋ ਪਾਸਪੋਰਟ-ਸਾਈਜ਼ ਤਸਵੀਰਾਂ ਨਾਲ ਦਫ਼ਤਰ ਜ਼ਿਲ੍ਹਾ ਸਮਾਜਿਕ ਸੁਰੱਖਿਆ ਜਾਂ ਉਨ੍ਹਾਂ ਦੇ ਨਿੱਜੀ ਦਫ਼ਤਰ ਵਿਖੇ ਸੰਪਰਕ ਕਰ ਸਕਦੇ ਹਨ ਤਾਂ ਜੋ ਇਸ ਸਕੀਮ ਦਾ ਵੱਧ ਤੋਂ ਵੱਧ ਲਾਭ ਲਿਆ ਜਾ ਸਕੇ |