ਲੁਧਿਆਣਾ, 27 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਵਲੋਂ ਸਕੂਲਾਂ ਤੇ ਕਾਲਜਾਂ ਦੇ ਬਾਹਰ ਸਿਗਰਟਾਂ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਦਾ ਫ਼ੈਸਲਾ ਕੀਤਾ ਹੈ | ਇਸ ਮਕਸਦ ਨੂੰ ਲੈ ਕੇ ਅੱਜ ਪੁਲਿਸ ਵਲੋਂ ਵੱਖ-ਵੱਖ ਥਾਵਾਂ 'ਤੇ ਛਾਪਾਮਾਰੀ ਕੀਤੀ ਗਈ | ਏ.ਡੀ.ਸੀ.ਪੀ. ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਕੁੱਝ ਸਿਗਰਟਾਂ ਵੇਚਣ ਵਾਲੇ ਦੁਕਾਨਦਾਰਾਂ ਅਤੇ ਖੋਖਾ ਮਾਲਕਾਂ ਵਲੋਂ ਬੱਚਿਆਂ ਨੂੰ ਈ ਸਿਗਰਟਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ, ਜਿਸ ਕਾਰਨ ਇਹ ਕਾਰਵਾਈ ਅਮਲ ਵਿਚ ਲਿਆਂਦੀ ਗਈ | ਉਨ੍ਹਾਂ ਦੱਸਿਆ ਕਿ ਨਾਬਾਲਗ ਬੱਚਿਆਂ ਨੂੰ ਕੁੱਝ ਦੁਕਾਨਦਾਰਾਂ ਵਲੋਂ ਇਹ ਸਿਗਰਟਾਂ ਮਹਿੰਗੇ ਭਾਅ 'ਤੇ ਵੇਚੀਆਂ ਜਾਂਦੀਆਂ | ਉਨ੍ਹਾਂ ਦੱਸਿਆ ਕਿ ਇਸ ਕਾਰਨ ਇਹ ਮੁਹਿੰਮ ਸ਼ੁਰੂ ਕੀਤੀ ਗਈ ਹੈ | ਉਨ੍ਹਾਂ ਦੱਸਿਆ ਕਿ ਮੁਹਿੰਮ ਦੌਰਾਨ ਜਿਹੜਾ ਵੀ ਦੋਸ਼ੀ ਪਾਇਆ ਗਿਆ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ | ਉਨ੍ਹਾਂ ਦੱਸਿਆ ਕਿ ਅੱਜ ਕੁੱਝ ਦੁਕਾਨਾਂ ਦੀ ਚੈਕਿੰਗ ਕੀਤੀ ਗਈ ਹੈ, ਪਰ ਹਾਲ ਦੀ ਘੜੀ ਪੁਲਿਸ ਇਹ ਕੋਈ ਬਰਾਮਦਗੀ ਨਹੀਂ ਕੀਤੀ ਹੈ | ਉਨ੍ਹਾਂ ਦੱਸਿਆ ਕਿ ਇਹ ਮੁਹਿੰਮ ਆਉਣ ਵਾਲੇ ਦਿਨਾਂ ਵਿਚ ਵੀ ਜਾਰੀ ਰਹੇਗੀ |